ਪੱਤਰ ਪ੍ਰੇਰਕ
ਲਾਲੜੂ, 26 ਸਤੰਬਰ
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਬਲਾਕ ਡੇਰਾਬਸੀ ਦੀ ਮੀਟਿੰਗ ਬਲਾਕ ਪ੍ਰਧਾਨ ਜਸਵਿੰਦਰ ਸਿੰਘ ਟਿਵਾਣਾ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਕਰਨਾਟਕ ਵਿੱਚ ਗ੍ਰਿਫ਼ਤਾਰ ਕੀਤੇ ਕਿਸਾਨ ਆਗੂਆਂ ਦੀ ਰਿਹਾਈ ਦੀ ਮੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਆਪਣੀਆਂ ਮੰਗਾਂ ਦੇ ਸਬੰਧ ਵਿੱਚ ਕਰਨਾਟਕਾ ਵਿਧਾਨ ਸਭਾ ਦਾ ਘਿਰਾਓ ਕਰਨ ਗਏ ਕਿਸਾਨ ਆਗੂਆਂ ਨੂੰ ਸਥਾਨਕ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ, ਜਿਨ੍ਹਾਂ ਵਿੱਚ ਬੀਕੇਯੂ ਸਿੱਧੂਪੁਰ ਦੇ ਪੰਜਾਬ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਤੇ ਉਨ੍ਹਾਂ ਦੇ ਹੋਰ ਸਾਥੀ ਸ਼ਾਮਲ ਸਨ। ਕਿਸਾਨ ਆਗੂ ਪ੍ਰੇਮ ਸਿੰਘ ਰਾਣਾ, ਹਰਵਿੰਦਰ ਸਿੰਘ ਟੋਨੀ, ਰਾਮ ਕਰਨ ਸਿੰਘ ਬਸੀ, ਕੁਲਦੀਪ ਸਿੰਘ, ਭੁਪਿੰਦਰ ਸਿੰਘ, ਫੱਗੂ ਸਿੰਘ, ਕੁਲਦੀਪ ਸਿੰਘ ਰੰਗੀ, ਸਾਹਿਬ ਸਿੰਘ ਜੜੌਤ ਨੇ ਕੇਂਦਰ ਦੀ ਭਾਜਪਾ ਸਰਕਾਰ ਦੀ ਅਲੋਚਨਾ ਕਰਦਿਆਂ ਲਾਲੜੂ ਥਾਣਾ ਮੁਖੀ ਨੂੰ ਮੰਗ ਪੱਤਰ ਸੌਂਪਿਆ ਗਿਆ। ਉਨ੍ਹਾਂ ਚਿਤਾਵਨੀ ਦਿੱਤੀ ਜੇਕਰ ਕਿਸਾਨ ਆਗੂਆਂ ਨੂੰ ਰਿਹਾਅ ਨਹੀਂ ਕੀਤਾ ਗਿਆ ਤਾਂ ਉਹ ਭਲਕੇ ਆਈਟੀਆਈ ਲਾਲੜੂ ਨੇੜੇ ਅੰਬਾਲਾ-ਚੰਡੀਗੜ੍ਹ ਮੁੱਖ ਮਾਰਗ ਨੂੰ 11 ਤੋਂ 12 ਵਜੇ ਤੱਕ ਬੰਦ ਕਰਨਗੇ।