ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 19 ਅਪਰੈਲ
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ ਤੇ ਸਕੱਤਰ ਸੁਖਵਿੰਦਰ ਸਿੰਘ ਸਭਰਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਰਜ਼ਈ ਕਿਸਾਨਾਂ ਤੇ ਮਜ਼ਦੂਰਾਂ ਨੂੰ ਰਾਹਤ ਦੇਣ ਦੀ ਜਗ੍ਹਾ 400 ਤੋਂ ਵੱਧ ਕਿਸਾਨਾਂ ਖ਼ਿਲਾਫ਼ ਵਾਰੰਟ ਕੱਢ ਦਿੱਤੇ ਹਨ।
ਉਨ੍ਹਾਂ ਕਿਹਾ ਕਿ ਸ਼ੁਰੂਆਤੀ ਦਿਨਾਂ ਵਿੱਚ ਹੀ ‘ਆਪ’ ਸਰਕਾਰ ਦਾ ਲੋਕ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ। ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਕਿਸੇ ਵੀ ਕਿਸਾਨ-ਮਜ਼ਦੂਰ ਦੀ ਗ੍ਰਿਫ਼ਤਾਰੀ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਜ਼ਮੀਨਾਂ ਜਾਂ ਘਰ ਦੀ ਕੁਰਕੀ ਕਰਨ ਆਉਣ ਵਾਲੇ ਅਧਿਕਾਰੀਆਂ ਅਤੇ ਸਰਕਾਰੀ ਦਫ਼ਤਰਾਂ ਦਾ ਘਿਰਾਓ ਕਰਨ ਦੀ ਵੀ ਚਿਤਾਵਨੀ ਦਿੱਤੀ। ਕਿਸਾਨ ਆਗੂਆਂ ਨੇ ਕਿਹਾ ਕਿ ਉਦਾਰੀਕਰਨ ਅਤੇ ਸੰਸਾਰੀਕਰਨ ਦੀਆਂ ਨੀਤੀਆਂ ਨਾਲ ਲਿਆਂਦੇ ਗਏ ਰਸਾਇਣਿਕ ਖੇਤੀ ਮਾਡਲ ਨਾਲ ਖੇਤੀ ਦੇ ਲਾਗਤ ਖ਼ਰਚੇ ਕਰੀਬ 200 ਤੋਂ 300 ਫੀਸਦੀ ਤੱਕ ਵੱਧ ਚੁੱਕੇ ਹਨ, ਜਦੋਂ ਕਿ ਫਸਲਾਂ ਦੇ ਭਾਅ ਹੁਣ ਤੱਕ ਕਰੀਬ 20 ਤੋਂ 25 ਫੀਸਦੀ ਹੀ ਵਧੇ ਹਨ। ਇਨ੍ਹਾਂ ਕਾਰਪੋਰੇਟ ਪੱਖੀ ਨੀਤੀਆਂ ਨਾਲ ਪੰਜਾਬ ਦੇ ਕਿਸਾਨਾਂ-ਮਜ਼ਦੂਰਾਂ ਸਿਰ ਇਕ ਲੱਖ ਕਰੋੜ ਤੋਂ ਵੱਧ ਦਾ ਕਰਜ਼ਾ ਹੈ ਤੇ ਰੋਜ਼ ਤਿੰਨ-ਚਾਰ ਕਿਸਾਨ-ਮਜ਼ਦੂਰ ਖੁਦਕੁਸ਼ੀਆਂ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਆਰਥਿਕ ਸੰਕਟ ਵਿੱਚ ਫਸ ਚੁੱਕਾ ਹੈ। ਕਿਸਾਨਾਂ ਅਤੇ ਮਜ਼ਦੂਰਾਂ ਨਾਲ ਕਰਜ਼ੇ ਖ਼ਤਮ ਕਰਨ ਦੇ ਚੋਣ ਵਾਅਦੇ ਕਰ ਕੇ ਸੱਤਾ ਵਿੱਚ ਆਈਆਂ ਪੰਜਾਬ ਤੇ ਕੇਂਦਰ ਸਰਕਾਰਾਂ ਵੀ ਮੁੱਕਰ ਚੁੱਕੀਆਂ ਹਨ। ਇਸ ਮੌਕੇ ਉਨ੍ਹਾਂ ਕਿਸਾਨਾਂ-ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਮੁਆਫ਼ ਕਰਨ ਅਤੇ 23 ਫਸਲਾਂ ਦੀ ਖਰੀਦ ਦੀ ਗਾਰੰਟੀ ਦਾ ਕਾਨੂੰਨ ਬਣਾਉਣ ਦੀ ਮੰਗ ਕੀਤੀ।