ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 17 ਅਗਸਤ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਦੇ ਯੁਵਾ ਵਰਕਰਾਂ ਨੂੰ ਕਾਂਗਰਸ ਦੀ ਮਜ਼ਬੂਤੀ ਲਈ ਕੰਮ ਕਰਨ ਦਾ ਸੱਦਾ ਦਿੱਤਾ ਹੈ। ਅੱਜ ਨੈਸ਼ਨਲ ਸਟੂਡੈਂਟਸ ਯੂਨੀਅਨ ਆਫ਼ ਇੰਡੀਆ ਦੇ ਪੰਜਾਬ ਪ੍ਰਧਾਨ ਈਸ਼ਰਪ੍ਰੀਤ ਸਿੰਘ ਸਿੱਧੂ ਨੇ ਚੰਡੀਗੜ੍ਹ ਵਿਖੇ ਅਹੁਦਾ ਸਾਂਭਿਆ। ਸ੍ਰੀ ਵੜਿੰਗ ਨੇ ਕਿਹਾ ਕਿ ਉਨ੍ਹਾਂ ਦਾ ਉਦੇਸ਼ ਕਾਂਗਰਸ ਪਾਰਟੀ ਨੂੰ ਮੁੜ ਸੱਤਾ ਵਿੱਚ ਲਿਆਉਣਾ ਹੈ, ਭਾਵੇਂ ਕੋਈ ਵੀ ਮੁੱਖ ਮੰਤਰੀ ਬਣੇ ਅਤੇ ਇਸਦੇ ਲਈ ਸਭ ਨੂੰ ਇਕਜੁੱਟ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਹ ਇਕ ਸਾਧਾਰਨ ਪਰਿਵਾਰ ਨਾਲ ਸਬੰਧ ਰੱਖਦੇ ਹਨ, ਜਿਸ ਦਾ ਕੋਈ ਸਿਆਸੀ ਇਤਿਹਾਸ ਨਹੀਂ ਹੈ ਅਤੇ ਕਾਂਗਰਸ ਪਾਰਟੀ ਨੇ ਉਨ੍ਹਾਂ ਨੂੰ ਯੂਥ ਕਾਂਗਰਸ ਦਾ ਕੌਮੀ ਪ੍ਰਧਾਨ ਅਤੇ ਹੁਣ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਇਆ ਹੈ।ਇਸ ਮੌਕੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਵੀ ਸੰਬੋਧਨ ਕੀਤਾ।