ਯੁੱਧ ਨਸ਼ਿਆਂ ਵਿਰੁੱਧ: 5.3 ਕਿੱਲੋ ਹੈਰੋਇਨ, 200 ਗ੍ਰਾਮ ਅਫੀਮ ਬਰਾਮਦ
ਆਤਿਸ਼ ਗੁਪਤਾ
ਚੰਡੀਗੜ੍ਹ, 23 ਜੂਨ
ਪੰਜਾਬ ਪੁਲੀਸ ਨੇ ਸੂਬੇ ਵਿੱਚ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਅੱਜ 114ਵੇਂ ਦਿਨ ਪੰਜਾਬ ਵਿੱਚ 506 ਥਾਵਾਂ ’ਤੇ ਛਾਪੇ ਮਾਰੇ। ਇਸ ਦੌਰਾਨ ਪੁਲੀਸ ਨੇ 126 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ, ਜਿਨ੍ਹਾਂ ਤੋਂ 5.3 ਕਿੱਲੋ ਹੈਰੋਇਨ, 200 ਗ੍ਰਾਮ ਅਫੀਮ ਅਤੇ 8850 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ।
ਇਸ ਬਾਰੇ ਪੰਜਾਬ ਦੇ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਪੁਲੀਸ ਨੇ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦਿਆਂ 114 ਦਿਨਾਂ ਵਿੱਚ ਕੁੱਲ 18,843 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸ੍ਰੀ ਸ਼ੁਕਲਾ ਨੇ ਕਿਹਾ ਕਿ ਅੱਜ ਪੰਜਾਬ ਪੁਲੀਸ ਦੇ 100 ਦੇ ਕਰੀਬ ਗਜ਼ਟਿਡ ਅਧਿਕਾਰੀਆਂ ਦੀ ਦੇਖ-ਰੇਖ ਹੇਠ 1500 ਤੋਂ ਵੱਧ ਪੁਲੀਸ ਮੁਲਾਜ਼ਮਾਂ ਦੀਆਂ 200 ਟੀਮਾਂ ਨੇ 506 ਥਾਵਾਂ ’ਤੇ ਛਾਪੇ ਮਾਰੇ। ਇਸ ਦੌਰਾਨ ਪੁਲੀਸ ਨੇ 540 ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ ਅਤੇ 126 ਨੂੰ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ। ਇਨ੍ਹਾਂ ਦੇ ਖ਼ਿਲਾਫ਼ ਪੁਲੀਸ ਨੇ 85 ਕੇਸ ਦਰਜ ਕੀਤੇ ਹਨ। ਇਸ ਦੇ ਨਾਲ ਹੀ ਪੁਲੀਸ ਨੇ ਅੱਜ ਨੌਜਵਾਨਾਂ ਨੂੰ ਨਸ਼ੇ ਦੇ ਦਲ-ਦਲ ਵਿੱਚੋਂ ਬਾਹਰ ਕੱਢਣ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ 47 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ। ਸ੍ਰੀ ਸ਼ੁਕਲਾ ਨੇ ਕਿਹਾ ਕਿ ਪੰਜਾਬ ਪੁਲੀਸ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਲਗਾਤਾਰ ਛਾਪੇ ਮਾਰੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਪੰਜਾਬ ਵਿੱਚੋਂ ਨਸ਼ਿਆਂ ਦਾ ਜੜ੍ਹ ਤੋਂ ਖਾਤਮਾ ਨਹੀਂ ਹੁੰਦਾ, ਉੱਦੋਂ ਤੱਕ ਇਹ ਮੁਹਿੰਮ ਜਾਰੀ ਰਹੇਗੀ।