ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 8 ਅਗਸਤ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਸੰਸਦ ਵਿੱਚ ਬਿਜਲੀ ਰੈਗੂਲੇਟਰੀ ਬਿੱਲ ਲਿਆਉਣ ਲਈ ਕੇਂਦਰ ਦੀ ਐੱਨਡੀਏ ਸਰਕਾਰ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਦੇਸ਼ ਦੇ ਸੰਘੀ ਢਾਂਚੇ ’ਤੇ ਇਕ ਹੋਰ ਹਮਲਾ ਹੈ ਕਿਉਂਕਿ ਬਿਜਲੀ ਰਾਜਾਂ ਦਾ ਵਿਸ਼ਾ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਰਣਨੀਤੀ ਬਣਾਉਣ ਦੀ ਅਪੀਲ ਕੀਤੀ ਹੈ ਅਤੇ ਕਾਂਗਰਸ ਵੱਲੋਂ ਪੂਰਨ ਹਮਾਇਤ ਦਾ ਭਰੋਸਾ ਦਿੱਤਾ। ਉਨ੍ਹਾਂ ਇਸ ਮੁੱਦੇ ’ਤੇ ਸਰਬ ਪਾਰਟੀ ਮੀਟਿੰਗ ਸੱਦਣ ਦਾ ਵੀ ਸੁਝਾਅ ਦਿੱਤਾ ਹੈ। ਵੜਿੰਗ ਨੇ ਕਿਸਾਨ ਆਗੂਆਂ ਨਾਲ ਕੀਤੀ ਵਾਅਦਾਖਿਲਾਫ਼ੀ ਲਈ ਭਾਜਪਾ ਸਰਕਾਰ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਬਿਜਲੀ ਰੈਗੂਲੇਟਰੀ ਬਿੱਲ ਨੂੰ ਵਾਪਸ ਲੈਣਾ ਕਿਸਾਨਾਂ ਦੀਆਂ ਮੰਗਾਂ ਵਿੱਚੋਂ ਇੱਕ ਸੀ।