ਵੋਕੇਸ਼ਨਲ ਟੀਚਰਜ਼ ਫਰੰਟ ਵੱਲੋਂ ਪੱਕਾ ਮੋਰਚਾ ਸ਼ੁਰੂ
ਸਰਕਾਰ ਅਤੇ ਸਿੱਖਿਆ ਵਿਭਾਗ ਖ਼ਿਲਾਫ਼ ਨਾਅਰੇਬਾਜ਼ੀ; ਵਿਭਾਗ ਵਿਚ ਰਲੇਵੇਂ ਦੀ ਮੰਗ
ਐੱਨ ਐੱਸ ਕਿਊ ਐੱਫ ਵੋਕੇਸ਼ਨਲ ਟੀਚਰਜ਼ ਫਰੰਟ ਪੰਜਾਬ ਵੱਲੋਂ ਸਿੱਖਿਆ ਵਿਭਾਗ ਦੇ ਮੁਹਾਲੀ ਦੇ ਫੇਜ਼ ਅੱਠ ਸਥਿਤ ਸਿੱਖਿਆ ਭਵਨ ਅੱਗੇ ਪੱਕਾ ਮੋਰਚਾ ਆਰੰਭ ਦਿੱਤਾ ਗਿਆ ਹੈ। ਉਹ 12 ਸਾਲਾਂ ਤੋਂ ਸਕੂਲਾਂ ਵਿੱਚ ਕੰਮ ਰਹੇ 3,720 ਵੋਕੇਸ਼ਨਲ ਅਧਿਆਪਕਾਂ ਦੀਆਂ ਸੇਵਾਵਾਂ ਦਾ ਸਿੱਖਿਆ ਵਿਭਾਗ ਵਿਚ ਰਲੇਵਾਂ ਕਰਨ, ਨੌਕਰੀ ਦੀ ਲੋੜੀਂਦੀ ਸੁਰੱਖਿਆ ਅਤੇ ਤਨਖਾਹਾਂ ਵਿਚ ਵਾਧੇ ਦੀ ਮੰਗ ਕਰ ਰਹੇ ਹਨ। ਧਰਨਾਕਾਰੀ ਅਧਿਆਪਕਾਂ ਨੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਸਰਕਾਰ ਉਤੇ ਸ਼ੋਸ਼ਣ ਕਰਨ ਦਾ ਦੋਸ਼ ਲਾਇਆ। ਧਰਨੇ ਵਿਚ ਮਹਿਲਾ ਅਧਿਆਪਕ ਆਪਣੇ ਬੱਚਿਆਂ ਸਮੇਤ ਸ਼ਾਮਲ ਹੋਏ।
ਫਰੰਟ ਦੇ ਆਗੂਆਂ ਰਣਜੀਤ ਸਿੰਘ, ਭੁਪਿੰਦਰ ਸਿੰਘ, ਗੁਰਜੀਤ ਸਿੰਘ, ਮਹਿਤਾਬ ਸਿੰਘ, ਮਨਪ੍ਰੀਤ ਸਿੰਘ ਆਦਿ ਨੇ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ 3720 ਕੰਮ ਕਰ ਰਹੇ ਵੋਕੇਸ਼ਨਲ ਅਧਿਆਪਕਾਂ ਨੂੰ ਪੰਜਾਬ ਸਰਕਾਰ ਨੇ ਆਊਟ ਸੋਰਸ/ਕੰਪਨੀਆਂ ਅਧੀਨ ਭਰਤੀ ਕੀਤਾ ਹੋਇਆ ਹੈ। ਸਰਕਾਰ ਨੂੰ 12 ਸਾਲਾਂ ਤੋਂ ਹੋ ਰਹੇ ਸ਼ੋਸ਼ਣ ਬਾਰੇ ਬਹੁਤ ਵਾਰ ਜਾਣੂ ਕਰਵਾਇਆ ਜਾ ਚੁੱਕਾ ਹੈ, ਕੋਈ ਕਾਰਵਾਈ ਨਹੀਂ ਹੋ ਰਹੀ। ਯੂਨੀਅਨ ਵੱਲੋਂ ਸਿੱਖਿਆ ਮੰਤਰੀ ਅਤੇ ਅਧਿਕਾਰੀਆਂ ਨਾਲ ਕਈ ਮੀਟਿੰਗਾਂ ਵੀ ਕੀਤੀਆਂ ਜਾ ਚੁੱਕੀਆਂ ਹਨ ਪਰ ਉਨ੍ਹਾਂ ਨੂੰ ਲਾਰਿਆਂ ਤੋਂ ਬਿਨਾਂ ਕੁੱਝ ਨਹੀਂ ਮਿਲਿਆ। ਹਰਿਆਣਾ ਵਿਚ ਵੋਕੇਸ਼ਨਲ ਅਧਿਆਪਕਾਂ ਨੂੰ ਪਿਛਲੇ 5 ਸਾਲਾਂ ਤੋਂ ਨੀਤੀ ਬਣਾ ਕੇ ਉਨ੍ਹਾਂ ਤੋਂ ਵੱਧ ਤਨਖਾਹਾਂ ਅਤੇ ਨੌਕਰੀ ਦੀ ਸੁਰੱਖਿਆ ਦੇ ਦਿੱਤੀ ਗਈ ਹੈ ਪਰ ਪੰਜਾਬ ਸਰਕਾਰ ਕੁੱਝ ਨਹੀਂ ਕਰ ਰਹੀ। ਉਨ੍ਹਾਂ ਐਲਾਨ ਕੀਤਾ ਗਿਆ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਦਾ ਕੋਈ ਪੱਕਾ ਹੱਲ ਨਹੀਂ ਕੀਤਾ ਜਾਂਦਾ, ਉਦੋਂ ਤੱਕ ਪੱਕਾ ਧਰਨਾ ਜਾਰੀ ਰਹੇਗਾ।

