Drugs ਯੁੱਧ ਨਸ਼ਿਆਂ ਵਿਰੁੱਧ: 113 ਨਸ਼ਾ ਤਸਕਰ 4.2 ਕਿੱਲੋ ਹੈਰੋਇਨ ਸਣੇ ਕਾਬੂ
ਆਤਿਸ਼ ਗੁਪਤਾ
ਚੰਡੀਗੜ੍ਹ, 13 ਜੁਲਾਈ
ਪੰਜਾਬ ਪੁਲੀਸ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ 134ਵੇਂ ਦਿਨ ਪੰਜਾਬ ਭਰ ਵਿੱਚ ਕਾਰਵਾਈ ਕੀਤੀ ਗਈ। ਇਸ ਦੌਰਾਨ ਪੁਲੀਸ ਨੇ 113 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4.2 ਕਿੱਲੋ ਹੈਰੋਇਨ, 500 ਗ੍ਰਾਮ ਗਾਂਜਾ, 120 ਕਿਲੋ ਭੁੱਕੀ ਅਤੇ 24 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਦੇ ਨਾਲ ਹੀ ਪੁਲੀਸ ਵੱਲੋਂ 134 ਦਿਨਾਂ ਵਿੱਚ ਕੁੱਲ 21,819 ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਪੁਲੀਸ ਦੇ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕੀਤਾ।
ਸ੍ਰੀ ਸ਼ੁਕਲਾ ਨੇ ਕਿਹਾ ਕਿ ਪੰਜਾਬ ਪੁਲੀਸ ਦੇ 84 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲੀਸ ਕਰਮਚਾਰੀਆਂ ਦੀਆਂ 180 ਤੋਂ ਵੱਧ ਪੁਲੀਸ ਟੀਮਾਂ ਨੇ ਸੂਬੇ ਭਰ ਵਿੱਚ 423 ਥਾਵਾਂ ’ਤੇ ਛਾਪੇ ਮਾਰੇ। ਇਸ ਦੌਰਾਨ ਪੁਲੀਸ ਟੀਮਾਂ ਨੇ 453 ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ। ਜਾਂਚ ਮਗਰੋਂ 113 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲੀਸ ਨੇ ਅੱਜ ਪੰਜਾਬ ਭਰ ਵਿੱਚ 93 ਕੇਸ ਦਰਜ ਕੀਤੇ। ਇਸ ਤੋਂ ਇਲਾਵਾ ਪੁਲੀਸ ਨੇ ਅੱਜ 81 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ। ਦੂਜੇ ਪਾਸੇ ਪੰਜਾਬ ਪੁਲੀਸ ਦੀਆਂ ਵੱਖ-ਵੱਖ ਟੀਮਾਂ ਨੇ ਅੱਜ ਬਠਿੰਡਾ, ਮਾਨਸਾ, ਬਰਨਾਲਾ, ਪਟਿਆਲਾ, ਸੰਗਰੂਰ ਤੇ ਮੁਹਾਲੀ ਵਿੱਚ 411 ਮੈਡੀਕਲ ਦੀਆਂ ਦੁਕਾਨਾਂ ’ਤੇ ਵੀ ਛਾਪੇ ਮਾਰੇ।