ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਯੁੱਧ ਨਸ਼ਿਆਂ ਵਿਰੁੱਧ-ਪੁਲੀਸ ਵੱਲੋਂ 580 ਥਾਵਾਂ ’ਤੇ ਛਾਪੇ

110 ਤਸਕਰ ਕਾਬੂ, 2.8 ਕਿਲੋ ਹੈਰੋਇਨ, 500 ਗ੍ਰਾਮ ਅਫੀਮ ਅਤੇ 2.88 ਲੱਖ ਦੀ ਡਰੱਗ ਮਨੀ ਬਰਾਮਦ; ਪੰਜ ਜ਼ਿਲ੍ਹਿਆਂ ਦੀਆਂ ਜੇਲ੍ਹਾਂ ਵਿੱਚ ਚੱਲੀ ਤਲਾਸ਼ੀ ਮੁਹਿੰਮ
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 11 ਮਾਰਚ

Advertisement

ਪੰਜਾਬ ਪੁਲੀਸ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਲਗਾਤਾਰ 11ਵੇਂ ਦਿਨ ਕਾਰਵਾਈ ਕੀਤੀ ਗਈ। ਇਸ ਦੌਰਾਨ ਪੁਲੀਸ ਨੇ ਸੂਬੇ ਭਰ ਵਿੱਚ 580 ਥਾਵਾਂ ’ਤੇ ਛਾਪੇ ਮਾਰੇ। ਇਸ ਦੌਰਾਨ ਪੁਲੀਸ ਨੇ 2.8 ਕਿੱਲੋ ਹੈਰੋਇਨ, 500 ਗ੍ਰਾਮ ਅਫੀਮ, 10,904 ਨਸ਼ੀਲੀਆਂ ਗੋਲੀਆਂ, ਟੀਕੇ ਅਤੇ 2.88 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਪੁਲੀਸ ਨੇ ਸੂਬੇ ਭਰ ਵਿੱਚ ਇਸ ਸਬੰਧੀ 68 ਕੇਸ ਦਰਜ ਕਰਕੇ 110 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੇ ਨਾਲ ਹੀ ਪੁਲੀਸ ਨੇ 11 ਦਿਨਾਂ ਵਿੱਚ ਕੁੱਲ 1540 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਅੱਜ ਪੁਲੀਸ ਦੇ 1600 ਤੋਂ ਵੱਧ ਮੁਲਾਜ਼ਮਾਂ ਦੀਆਂ 220 ਤੋਂ ਵੱਧ ਟੀਮਾਂ ਨੇ ਸੂਬੇ ਭਰ ਵਿੱਚ ਛਾਪੇ ਮਾਰੇ। ਇਸ ਦੌਰਾਨ 631 ਮਸ਼ਕੂਕਾਂ ਦੀ ਜਾਂਚ ਵੀ ਕੀਤੀ ਗਈ। ਉਨ੍ਹਾਂ ਕਿਹਾ ਕਿ ਪੁਲੀਸ ਨੇ ਨਸ਼ਿਆਂ ਵਿਰੁੱਧ ਕਾਰਵਾਈ ਕਰਦਿਆਂ ਅੱਜ ਪੰਜਾਬ ਦੇ ਪੰਜ ਜ਼ਿਲ੍ਹਿਆਂ ਦੀਆਂ ਜੇਲ੍ਹਾਂ ਵਿੱਚ ਵੀ ਚੈਕਿੰਗ ਕੀਤੀ। ਇਸ ਵਿੱਚ ਫਾਜ਼ਿਲਕਾ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ ਅਤੇ ਮੋਗਾ ਦੀਆਂ ਵੱਖ-ਵੱਖ ਜੇਲ੍ਹਾਂ ਸ਼ਾਮਲ ਹਨ। ਪੁਲੀਸ ਨੇ ਜੇਲ੍ਹ ਕੰਪਲੈਕਸ ਵਿੱਚ ਬੈਰਕਾਂ, ਰਸੋਈ ਘਰਾਂ ਅਤੇ ਪਖਾਨਿਆਂ ਦੀ ਚੰਗੀ ਤਰ੍ਹਾਂ ਤਲਾਸ਼ੀ ਲਈ।

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਚੰਗੇ ਨਤੀਜੇ ਆਉਣ ਲੱਗੇ: ਚੀਮਾ

ਚੰਡੀਗੜ੍ਹ (ਆਤਿਸ਼ ਗੁਪਤਾ): ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਕਿਹਾ ਕਿ ਸੂਬੇ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਕਾਰਗਰ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਇਸ ਮੁਹਿੰਮ ਤਹਿਤ ਹੁਣ ਤੱਕ 76 ਕਿੱਲੋ ਹੈਰੋਇਨ, 50 ਕਿੱਲੋ ਅਫੀਮ ਤੇ 50 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ 7 ਲੱਖ ਦੇ ਕਰੀਬ ਨਸ਼ੀਲੀ ਗੋਲੀਆਂ, 4.5 ਕਿਲੋ ਨਸ਼ੀਲਾ ਪਾਊਡਰ, 1.25 ਕਿਲੋ ਨਸ਼ੀਲਾ ਆਈਸ ਅਤੇ 950 ਕਿਲੋ ਭੁੱਕੀ ਅਤੇ ਹੋਰ ਸਿੰਥੈਟਿਕ ਨਸ਼ੇ ਵੀ ਬਰਾਮਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਦੇ ਕਾਰੋਬਾਰ ਵਿੱਚ ਸ਼ਾਮਲ ਲੋਕ ਜਾਂ ਤਾਂ ਨਸ਼ੇ ਦਾ ਕਾਰੋਬਾਰ ਛੱਡ ਦੇਣਗੇ ਜਾਂ ਪੰਜਾਬ ਛੱਡ ਦੇਣਗੇ, ਨਹੀਂ ਤਾਂ ਅਜਿਹੇ ਸਾਰੇ ਲੋਕ ਸਲਾਖਾਂ ਪਿੱਛੇ ਹੋਣਗੇ।

Advertisement