ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲੀਸ ਵੱਲੋਂ 158 ਨਸ਼ਾ ਤਸਕਰ ਗ੍ਰਿਫ਼ਤਾਰ
ਆਤਿਸ਼ ਗੁਪਤਾ
ਚੰਡੀਗੜ੍ਹ, 25 ਮਈ
ਪੰਜਾਬ ਪੁਲੀਸ ਦੀ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਅੱਜ 85ਵੇਂ ਦਿਨ ਵੀ ਕਾਰਵਾਈ ਲਗਾਤਾਰ ਜਾਰੀ ਰਹੀ। ਅੱਜ ਪੁਲੀਸ ਨੇ ਸੂਬੇ ਭਰ ਵਿੱਚ 445 ਥਾਵਾਂ ’ਤੇ ਛਾਪੇ ਮਾਰੇ ਹਨ। ਇਸ ਦੌਰਾਨ ਪੁਲੀਸ ਨੇ 158 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਤੋਂ ਪੁਲੀਸ ਨੇ 10.1 ਕਿਲੋ ਹੈਰੋਇਨ, 1.3 ਕਿਲੋ ਅਫੀਮ ਅਤੇ 19,040 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ ਹੀ ਪੁਲੀਸ ਵੱਲੋਂ 85 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 13,449 ਹੋ ਗਈ ਹੈ। ਇਸ ਬਾਰੇ ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਅੱਜ 98 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1700 ਤੋਂ ਵੱਧ ਦੀ ਨਫ਼ਰੀ ਵਾਲੀਆਂ 220 ਤੋਂ ਵੱਧ ਪੁਲੀਸ ਟੀਮਾਂ ਨੇ ਰਾਜ ਭਰ ਵਿੱਚ 445 ਥਾਵਾਂ ’ਤੇ ਛਾਪੇ ਮਾਰੇ ਹਨ। ਇਸ ਦੌਰਾਨ ਪੁਲੀਸ ਨੇ 456 ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ ਹੈ ਅਤੇ 156 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੇ ਨਾਲ ਹੀ ਪੁਲੀਸ ਨੇ ਸੂਬੇ ਭਰ ਵਿੱਚ 104 ਕੇਸ ਦਰਜ ਕੀਤੇ ਹਨ। ਪੰਜਾਬ ਪੁਲੀਸ ਨੇ ਅੱਜ ਸੂਬੇ ਭਰ ਵਿੱਚ 109 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ। ਸ੍ਰੀ ਸ਼ੁਕਲਾ ਨੇ ਕਿਹਾ ਕਿ ਪੰਜਾਬ ਪੁਲੀਸ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸਖ਼ਤੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੌਰਾਨ ਸੂਬੇ ਵਿੱਚ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।