ਰਵੇਲ ਸਿੰਘ ਭਿੰਡਰ
ਪਟਿਆਲਾ, 14 ਜੂਨ
ਪੱਕੇ ਮੋਰਚੇ ’ਤੇ ਬੈਠੇ ਐੱਨਐੱਸਕਿਊਐੱਫ ਵੋਕੇਸ਼ਨਲ ਅਧਿਆਪਕਾਂ ਵੱਲੋਂ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਥਾਨਕ ਰਿਹਾਇਸ਼ ਨਿਊ ਮੋਤੀ ਬਾਗ ਪੈਲੇਸ ਵੱਲ ਰੋਸ ਮਾਰਚ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਘੰਟਿਆਂਬੱਧੀ ਚੌਕ ਵਿੱਚ ਧਰਨਾ ਦੇ ਕੇ ਉਨ੍ਹਾਂ ਦੇ ਮਸਲੇ ਹੱਲ ਕਰਨ ’ਤੇ ਜ਼ੋਰ ਦਿੱਤਾ। ਇਸ ਮੌਕੇ ਮੌਜੂਦ ਵੱਡੀ ਗਿਣਤੀ ਪੁਲੀਸ ਨੇ ਚੌਕ ਤੋਂ ਪੈਲੇਸ ਵੱਲ ਜਾਣ ਵਾਲੀ ਸੜਕ ’ਤੇ ਰੋਕਾਂ ਲਾਈਆਂ ਹੋਈਆਂ ਸਨ।
ਜਾਣਕਾਰੀ ਅਨੁਸਾਰ ਵੋਕੇਸ਼ਨਲ ਅਧਿਆਪਕਾਂ ਨੇ ਪਹਿਲਾਂ ਪੱਕੇ ਮੋਰਚੇ ਵਾਲੀ ਜਗ੍ਹਾ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਨੇੜੇ ਰੈਲੀ ਕੀਤੀ। ਇਸ ਦੌਰਾਨ ਅਧਿਆਪਕਾਂ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 1910 ਅਧਿਆਪਕਾਂ ਨੂੰ 22 ਕੰਪਨੀਆਂ ਦੇ ਲੇਬਲ ਅਧੀਨ ਸਿੱਖਿਆ ਵਿਭਾਗ ਵਿਚ ਭਰਤੀ ਕੀਤਾ ਗਿਆ ਸੀ, ਜਿਸ ਲਈ ਕਾਰਪੋਰੇਟ ਘਰਾਣਿਆਂ ਨੂੰ ਸਾਲਾਨਾ ਲਗਪਗ ਛੇ ਕਰੋੜ ਰੁਪਏ ਰਾਸ਼ੀ ਅਦਾ ਕੀਤੀ ਜਾਂਦੀ ਹੈ ਪਰ ਇਨ੍ਹਾਂ ਅਧਿਆਪਕਾਂ ਨੂੰ 17 ਹਜ਼ਾਰ ਰੁਪਏ ਮਹੀਨਾ ਤਨਖਾਹ ਕਹਿ ਕੇ ਸਿਰਫ 11 ਹਜ਼ਾਰ ਰੁਪਏ ਮਹੀਨਾ ਹੀ ਦਿੱਤਾ ਜਾਂਦਾ ਹੈ। ਕਾਂਗਰਸ ਸਰਕਾਰ ਨੇ ਸੱਤਾ ’ਚ ਆਉਣ ਤੋਂ ਪਹਿਲਾਂ ਉਨ੍ਹਾਂ ਦੇ ਮਸਲੇ ਹੱਲ ਕਰਨ ਦਾ ਇਕਰਾਰ ਕੀਤਾ ਸੀ ਪਰ ਹੁਣ ਉਹ ਭੁੱਲ ਚੁੱਕੇ ਹਨ।
ਪੱਕੇ ਮੋਰਚੇ ’ਚ ਰੈਲੀ ਮਗਰੋਂ ਪ੍ਰਦਰਸ਼ਨਕਾਰੀਆਂ ਨੇ ਸ਼ਹਿਰ ’ਚ ਰੋਸ ਮਾਰਚ ਕਰਦੇ ਹੋਏ ਨਿਊ ਮੋਤੀ ਬਾਗ ਪੈਲੇਸ ਵੱਲ ਵਹੀਰਾਂ ਘੱਤੀਆਂ। ਜਦੋਂ ਪੁਲੀਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਰੋਕਿਆ ਤਾਂ ਉਹ ਵਾਈਪੀਐੱਸ ਚੌਕ ਵਿੱਚ ਹੀ ਧਰਨੇ ’ਤੇ ਬੈਠ ਗਏ। ਪ੍ਰਦਰਸ਼ਨਕਾਰੀ ਮੁੱਖ ਮੰਤਰੀ ਜਾਂ ਅਹਿਮ ਰੁਤਬੇ ਵਾਲੇ ਅਧਿਕਾਰੀ ਨਾਲ ਗੱਲਬਾਤ ਦਾ ਸਮਾਂ ਤੈਅ ਕਰਨ ਦੀ ਮੰਗ ਕਰ ਰਹੇ ਸਨ। ਢਾਈ ਘੰਟਿਆਂ ਮਗਰੋਂ ਪ੍ਰਸ਼ਾਸਨ ਵੱਲੋਂ 18 ਜੂਨ ਨੂੰ ਸਿੱਖਿਆ ਮੰਤਰੀ ਨਾਲ ਪੈਨਲ ਮੀਟਿੰਗ ਦਾ ਸੱਦਾ ਮਿਲਣ ਮਗਰੋਂ ਪ੍ਰਦਸ਼ਨਕਾਰੀਆਂ ਨੇ ਧਰਨਾ ਚੁੱਕ ਲਿਆ।