ਝੋਨੇ ਦੀ ਖ਼ਰੀਦ ਬੰਦ ਕਰਨ ਖ਼ਿਲਾਫ਼ ਵਜ਼ੀਰਾਂ ਨੂੰ ਘੇਰਨ ਦੀ ਚਿਤਾਵਨੀ
ਮਾਲਵਾ ਖੇਤਰ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ ਬੰਦ ਹੋਣ ਕਾਰਨ ਕਿਸਾਨ ਜਥੇਬੰਦੀਆਂ ਸੰਘਰਸ਼ ਦੇ ਰੌਂਅ ਵਿੱਚ ਹਨ। ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਭਲਕੇ 21 ਨਵੰਬਰ ਨੂੰ ਮਾਨਸਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਲਾਇਆ ਜਾਵੇਗਾ। ਜਥੇਬੰਦੀ ਨੇ ਚਿਤਾਵਨੀ ਦਿੱਤੀ...
ਮਾਲਵਾ ਖੇਤਰ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ ਬੰਦ ਹੋਣ ਕਾਰਨ ਕਿਸਾਨ ਜਥੇਬੰਦੀਆਂ ਸੰਘਰਸ਼ ਦੇ ਰੌਂਅ ਵਿੱਚ ਹਨ। ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਭਲਕੇ 21 ਨਵੰਬਰ ਨੂੰ ਮਾਨਸਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਲਾਇਆ ਜਾਵੇਗਾ। ਜਥੇਬੰਦੀ ਨੇ ਚਿਤਾਵਨੀ ਦਿੱਤੀ ਕਿ ਜੇਕਰ ਮਾਮਲਾ ਕੱਲ੍ਹ ਦੇ ਧਰਨੇ ਵਿੱਚ ਨਾ ਸੁਲਝਿਆ ਤਾਂ ਇਸ ਅੰਦੋਲਨ ਨੂੰ ਅਣਮਿੱਥੇ ਸਮੇਂ ’ਚ ਬਦਲਿਆ ਜਾ ਸਕਦਾ ਹੈ ਅਤੇ ਝੋਨੇ ਦਾ ਦਾਣਾ-ਦਾਣਾ ਵਿਕਣ ਤੋਂ ਬਾਅਦ ਹੀ ਘਰਾਂ ਨੂੰ ਜਾਣ ਦਾ ਫ਼ੈਸਲਾ ਲਿਆ ਜਾ ਸਕਦਾ ਹੈ। ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਦੇ ਵਿਧਾਇਕਾਂ ਅਤੇ ਵਜ਼ੀਰਾਂ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਦੋ ਦਿਨਾਂ ਵਿੱਚ ਝੋਨੇ ਦੀ ਖ਼ਰੀਦ ਆਰੰਭ ਨਾ ਹੋਈ ਤਾਂ ਜਥੇਬੰਦੀ ਵੱਲੋਂ ਪਿੰਡਾਂ ਵਿੱਚ ਆਉਂਦੇ ਵਜ਼ੀਰਾਂ ਅਤੇ ਵਿਧਾਇਕਾਂ ਨੂੰ ਘੇਰ ਕੇ ਝੋਨਾ ਨਾ ਵਿਕਣ ਦੇ ਕਾਰਨਾਂ ਬਾਰੇ ਸਵਾਲ ਪੁੱਛੇ ਜਾਣਗੇ। ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਦੀ ਅਗਵਾਈ ਹੇਠ ਅੱਜ ਇੱਥੇ ਕਿਸਾਨ ਆਗੂਆਂ ਦੀ ਮੀਟਿੰਗ ਦੌਰਾਨ ਫ਼ੈਸਲਾ ਲਿਆ ਗਿਆ ਕਿ ਝੋਨੇ ਨੂੰ ਵਿਕਾਉਣ ਲਈ ਹੁਣ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਪੱਕੇ ਮੋਰਚੇ ਤੋਂ ਬਿਨਾਂ ਸਰਨਾ ਨਹੀਂ। ਆਗੂ ਦਾ ਕਹਿਣਾ ਹੈ ਕਿ 5 ਦਿਨ ਪਹਿਲਾਂ ਉਨ੍ਹਾਂ ਦੇ ਝੋਨੇ ਦੀ ਵਿਕਰੀ ਲਈ ਡਿਪਟੀ ਕਮਿਸ਼ਨਰ ਦੀ ਰਿਹਾਇਸ਼ ਦਾ ਘਿਰਾਓ ਕੀਤਾ ਸੀ ਜਿਸ ਦੌਰਾਨ ਮਾਨਸਾ ਦੇ ਸਿਵਲ ਅਤੇ ਪੁਲੀਸ ਅਧਿਕਾਰੀਆਂ ਵੱਲੋਂ ਧਰਨੇ ਦੌਰਾਨ ਆ ਕੇ ਸੋਮਵਾਰ ਤੋਂ ਬੋਲੀ ਆਰੰਭ ਕਰਵਾਉਣ ਦਾ ਭਰੋਸਾ ਦਿੱਤਾ ਗਿਆ ਸੀ ਪਰ ਅਜੇ ਤੱਕ ਝੋਨੇ ਦੀ ਖ਼ਰੀਦ ਸ਼ੁਰੂ ਨਹੀਂ ਹੋਈ। ਉਨ੍ਹਾਂ ਕਿਹਾ ਕਿ ਹੜ੍ਹਾਂ ਅਤੇ ਮੀਂਹਾਂ ਕਾਰਨ ਅਨੇਕਾਂ ਥਾਵਾਂ ’ਤੇ ਝੋਨੇ ਦੀ ਫ਼ਸਲ ਦਾ ਨੁਕਸਾਨ ਹੋਇਆ ਹੈ ਪਰ ਸਰਕਾਰ ਵੱਲੋਂ ਅਚਨਚੇਤ ਖ਼ਰੀਦ ਬੰਦ ਕਰ ਕੇ ਕਿਸਾਨਾਂ ਨੂੰ ਨੁਕਸਾਨ ਪਹੁੰਚਾਇਆ ਜਾ ਰਿਹਾ ਹੈ। ਕਿਸਾਨ ਆਗੂ ਨੇ ਪੰਜਾਬ ਸਰਕਾਰ ਦੇ ਵਿਧਾਇਕਾਂ ਅਤੇ ਵਜ਼ੀਰਾਂ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਦੋ ਦਿਨਾਂ ਵਿੱਚ ਝੋਨੇ ਦੀ ਖ਼ਰੀਦ ਆਰੰਭ ਨਾ ਹੋਈ ਤਾਂ ਜਥੇਬੰਦੀ ਵੱਲੋਂ ਪਿੰਡਾਂ ਵਿੱਚ ਆਉਂਦੇ ਵਜ਼ੀਰਾਂ ਅਤੇ ਵਿਧਾਇਕਾਂ ਨੂੰ ਘੇਰ ਕੇ ਝੋਨਾ ਨਾ ਵਿਕਣ ਦੇ ਕਾਰਨਾਂ ਬਾਰੇ ਸਵਾਲ ਪੁੱਛੇ ਜਾਣਗੇ। ਇਸ ਮੌਕੇ ਭਾਨ ਸਿੰਘ ਬਰਨਾਲਾ, ਜਗਸੀਰ ਸਿੰਘ ਜਵਾਹਰਕੇ, ਕੁਲਦੀਪ ਸਿੰਘ ਚੋਚਹਰ, ਭੋਲਾ ਸਿੰਘ ਮਾਖਾ ਤੇ ਮੇਜਰ ਸਿੰਘ ਗੋਬਿੰਦਪੁਰਾ ਵੀ ਮੌਜੂਦ ਸਨ।

