ਗੁਰਬਖਸ਼ਪੁਰੀ
ਤਰਨ ਤਾਰਨ, 15 ਅਪਰੈਲ
ਸਾਬਕਾ ਅਕਾਲੀ ਵਿਧਾਇਕ ਅਤੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਵਿਰਸਾ ਸਿੰਘ ਵਲਟੋਹਾ ਨੂੰ ਅੱਜ ਇੱਥੋਂ ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਚਰਨਜੀਤ ਅਰੋੜਾ ਦੀ ਅਦਾਲਤ ਨੇ ਕਰੀਬ 38 ਸਾਲ ਪੁਰਾਣੇ ਪੱਟੀ ਸ਼ਹਿਰ ਦੇ ਡਾਕਟਰ ਸੁਦਰਸ਼ਨ ਤ੍ਰੇਹਨ ਦੇ ਕਤਲ ਕੇਸ ਵਿੱਚੋਂ ਬਰੀ ਕਰ ਦਿੱਤਾ ਹੈ। ਅਕਾਲੀ ਆਗੂ ਖ਼ਿਲਾਫ਼ ਇਹ ਕੇਸ ਕੈਪਟਨ ਅਮਰਿੰਦਰ ਸਿੰਘ ਦੇ ਮੁੜ ਸੱਤਾ ਵਿੱਚ ਆਉਣ ’ਤੇ ਕਰੀਬ ਸਵਾ ਦੋ ਸਾਲ ਪਹਿਲਾਂ ਖੋਲ੍ਹਿਆ ਗਿਆ ਸੀ|
ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਇਹ ਸਭ ਕੁਝ ਉਨ੍ਹਾਂ ਦੇ ਸਿਆਸੀ ਜੀਵਨ ’ਤੇ ਦਾਗ਼ ਲਗਾਉਣ ਅਤੇ ਉਨ੍ਹਾਂ ਨੂੰ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕਰਨ ਲਈ ਗਿਣੀ ਮਿੱਥੀ ਸਾਜ਼ਿਸ਼ ਤਹਿਤ ਕੀਤਾ ਗਿਆ ਸੀ। ਇਸ ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ ’ਤੇ ਦੁਬਾਰਾ ਚਲਾਨ ਪੇਸ਼ ਕੀਤਾ ਗਿਆ ਜਦਕਿ ਇਸ ਕੇਸ ਵਿੱਚੋਂ ਸੈਸ਼ਨ ਅਦਾਲਤ ਅੰਮ੍ਰਿਤਸਰ ਨੇ ਉਨ੍ਹਾਂ ਨੂੰ 1991 ਵਿੱਚ ਜ਼ਮਾਨਤ ਦੇ ਦਿੱਤੀ ਸੀ ਅਤੇ ਮਗਰੋਂ ਸਬੰਧਤ ਅਦਾਲਤ ਵੱਲੋਂ ਉਨ੍ਹਾਂ ਨੂੰ ਇਸ ਕੇਸ ਵਿੱਚੋਂ ਬਰੀ ਕਰ ਦਿੱਤਾ ਗਿਆ ਸੀ। ਸ੍ਰੀ ਵਲਟੋਹਾ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਕੇਸ ਵਿੱਚ ਗ਼ਲਤ ਫਸਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਸਿੰਘਾਂ ਦੀ ਰਿਹਾਈ ਲਈ ਗੰਭੀਰਤਾ ਨਾਲ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਨੇ ਆਪਣੇ ਵਕੀਲਾਂ ਦਾ ਧੰਨਵਾਦ ਕੀਤਾ। ਸ੍ਰੀ ਵਲਟੋਹਾ ਨੇ ਰੋਸ ਜ਼ਾਹਰ ਕਰਦਿਆਂ ਕਿਹਾ ਕਿ ਉਨ੍ਹਾਂ ਨਾਲ ਹੋਈ ਇਸ ਵਧੀਕੀ ’ਤੇ ਕੋਈ ਵੀ ਪੰਥਕ ਧਿਰ ਜਾਂ ਪੰਥਕ ਆਗੂ ਕੁਝ ਨਹੀਂ ਬੋਲਿਆ।