ਟ੍ਰਿਬਿਊਨ ਨਿਊਜ਼ ਸਰਵਿਸ/ਪੱਤਰ ਪ੍ਰੇਰਕ
ਚੰਡੀਗੜ੍ਹ/ਐਸਏਐਸ ਨਗਰ (ਮੁਹਾਲੀ), 16 ਸਤੰਬਰ
ਪੰਜਾਬ ਸਰਕਾਰ ਵੱਲੋਂ ਪਰਾਲੀ ਜਲਾਉਣ ਤੋਂ ਰੋਕਣ ਲਈ ਜੰਗ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਤਿਆਰ ਕੀਤੀ ਯੋਜਨਾਬੰਦੀ ਤਹਿਤ 7 ਨਵੰਬਰ ਤੱਕ ਖੇਤੀ ਅਫ਼ਸਰਾਂ ਅਤੇ ਮੁਲਾਜ਼ਮਾਂ ਦੀਆਂ ਛੁੱਟੀਆਂ ਬੰਦ ਕਰ ਦਿੱਤੀਆਂ ਗਈਆਂ ਹਨ। ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਜ਼ਿਲ੍ਹਾ ਖੇਤੀਬਾੜੀ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪਰਾਲੀ ਸਾੜਨ ਤੋਂ ਰੋਕਣ ਲਈ ਬਲੂ ਪ੍ਰਿੰਟ ਲਾਗੂ ਕਰਨ ਲਈ ਵਿਚਾਰ-ਵਟਾਂਦਰਾ ਕੀਤਾ। ਮੰਤਰੀ ਨੇ ਅੱਜ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਿਰਫ ਕਾਗਜ਼ੀ ਖਾਨਾਪੂਰਤੀ ਕਰਨ ਦੀ ਥਾਂ ਜ਼ਮੀਨੀ ਪੱਧਰ ’ਤੇ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖੇਤੀਬਾੜੀ ਵਿਭਾਗ ਦੇ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਨੂੰ 7 ਨਵੰਬਰ ਤੱਕ ਛੁੱਟੀ ਨਾ ਦਿੱਤੀ ਜਾਵੇ।