ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 29 ਅਕਤੂਬਰ
ਸ੍ਰੀ ਦਰਬਾਰ ਸਾਹਿਬ ਸਮੂਹ ਵਿੱਚ 24 ਅਕਤੂਬਰ ਨੂੰ ਹੋਈ ਹਿੰਸਕ ਝੜਪ ਦੇ ਮਾਮਲੇ ਵਿੱਚ ਅੱਜ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਪੁਲੀਸ ਕਮਿਸ਼ਨਰ ਨੂੰ ਮੰਗ ਪੱਤਰ ਦੇ ਕੇ ਮਾਮਲੇ ਦੀ ਜਾਂਚ ਕਿਸੇ ਉੱਚ ਪੁਲੀਸ ਅਧਿਕਾਰੀ ਕੋਲੋਂ ਕਰਵਾਉਣ ਅਤੇ ਸਿੱਖ ਜਥੇਬੰਦੀਆਂ ਦੇ ਆਗੂਆਂ ਖ਼ਿਲਾਫ਼ ਦਰਜ ਕੇਸ ਰੱਦ ਕਰਨ ਦੀ ਮੰਗ ਕੀਤੀ ਹੈ।
ਸਤਿਕਾਰ ਕਮੇਟੀ ਦੇ ਆਗੂ ਬਲਬੀਰ ਸਿੰਘ ਸਮੇਤ ਹੋਰਨਾਂ ਜਥੇਬੰਦੀਆਂ ਦੇ ਆਗੂਆਂ ਸੁਖਜੀਤ ਸਿੰਘ ਖੋਸਾ, ਦਿਲਬਾਗ ਸਿੰਘ, ਤਰਲੋਚਨ ਸਿੰਘ ਸੋਹਲ, ਲਖਬੀਰ ਸਿੰਘ, ਮਨਜੀਤ ਸਿੰਘ ਝਬਾਲ ਅਤੇ ਬੀਬੀ ਮਨਜਿੰਦਰ ਕੌਰ ਨੇ ਪੁਲੀਸ ਕਮਿਸ਼ਨਰ ਦੇ ਦਫ਼ਤਰ ਵਿਚ ਇਹ ਪੱਤਰ ਦਿੱਤਾ। ਸ਼੍ਰੋਮਣੀ ਕਮੇਟੀ ਨੇ ਇਨ੍ਹਾਂ ਸਿੱਖ ਆਗੂਆਂ ਖ਼ਿਲਾਫ਼ ਕੇਸ ਦਰਜ ਕਰਾਇਆ ਸੀ। ਇਨ੍ਹਾਂ ਸਿੱਖ ਆਗੂਆਂ ਨੇ ਪੁਲੀਸ ਕਮਿਸ਼ਨਰ ਨੂੰ ਅਪੀਲ ਕੀਤੀ ਕਿ ਉਨ੍ਹਾਂ ਖ਼ਿਲਾਫ਼ ਲਾਏ ਦੋਸ਼ਾਂ ਦੀ ਜਾਂਚ ਕਿਸੇ ਉੱਚ ਪੁਲੀਸ ਅਧਿਕਾਰੀ ਕੋਲੋਂ ਕਰਵਾਈ ਜਾਵੇ, 24 ਅਕਤੂਬਰ ਦੀ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੇਖੀ ਜਾਵੇ, ਉਨ੍ਹਾਂ ਖ਼ਿਲਾਫ਼ ਦਰਜ ਕੇਸ ਰੱਦ ਕੀਤਾ ਜਾਵੇ ਅਤੇ ਗ੍ਰਿਫ਼ਤਾਰੀ ’ਤੇ ਰੋਕ ਲਾਈ ਜਾਵੇ। ਉਨ੍ਹਾਂ ਸਿੱਖ ਕਾਰਕੁਨਾਂ ’ਤੇ ਹਮਲਾ ਕਰਨ ਦੇ ਦੋਸ਼ ਹੇਠ ਸ਼੍ਰੋਮਣੀ ਕਮੇਟੀ ਕਰਮਚਾਰੀਆਂ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਵੀ ਕੀਤੀ।
ਸਿੱਖ ਆਗੂਆਂ ਨੇ ਆਖਿਆ ਕਿ ਉਹ ਇਕ ਮਹੀਨੇ ਤੋਂ ਵੱਧ ਸਮੇਂ ਤੋਂ ਸ਼੍ਰੋਮਣੀ ਕਮੇਟੀ ਦਫ਼ਤਰ ਨੇੜੇ ਧਰਨਾ ਦੇ ਰਹੇ ਹਨ। 24 ਅਕਤੂਬਰ ਨੂੰ ਉਹ ਸ਼ਾਂਤਮਈ ਢੰਗ ਨਾਲ ਧਰਨੇ ’ਤੇ ਬੈਠੇ ਸਨ ਕਿ ਸਾਜ਼ਿਸ਼ ਤਹਿਤ ਉਨ੍ਹਾਂ ਨੂੰ ਅਗਵਾ ਕਰ ਕੇ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਚ ਨਾਜਾਇਜ਼ ਢੰਗ ਨਾਲ ਬੰਦੀ ਬਣਾਇਆ ਗਿਆ ਅਤੇ ਬੇਤਹਾਸ਼ਾ ਕੁੱਟਮਾਰ ਕੀਤੀ ਗਈ। ਇਸ ਦੌਰਾਨ ਕਈ ਸਿੱਖ ਕਾਰਕੁਨ ਜ਼ਖ਼ਮੀ ਹੋ ਗਏ। ਉਨ੍ਹਾਂ ਕਿਹਾ ਕਿ ਇਸ ਦੀ ਸੱਚਾਈ ਉੱਥੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਤੋਂ ਪਤਾ ਲਾਈ ਜਾ ਸਕਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਆਪਣੇ ਆਪ ਨੂੰ ਖ਼ੁਦ ਸੱਟਾਂ ਲਾ ਕੇ ਜ਼ਖ਼ਮੀ ਕੀਤਾ ਹੈ ਅਤੇ ਆਪਣੇ ਹੀ ਹਸਪਤਾਲ ਵਿਚ ਦਾਖ਼ਲ ਹੋ ਗਏ ਤਾਂ ਜੋ ਮਨਮਰਜ਼ੀ ਦੀ ਮੈਡੀਕਲ ਰਿਪੋਰਟ ਤਿਆਰ ਕੀਤੀ ਜਾ ਸਕੇ। ਉਨ੍ਹਾਂ ਦੋਸ਼ ਲਾਇਆ ਕਿ ਇਸ ਮਾਮਲੇ ਵਿਚ ਕੁਝ ਪੁਲੀਸ ਅਧਿਕਾਰੀ ਵੀ ਕਥਿਤ ਤੌਰ ’ਤੇ ਸ਼੍ਰੋਮਣੀ ਕਮੇਟੀ ਨਾਲ ਮਿਲੇ ਹੋਏ ਹਨ।
ਮੁੱਖ ਮੰਤਰੀ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੀ ਕੋਸ਼ਿਸ਼: ਲੌਂਗੋਵਾਲ
ਤਲਵੰਡੀ ਸਾਬੋ (ਪੱਤਰ ਪ੍ਰੇਰਕ): ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਇੱਥੇ ਇੱਕ ਸਮਾਗਮ ਮਗਰੋਂ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੇ ਹਨ ਪਰ ਉਹ ਆਪਣੇ ਮਨਸੂਬਿਆਂ ਵਿੱਚ ਕਾਮਯਾਬ ਨਹੀਂ ਹੋਣਗੇ। ਊਨ੍ਹਾਂ ਕਿਹਾ ਕਿ ਸਤਿਕਾਰ ਕਮੇਟੀ ਦੇ ਆਗੂ ਪਿਛਲੇ 40 ਦਿਨਾਂ ਤੋਂ ਦਰਬਾਰ ਸਾਹਿਬ ਕੰਪਲੈਕਸ ਅੱਗੇ ਧਰਨਾ ਦੇ ਰਹੇ ਸਨ, ਜਿੱਥੇ ਉਹ ਮਾੜੀਆਂ ਹਰਕਤਾਂ ਕਰਦੇ ਸਨ। ਊਨ੍ਹਾਂ ਦਾਅਵਾ ਕੀਤਾ ਕਿ ਧਰਨਾਕਾਰੀਆਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਿੱਚ ਦਖ਼ਲਅੰਦਾਜ਼ੀ ਦੀ ਕੋਸ਼ਿਸ਼ ਕੀਤੀ ਅਤੇ ਰੋਕਣ ’ਤੇ ਧਰਮੀ ਫ਼ੌਜੀਆਂ ’ਤੇ ਕਿਰਪਾਨਾਂ ਨਾਲ ਹਮਲਾ ਕਰ ਦਿੱਤਾ। ਹਮਲਾਵਰਾਂ ਨੂੰ ਜੇਲ੍ਹਾਂ ਵਿੱਚ ਸੁੱਟਣ ਦੀ ਥਾਂ ਪੰਜਾਬ ਸਰਕਾਰ ਨੇ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਖ਼ਿਲਾਫ਼ ਹੀ ਕੇਸ ਦਰਜ ਕਰ ਦਿੱਤੇ। ਉਨ੍ਹਾਂ ਕੈਪਟਨ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਸ਼੍ਰੋਮਣੀ ਕਮੇਟੀ ਨਾਲ ਟਕਰਾਅ ਵਾਲਾ ਜਾਂ ਦਾਖ਼ਲਅੰਦਾਜ਼ੀ ਵਾਲਾ ਮਾਹੌਲ ਬਣਾਉਣ ਤੋਂ ਗੁਰੇਜ਼ ਕੀਤਾ ਜਾਵੇ।