ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 2 ਅਪਰੈਲ
ਪੰਜਾਬ ਪੁਲੀਸ ਨੇ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅੱਜ ਲਗਾਤਾਰ 33ਵੇਂ ਦਿਨ ਕਾਰਵਾਈ ਜਾਰੀ ਰੱਖੀ। ਇਸ ਦੌਰਾਨ ਪੁਲੀਸ ਨੇ ਸੂਬੇ ਭਰ ਵਿੱਚ ਵੱਖ-ਵੱਖ ਥਾਵਾਂ ’ਤੇ ਛਾਪੇ ਮਾਰੇ ਅਤੇ 59 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿਰੁੱਧ ਪੁਲੀਸ ਨੇ 36 ਕੇਸ ਦਰਜ ਕੀਤੇ ਹਨ। ਇਸ ਸਬੰਧੀ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਨਸ਼ਾ ਤਸਕਰਾਂ ਤੋਂ ਅੱਜ 1.6 ਕਿਲੋ ਹੈਰੋਇਨ ਅਤੇ 5.53 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਸ੍ਰੀ ਸ਼ੁਕਲਾ ਨੇ ਕਿਹਾ ਕਿ ਅੱਜ ਪੰਜਾਬ ਪੁਲੀਸ ਦੇ 1400 ਤੋਂ ਵੱਧ ਮੁਲਾਜ਼ਮਾਂ ਦੀਆਂ 200 ਤੋਂ ਵੱਧ ਟੀਮਾਂ ਨੇ ਇੱਕੋ ਸਮੇਂ ਵਿੱਚ ਸੂਬੇ ਭਰ ’ਚ 497 ਥਾਵਾਂ ’ਤੇ ਛਾਪੇ ਮਾਰੇ। ਇਸ ਦੌਰਾਨ ਪੁਲੀਸ ਨੇ 546 ਸ਼ੱਕੀਆਂ ਦੀ ਤਲਾਸ਼ੀ ਲਈ ਅਤੇ 59 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ ਪੁਲੀਸ ਨੇ 36 ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਨੇ ਅੱਜ ਚਾਰ ਵਿਅਕਤੀਆਂ ਨੂੰ ਨਸ਼ਾ ਛੱਡਣ ਵਾਸਤੇ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਪੁਲੀਸ ਨੇ 33 ਦਿਨਾਂ ਤੋਂ ਲਗਾਤਾਰ ਨਸ਼ਾ ਤਸਕਰਾਂ ਵਿਰੁੱਧ ਕੀਤੀ ਜਾ ਰਹੀ ਕਾਰਵਾਈ ਤਹਿਤ ਸੂਬੇ ਭਰ ਵਿੱਚ ਕੁੱਲ 4765 ਨਸ਼ਾਂ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਨਸ਼ਾ ਤਸਕਰਾਂ ਦੀਆਂ ਦਰਜਨਾਂ ਜਾਇਦਾਦਾਂ ’ਤੇ ਬੁਲਡੋਜ਼ਰ ਚਲਾ ਦਿੱਤੇ ਹਨ। ਪੁਲੀਸ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਆਉਣ ਵਾਲੇ ਸਮੇਂ ਵਿੱਚ ਹੋਰ ਸਖ਼ਤੀ ਕੀਤੀ ਜਾਵੇਗੀ ਤਾਂ ਜੋ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਤੌਰ ’ਤੇ ਖ਼ਾਤਮਾ ਕੀਤਾ ਜਾ ਸਕੇ।