ਪਾਲ ਸਿੰਘ ਨੌਲੀ
ਜਲੰਧਰ, 11 ਫਰਵਰੀ
ਨੌਦੀਪ ਕੌਰ ਨੂੰ ਬਿਨਾਂ ਸ਼ਰਤ ਰਿਹਾਅ ਕਰਨ, ਉਸ ’ਤੇ ਜਬਰ ਢਾਹੁਣ ਵਾਲੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ, ਲੋਕ-ਵਿਰੋਧੀ ਕਾਲੇ ਕਾਨੂੰਨ ਵਾਪਸ ਲੈਣ ਦੀ ਮੰਗ ਕਰਦਿਆਂ ਅੱਜ ਦੇਸ਼ ਭਗਤ ਯਾਦਗਾਰ ਹਾਲ ’ਚ ਵਿਚਾਰ-ਚਰਚਾ ਕਰਨ ਮਗਰੋਂ ਰੋਸ ਵਿਖਾਵਾ ਕੀਤਾ ਗਿਆ।
ਦੇਸ਼ ਭਗਤ ਯਾਦਗਾਰ ਕਮੇਟੀ ਦੇ ਸੱਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ, ਸਾਹਿਤਕ/ ਸੱਭਿਆਚਾਰਕ ਸੰਸਥਾ ਫੁਲਕਾਰੀ ਅਤੇ ਮਾਨਵਵਾਦੀ ਰਚਨਾ ਮੰਚ ਪੰਜਾਬ ਦੇ ਦੇਸ ਰਾਜ ਕਾਲੀ, ਰਮੇਸ਼ ਚੋਹਕਾਂ, ਜਗਦੀਸ਼ ਰਾਣਾ, ਚਾਨਣ ਰਾਮ ਵਡਾਲਾ, ਰਾਕੇਸ਼ ਆਨੰਦ, ਤਰਕਸ਼ੀਲ ਸੁਸਾਇਟੀ ਜਲੰਧਰ ਦੇ ਪਰਮਜੀਤ ਕਲਸੀ, ਇਸਤਰੀ ਜਾਗ੍ਰਿਤੀ ਮੰਚ ਦੀ ਜਸਵੀਰ ਜੱਸੀ, ਪੇਂਡੂ ਮਜ਼ਦੂਰ ਯੂਨੀਅਨ ਦੇ ਕਸ਼ਮੀਰ ਸਿੰਘ ਘੁੱਗਸ਼ੋਰ, ਜਮਹੂਰੀ ਅਧਿਕਾਰ ਸਭਾ ਦੇ ਵਿਸ਼ਵ ਮਿੱਤਰ ਬੰਮੀ, ਪੀਪਲਜ਼ ਵਾਇਸ ਦੇ ਡਾ. ਮਹੇਸ਼ਵਰ ਅਤੇ ਡਾ. ਸੈਲੇਸ਼ ਨੇ ਵਿਚਾਰ-ਚਰਚਾ ਵਿੱਚ ਹਿੱਸਾ ਲਿਆ। ਉਨ੍ਹਾਂ ਕਿਹਾ ਕਿ ਦਲਿਤ ਪਰਿਵਾਰ ’ਚ ਜੰਮੀ ਅਤੇ ਜੁਝਾਰੂ ਵਿਚਾਰਾਂ ਦੀ ਧਾਰਨੀ ਨੌਦੀਪ ਨੇ ਕਿਸਾਨ ਅੰਦੋਲਨ ’ਚ ਬਣਦਾ ਯੋਗਦਾਨ ਪਾਇਆ ਹੈ ਅਤੇ ਨੌਦੀਪ ਨੂੰ ਸਜ਼ਾ ਦਿੱਤੇ ਜਾਣ ਨੂੰ ਇਨਸਾਫ਼-ਪਸੰਦ ਲੋਕ ਸਹਿਣ ਨਹੀਂ ਕਰਨਗੇ। ਆਗੂਆਂ ਨੇ ਕਿਹਾ ਕਿ ਭਾਜਪਾ ਵੱਲੋਂ ਲੋਕਾਂ ਅਤੇ ਕਿਸਾਨ ਅੰਦੋਲਨ ਵਿੱਚ ਦੁਫੇੜ ਪੈਦਾ ਕਰਨ ਵਾਲੀਆਂ ਨੀਤੀਆਂ ਅਤੇ ਜਬਰ ਜ਼ੁਲਮ ਦਾ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇਗਾ।
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵੱਲੋਂ ਫੈਕਟਰੀ ਮਜ਼ਦੂਰ ਯੂਨੀਅਨ ਦੀ ਆਗੂ ਨੌਦੀਪ ਕੌਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਤੇ ਉਸ ਨੂੰ ਬਿਨਾਂ ਸ਼ਰਤ ਰਿਹਾਅ ਕਰਾਉਣ ਲਈ 12 ਫਰਵਰੀ ਨੂੰ ਪੰਜਾਬ ਭਰ ’ਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਅਰਥੀਆਂ ਸਾੜਨ ਦਾ ਐਲਾਨ ਕੀਤਾ ਗਿਆ ਹੈ। ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਕਾਮਰੇਡ ਭਗਵੰਤ ਸਿੰਘ ਸਮਾਉਂ ਨੇ ਕਿਹਾ ਕਿ ਸਰਕਾਰ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਅਤੇ ਮਜ਼ਦੂਰ ਅਧਿਕਾਰਾਂ ਲਈ ਸੰਘਰਸ਼ ਤੇਜ਼ ਕੀਤਾ ਜਾਵੇਗਾ।
ਨੌਦੀਪ ਮਾਮਲੇ ’ਚ ਕੌਮੀ ਮਹਿਲਾ ਕਮਿਸ਼ਨ ਫ਼ੌਰੀ ਦਖ਼ਲ ਦੇਵੇ: ਅਰੁਣਾ ਚੌਧਰੀ
ਚੰਡੀਗੜ੍ਹ: ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਅਰੁਣਾ ਚੌਧਰੀ ਨੇ ਕੌਮੀ ਮਹਿਲਾ ਕਮਿਸ਼ਨ ਨੂੰ ਨੌਦੀਪ ਕੌਰ ਦੀ ਰਿਹਾਈ ਲਈ ਫ਼ੌਰੀ ਦਖ਼ਲ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਨੌਦੀਪ ’ਤੇ ਧਾਰਾ 307 ਅਤੇ ਫਿਰੌਤੀ ਦਾ ਦੋਸ਼ ਲਾਇਆ ਗਿਆ ਹੈ, ਜਿਹੜਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੌਦੀਪ ਕੌਰ ਨੂੰ ਜਲਦੀ ਰਾਹਤ ਦੇਣ ਲਈ ਕਾਨੂੰਨੀ ਸਹਾਇਤਾ ਮੁਹੱਈਆ ਕਰਾਏਗੀ। ਉਨ੍ਹਾਂ ਕੇਂਦਰੀ ਮਹਿਲਾ ਕਮਿਸ਼ਨ ਨੂੰ ਅਪੀਲ ਕੀਤੀ ਕਿ ਹਰਿਆਣਾ ਸਰਕਾਰ ਨੂੰ ਨਿਰਦੇਸ਼ ਦਿੱਤਾ ਜਾਵੇ ਕਿ ਉਹ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਵਫ਼ਦ ਦੀ ਨੌਦੀਪ ਕੌਰ ਨਾਲ ਮੁਲਾਕਾਤ ਦਾ ਪ੍ਰਬੰਧ ਕਰੇ। ਕਮਿਸ਼ਨ ਨੇ ਅੱਜ ਨੌਦੀਪ ਕੌਰ ਦੇ ਮਾਮਲੇ ਸਬੰਧੀ ਸੀਨੀਅਰ ਪੁਲੀਸ ਕਪਤਾਨ ਸੋਨੀਪਤ ਤੋਂ 15 ਫ਼ਰਵਰੀ, 2021 ਤਕ ਪੜਤਾਲੀਆ ਰਿਪੋਰਟ ਤਲਬ ਕਰ ਲਈ ਹੈ। ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਦੱਸਿਆ ਕਿ ਸੋਨੀਪਤ ਦੇ ਐੱਸਐੱਸਪੀ ਨੂੰ ਪੱਤਰ ਲਿਖ ਕੇ ਆਦੇਸ਼ ਦਿੱਤੇ ਗਏ ਹਨ ਕਿ ਉਹ ਨੌਦੀਪ ਕੌਰ ਦੇ ਮਾਮਲੇ ਦੀ ਪੜਤਾਲ ਕਿਸੇ ਸੀਨੀਅਰ ਅਧਿਕਾਰੀ ਤੋਂ ਕਰਾਉਣ।