‘ਯੁੱਧ ਨਸ਼ਿਆਂ ਵਿਰੁੱਧ’: ਪੁਲੀਸ ਨੇ 523 ਥਾਵਾਂ ’ਤੇ ਛਾਪੇ ਮਾਰੇ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 22 ਜੂਨ
ਪੰਜਾਬ ਪੁਲੀਸ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ 113ਵੇਂ ਦਿਨ ਲਗਾਤਾਰ ਕਾਰਵਾਈ ਜਾਰੀ ਰੱਖੀ। ਅੱਜ ਪੁਲੀਸ ਨੇ ਸੂਬੇ ਭਰ ਵਿੱਚ 523 ਥਾਵਾਂ ’ਤੇ ਛਾਪੇ ਮਾਰ ਕੇ 151 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 533 ਗ੍ਰਾਮ ਹੈਰੋਇਨ, 2.8 ਕਿੱਲੋ ਅਫੀਮ ਅਤੇ 5.32 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ। ਇਸ ਗੱਲ ਦਾ ਪ੍ਰਗਟਾਵਾ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਜ ਦੀਆਂ ਗ੍ਰਿਫ਼ਤਾਰੀਆਂ ਦੇ ਨਾਲ ਪੰਜਾਬ ਪੁਲੀਸ ਵੱਲੋਂ 113 ਦਿਨਾਂ ਵਿੱਚ ਕੁੱਲ 18,719 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਿਆ ਹੈ। ਸ੍ਰੀ ਸ਼ੁਕਲਾ ਨੇ ਕਿਹਾ ਕਿ ਅੱਜ ਪੰਜਾਬ ਪੁਲੀਸ ਦੇ 99 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1500 ਤੋਂ ਵੱਧ ਪੁਲੀਸ ਕਰਮਚਾਰੀਆਂ ਦੀ ਅਗਵਾਈ ਹੇਠ 200 ਤੋਂ ਵੱਧ ਪੁਲੀਸ ਟੀਮਾਂ ਨੇ ਰਾਜ ਭਰ ’ਚ 523 ਥਾਵਾਂ ’ਤੇ ਛਾਪੇ ਮਾਰੇ। ਇਸ ਦੌਰਾਨ ਪੁਲੀਸ ਨੇ 502 ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲੈਂਦਿਆਂ 151 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਅੱਜ ਸੂਬੇ ਭਰ ਵਿੱਚ ਨਸ਼ਾ ਤਸਕਰਾਂ ਵਿਰੁੱਧ 98 ਕੇਸ ਦਰਜ ਕੀਤੇ ਹਨ। ਇਸ ਦੇ ਨਾਲ ਹੀ ਪੰਜਾਬ ਪੁਲੀਸ ਨੇ ਅੱਜ ਸੂਬੇ ਭਰ ਵਿੱਚ 54 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਕਾਰਵਾਈ ਅੱਗੇ ਵੀ ਜਾਰੀ ਰਹੇਗੀ।