ਟ੍ਰਿਬਿਊਨ ਨਿਊਜ ਸਰਵਿਸ
ਚੰਡੀਗੜ੍ਹ, 8 ਮਈ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਸ਼ਬਦਾਂ ’ਚ ਕਿਹਾ ਕਿ ਕਰੋਨਾ ਦਾ ਫੈਲਾਅ ਰੋਕਣ ਲਈ ਲਾਈਆਂ ਪਾਬੰਦੀਆਂ ਦੀ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਮੁੱਖ ਮੰਤਰੀ ਨੇ ਇਹ ਵੀ ਆਖਿਆ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਨੂੰ ਸਾਬੋਤਾਜ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਕਿਉਂਕਿ ਰਾਜ ਸਰਕਾਰ ਖੇਤੀ ਕਾਨੂੰਨਾਂ ਦੀ ਜ਼ੋਰਦਾਰ ਮੁਖਾਲਫਤ ਕਰਦੀ ਹੈ।
ਮੁੱਖ ਮੰਤਰੀ ਨੇ ਕਿਹਾ, ‘ਜ਼ਿੰਦਗੀਆਂ ਦਾਅ ਉਤੇ ਲੱਗੀਆਂ ਹੋਈਆਂ ਹਨ ਜਿਨ੍ਹਾਂ ਨੂੰ ਬਚਾਉਣਾ ਸਾਡੀ ਤਰਜੀਹ ਹੈ ਤੇ ਇਹ ਹਰੇਕ ਪੰਜਾਬੀ ਦੀ ਵੀ ਜ਼ਿੰਮੇਵਾਰੀ ਬਣਦੀ ਹੈ।’ ਉਨ੍ਹਾਂ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਅਤੇ ਭਾਰਤੀ ਕਿਸਾਨ ਯੂਨੀਅਨ (ਏਕਤਾ ਡਕੌਂਦਾ) ਦੇ ਨੇਤਾਵਾਂ ਨੂੰ ਇਸ ਮੁੱਦੇ ਉਤੇ ਬੀਤੇ ਦਿਨ ਉਨ੍ਹਾਂ ਵੱਲੋਂ ਕੀਤੀਆਂ ਟਿੱਪਣੀਆਂ ਨੂੰ ਹੋਰ ਰੰਗਤ ਨਾ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਅੱਜ ਮੁੜ ਕਿਹਾ ਕਿ ਕਿਸੇ ਨੂੰ ਵੀ ਲੋਕਾਂ ਦੀਆਂ ਜਾਨਾਂ ਨਾਲ ਖੇਡਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਮੁੱਖ ਮੰਤਰੀ ਨੇ ਕਿਹਾ ਕਿ ਦੋ ਜਥੇਬੰਦੀਆਂ ਦੇ ਆਗੂਆਂ ਨੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਬਾਰੇ ਉਨ੍ਹਾਂ ਦੇ ਇਰਾਦਿਆਂ ਬਾਰੇ ਸ਼ੰਕੇ ਪੈਦਾ ਕਰਨ ਲਈ ਉਨ੍ਹਾਂ ਦੇ ਬਿਆਨ ਨੂੰ ਗਲਤ ਢੰਗ ਨਾਲ ਪੇਸ਼ ਕੀਤਾ। ਮੁੱਖ ਮੰਤਰੀ ਨੇ ਪੁੱਛਿਆ, ‘ਸਾਡੀ ਸਰਕਾਰ ਕਿਸਾਨਾਂ ਦੇ ਹਿੱਤਾਂ ਖ਼ਿਲਾਫ਼ ਕਿਵੇਂ ਜਾ ਸਕਦੀ ਹੈ ਜਦਕਿ ਮੇਰੀ ਸਰਕਾਰ ਦੇਸ਼ ਵਿੱਚ ਪਹਿਲੀ ਸੀ ਜਿਸ ਨੇ ਕੇਂਦਰੀ ਖੇਤੀ ਕਾਨੂੰਨਾਂ ਨੂੰ ਬੇਅਸਰ ਕਰਨ ਲਈ ਵਿਧਾਨ ਸਭਾ ਵਿੱਚ ਸੋਧ ਬਿੱਲ ਲਿਆਂਦੇ।’ ਉਨ੍ਹਾਂ ਕਿਹਾ, ‘ਇਹ ਰਾਜਨੀਤੀ ਕਰਨ ਦਾ ਵੇਲਾ ਨਹੀਂ ਬਲਕਿ ਹਰੇਕ ਵਿਅਕਤੀ ਦੀ ਜਾਨ ਬਚਾਉਣ ਲਈ ਸਾਨੂੰ ਸਾਰੀਆਂ ਸ਼ਕਤੀਆਂ ਜੋੜਨ ਦੀ ਲੋੜ ਹੈ।’ ਕੋਵਿਡ ਸੰਕਟ ਨਾਲ ਨਜਿੱਠਣ ਲਈ ਕਿਸਾਨਾਂ ਨੂੰ ਸੂਬਾ ਸਰਕਾਰ ਨੂੰ ਸਮਰਥਨ ਅਤੇ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੀਆਂ ਜ਼ਿੰਦਗੀਆਂ ਅਤੇ ਉਨ੍ਹਾਂ ਦੀ ਸੁਰੱਖਿਆ ਸੂਬਾ ਸਰਕਾਰ ਦੀ ਵੱਡੀ ਪਹਿਲ ਹੈ। ਉਨ੍ਹਾਂ ਇਹ ਦੁਹਰਾਇਆ ਕਿ ਕੋਵਿਡ ਸੰਕਟ ਦੇ ਚੱਲਦਿਆਂ ਉਹ ਕਿਸੇ ਵੀ ਪੰਜਾਬੀ ਦੀ ਜਾਨ ਨੂੰ ਖਤਰੇ ਵਿੱਚ ਨਹੀਂ ਪੈਣ ਦੇਣਗੇ।
ਕਰੋਨਾ ਦੇ ਟਾਕਰੇ ਲਈ ਰਾਧਾ ਸੁਆਮੀ ਸਤਿਸੰਗ ਤੋਂ ਸਹਿਯੋਗ ਮੰਗਿਆ
ਚੰਡੀਗੜ੍ਹ (ਟਨਸ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿਚ ਕੋਵਿਡ ਮਹਾਮਾਰੀ ਵਿਰੁੱਧ ਲੜਾਈ ’ਚ ਰਾਧਾ ਸੁਆਮੀ ਸਤਿਸੰਗ ਬਿਆਸ ਤੋਂ ਸਹਿਯੋਗ ਮੰਗਿਆ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਵੀ ਇਸ ਸਬੰਧ ਵਿਚ ਸਤਿਸੰਗ ਦੀਆਂ ਵੱਖ-ਵੱਖ ਸ਼ਾਖਾਵਾਂ ਵਿਚ ਅਧਿਕਾਰਤ ਨੁਮਾਇੰਦਿਆਂ ਨਾਲ ਨੇੜਿਓਂ ਤਾਲਮੇਲ ਕਰਨ ਦੇ ਆਦੇਸ਼ ਦਿੱਤੇ ਹਨ। ਸਤਿਸੰਗ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੂੰ ਲਿਖੇ ਪੱਤਰ ਵਿਚ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਕੋਵਿਡ ਮਰੀਜ਼ਾਂ ਦੇ ਇਲਾਜ ਲਈ ਸਾਰੀਆਂ ਸ਼ਾਖਾਵਾਂ ਉਪਲੱਬਧ ਕਰਵਾਉਣ ਅਤੇ ਇਸ ਉਦੇਸ਼ ਲਈ ਅਟੈਡੈਂਟ ਤਾਇਨਾਤ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਸਤਿਸੰਗ ਦੇ ਮੁਖੀ ਨੂੰ ਸੂਬਾ ਭਰ ਵਿਚ ਕੋਵਿਡ ਪ੍ਰਭਾਵਿਤ ਲੋਕਾਂ ਲਈ ਦਵਾਈਆਂ ਅਤੇ ਹੋਰ ਰਾਹਤ ਸਮੱਗਰੀ ਦੇ ਰੂਪ ਵਿਚ ਸਹਾਇਤਾ ਦੇਣ ਦੀ ਵੀ ਬੇਨਤੀ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਸੂਬਾ ਸਰਕਾਰ ‘ਮਿਸ਼ਨ ਫਤਹਿ’ ਦੇ ਤਹਿਤ ਕੋਵਿਡ ਮਰੀਜ਼ਾਂ ਦੇ ਬਿਹਤਰ ਇਲਾਜ ਨੂੰ ਯਕੀਨੀ ਬਣਾਉਣ ਲਈ ਠੋਸ ਉਪਰਾਲੇ ਕਰ ਰਹੀ ਹੈ ਪਰ ਲਗਾਤਾਰ ਵਧ ਰਹੇ ਕੇਸਾਂ ਦੇ ਮੱਦੇਨਜ਼ਰ ਧਾਰਮਿਕ ਸੰਸਥਾਵਾਂ, ਗੈਰ-ਸਰਕਾਰੀ ਸੰਸਥਾਵਾਂ ਅਤੇ ਹੋਰ ਅਜਿਹੀਆਂ ਜਥੇਬੰਦੀਆਂ ਦੇ ਵਿਆਪਕ ਸਹਿਯੋਗ ਦੀ ਲੋੜ ਹੈ। ਮੁੱਖ ਮੰਤਰੀ ਨੇ ਬੀਤੇ ਸਾਲ ਸੂਬੇ ਦੀ ਕੋਵਿਡ ਵਿਰੁੱਧ ਜੰਗ ਵਿਚ ਰਾਧਾ ਸੁਆਮੀ ਸਤਿਸੰਗ ਬਿਆਸ ਦੀਆਂ ਸ਼ਾਨਦਾਰ ਸੇਵਾਵਾਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਇਸ ਨਾਲ ਹਾਲਾਤ ਸਥਿਰ ਬਣਾਉਣ ਵਿਚ ਮਦਦ ਮਿਲੀ ਸੀ। ਉਨ੍ਹਾਂ ਕਿਹਾ ਕਿ ਮਾਹਿਰਾਂ ਨੇ ਅਗਲੀ ਲਹਿਰ ਦੀ ਵੀ ਚਿਤਾਵਨੀ ਦਿੱਤੀ ਹੈ। ਇਸ ਲਈ ਸਾਂਝੇ ਯਤਨਾਂ ਦੀ ਜ਼ਰੂਰਤ ਹੈ।