ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ):
ਪੰਜਾਬ ਪੁਲੀਸ ਵੱਲੋਂ ਸੂਬੇ ’ਚੋਂ ਨਸ਼ਿਆਂ ਦੇ ਖ਼ਾਤਮੇ ਲਈ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਤਸਕਰਾਂ ਖ਼ਿਲਾਫ਼ ਕਾਰਵਾਈ ਜਾਰੀ ਹੈ। ਜਾਣਕਾਰੀ ਅਨੁਸਾਰ ਪੰਜਾਬ ਪੁਲੀਸ ਨੇ 72 ਦਿਨਾਂ ਵਿੱਚ 6,280 ਕੇਸ ਦਰਜ ਕਰਕੇ 10,444 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਪੁਲੀਸ ਨੇ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਕੋਲੋਂ 398 ਕਿਲੋਗ੍ਰਾਮ ਹੈਰੋਇਨ, 186 ਕਿਲੋਗ੍ਰਾਮ ਅਫੀਮ, 117 ਕੁਇੰਟਲ ਭੁੱਕੀ, 8 ਕਿਲੋਗ੍ਰਾਮ ਚਰਸ, 135 ਕਿਲੋਗ੍ਰਾਮ ਗਾਂਜਾ, 2.5 ਕਿਲੋਗ੍ਰਾਮ ਆਈਸੀ, 1.2 ਕਿਲੋਗ੍ਰਾਮ ਕੋਕੀਨ, 23.57 ਲੱਖ ਨਸ਼ੀਲੀਆਂ ਗੋਲੀਆਂ, ਕੈਪਸੂਲ ਅਤੇ 8.58 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਸ੍ਰੀ ਸ਼ੁਕਲਾ ਨੇ ਦੱਸਿਆ ਕਿ ਅੱਜ 72ਵੇਂ ਦਿਨ ਕਾਰਵਾਈ ਕਰਦਿਆਂ ਪੁਲੀਸ ਨੇ ਸੂਬੇ ਭਰ ਵਿੱਚੋਂ 133 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰ ਕੇ 2.2 ਕਿਲੋ ਹੈਰੋਇਨ, 54 ਕਿਲੋ ਭੁੱਕੀ, 73000 ਨਸ਼ੇ ਦੀਆਂ ਗੋਲੀਆਂ ਅਤੇ 13.22 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਤਸਕਰਾਂ ਖ਼ਿਲਾਫ਼ 89 ਕੇਸ ਦਰਜ ਕੀਤੇ ਗਏ ਹਨ। ਅੱਜ 1400 ਤੋਂ ਵੱਧ ਪੁਲੀਸ ਮੁਲਾਜ਼ਮਾਂ ਦੀਆਂ 250 ਤੋਂ ਵੱਧ ਟੀਮਾਂ ਨੇ ਸੂਬੇ ਭਰ ਵਿੱਚ 495 ਥਾਵਾਂ ’ਤੇ ਛਾਪੇਮਾਰੀ ਕਰਕੇ 503 ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ, ਜਿਨ੍ਹਾਂ ’ਚੋਂ 133 ਜਣਿਆਂ ਨੂੰ ਗ੍ਰਿਫ਼ਤਾਰ ਕਰ ਲਿਆ। ਇਸੇ ਤਰ੍ਹਾਂ 104 ਵਿਅਕਤੀਆਂ ਨੂੰ ਨਸ਼ਾ ਛੁਡਾਊ ਤੇ ਮੁੜ ਵਸੇਬੇ ਲਈ ਪ੍ਰੇਰਿਤ ਕੀਤਾ।