‘ਯੁੱਧ ਨਸ਼ਿਆਂ ਵਿਰੁੱਧ’: 6.1 ਕਿਲੋਗ੍ਰਾਮ ਹੈਰੋਇਨ ਤੇ ਹੋਰ ਨਸ਼ੇ ਸਣੇ 90 ਕਾਬੂ
ਪੰਜਾਬ ਪੁਲੀਸ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦਾ ਖਾਤਮਾ ਕਰਨ ਲਈ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਪੁਲੀਸ ਨੇ 238ਵੇਂ ਦਿਨ ਸੂਬੇ ਵਿੱਚ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕੀਤੀ ਗਈ। ਅੱਜ ਪੁਲੀਸ ਨੇ ਪੰਜਾਬ ਭਰ ਵਿੱਚ 344 ਥਾਵਾਂ ’ਤੇ ਛਾਪੇਮਾਰੀ ਕਰਕੇ 90 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਤੋਂ ਪੁਲੀਸ ਨੇ 6.1 ਕਿਲੋ ਹੈਰੋਇਨ, 1.7 ਕਿਲੋ ਅਫੀਮ, 696 ਨਸ਼ੀਲੀਆਂ ਗੋਲੀਆਂ ਤੇ ਕੈਪਸੂਲ ਅਤੇ 29,490 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਪੁਲੀਸ ਨੇ ਅੱਜ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਵੱਖ-ਵੱਖ ਥਾਣਿਆਂ ਵਿੱਚ 78 ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਪੁਲੀਸ ਨੇ 238 ਦਿਨਾਂ ਦੌਰਾਨ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਕੁੱਲ 34082 ਨਸ਼ਾ ਤਸਕਰਾਂ ਨੂੰ ਕਾਬੂ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਪੁਲੀਸ ਦੇ 66 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲੀਸ ਮੁਲਾਜ਼ਮਾਂ ਦੀਆਂ 120 ਤੋਂ ਵੱਧ ਪੁਲੀਸ ਟੀਮਾਂ ਨੇ ਰਾਜ ਭਰ ਵਿੱਚ 344 ਥਾਵਾਂ ’ਤੇ ਛਾਪੇਮਾਰੀ ਕੀਤੀ ਹੈ। ਪੁਲੀਸ ਨੇ ਛਾਪੇਮਾਰੀ ਦੌਰਾਨ 344 ਮਸ਼ਕੂਕਾਂ ਦੀ ਤਲਾਸ਼ੀ ਲੈ ਕੇ 90 ਜਣਿਆਂ ਨੂੰ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਕਾਬੂ ਕੀਤਾ ਹੈ। ਇਸ ਤੋਂ ਇਲਾਵਾ ਪੰਜਾਬ ਪੁਲੀਸ ਨੇ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਦੇ ਦਲ-ਦਲ ਵਿੱਚੋਂ ਬਾਹਰ ਕੱਢਣ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ 41 ਜਣਿਆਂ ਨੂੰ ਨਸ਼ਾ ਛੱਡਣ ਲਈ ਰਾਜ਼ੀ ਕੀਤਾ ਹੈ।
ਨਸ਼ਾ ਵਿਰੋਧੀ ਕਮੇਟੀ ਦੇ ਮੈਂਬਰ ’ਤੇ ਹਮਲਾ
ਮੋਗਾ (ਨਿੱਜੀ ਪੱਤਰ ਪ੍ਰੇਰਕ): ਥਾਣਾ ਬਾਘਾਪੁਰਾਣਾ ਅਧੀਨ ਪਿੰਡ ਮਾਹਲਾ ਕਲਾਂ ਵਿੱਚ ਕੁਝ ਵਿਅਕਤੀਆਂ ਵੱਲੋਂ ਨਸ਼ਾ ਵਿਰੋਧੀ ਕਮੇਟੀ ਦੇ ਮੈਂਬਰ ’ਤੇ ਹਮਲਾ ਕਰ ਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ। ਪੁਲੀਸ ਅਨੁਸਾਰ ਨਸ਼ਾ ਵਿਰੋਧੀ ਕਮੇਟੀ ਮੈਂਬਰ ਨੇ ਦੱਸਿਆ ਕਿ ਉਹ 23 ਅਕਤੂਬਰ ਦੀ ਸ਼ਾਮ ਨੂੰ ਆਪਣੀ ਬੈਟਰੀ ਵਾਲੀ ਸਕੂਟਰੀ ’ਤੇ ਘਰ ਜਾ ਰਿਹਾ ਸੀ ਤਾਂ ਉਸ ਦੀ ਘੇਰ ਕੇ ਕੁੱਟਮਾਰ ਕੀਤੀ ਗਈ। ਪੀੜਤ ਨੇ ਪੁਲੀਸ ਨੂੰ ਆਪਣੇ ਬਿਆਨ ਵਿੱਚ ਦੱਸਿਆ ਕਿ ਉਹ ਪਿੰਡ ਵਿੱਚ ਨਸ਼ਾ ਵਿਰੋਧੀ ਕਮੇਟੀ ਦਾ ਮੈਂਬਰ ਹੈ ਅਤੇ ਉਸ ਨੇ ਹਮਲਾਵਾਰਾਂ ਨੂੰ ਕਈ ਵਾਰ ਨਸ਼ਾ ਕਰਨ ਤੋਂ ਰੋਕਿਆ ਸੀ। ਇਸ ਰੰਜਿਸ਼ ਤਹਿਤ ਉਸ ’ਤੇ ਹਮਲਾ ਕੀਤਾ ਗਿਆ ਹੈ। ਪੀੜਤ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਫ਼ਰੀਦਕੋਟ ਵਿੱਚ ਜ਼ੇਰੇ ਇਲਾਜ ਹੈ। ਪੁਲੀਸ ਅਨੁਸਾਰ ਚਾਰ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਪੁਲੀਸ ਵੱਲੋਂ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇ ਮਾਰੇ ਜਾ ਰਹੇ ਹਨ।
ਸਰਹੱਦ ਤੋਂ ਡੇਢ ਕਿੱਲੋ ਹੈਰੋਇਨ ਬਰਾਮਦ
ਅੰਮ੍ਰਿਤਸਰ (ਟਨਸ): ਅੰਮ੍ਰਿਤਸਰ ਵਿੱਚ ਪਾਕਿਸਤਾਨ ਨਾਲ ਲੱਗਦੀ ਸਰਹੱਦ ’ਤੇ ਬੀ ਐੱਸ ਐੱਫ ਜਵਾਨਾਂ ਨੇ ਪਿੰਡ ਮੁੱਲਾਕੋਟ ਨੇੜੇ ਖੇਤਰ ’ਚੋਂ ਇੱਕ ਪੈਕੇਟ ਬਰਾਮਦ ਕੀਤਾ, ਜਿਸ ਵਿਚ 1.080 ਕਿਲੋਗ੍ਰਾਮ ਹੈਰੋਇਨ ਸੀ। ਅਜਨਾਲਾ ਦੇ ਪਿੰਡ ਚਾਹੜਪੁਰ ਨੇੜੇ ਖੇਤ ਵਿੱਚੋਂ ਇੱਕ ਹੋਰ ਪੈਕੇਟ ਮਿਲਿਆ, ਜਿਸ ਵਿਚ ਲਗਪਗ 570 ਗ੍ਰਾਮ ਹੈਰੋਇਨ ਸੀ।
