ਗੁਰਦੀਪ ਸਿੰਘ ਟੱਕਰ
ਮਾਛੀਵਾੜਾ ਸਾਹਿਬ, 21 ਅਕਤੂਬਰ
ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਵਿਧਾਨ ਸਭਾ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਬਿੱਲਾਂ ਨੂੰ ਨਕਾਰ ਦਿੱਤਾ ਗਿਆ ਹੈ, ਇਸ ਲਈ ਪੰਜਾਬ ਦੇ ਭਾਜਪਾ ਆਗੂ ਇਨ੍ਹਾਂ ਬਿੱਲਾਂ ਨੂੰ ਰੱਦੀ ਦੀ ਟੋਕਰੀ ’ਚ ਪਾ ਕੇ ਦਿੱਲੀ ਜਾ ਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੇ ਦੇਣ। ਮਾਛੀਵਾੜਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਬਿੱਲ ਉਪਰ ਅਜੇ ਰਾਸ਼ਟਰਪਤੀ ਅਤੇ ਰਾਜਪਾਲ ਦੇ ਦਸਤਖਤ ਹੋਣੇ ਹਨ ਅਤੇ ਜੇ ਉਨ੍ਹਾਂ ਪੰਜਾਬ ਦੇ ਪਾਸ ਕੀਤੇ ਗਏ ਬਿੱਲਾਂ ’ਤੇ ਸਹਿਮਤੀ ਨਾ ਪ੍ਰਗਟਾਈ ਤਾਂ ਕਾਂਗਰਸ ਦੇ ਮੈਂਬਰ ਪਾਰਲੀਮੈਂਟ ਦਿੱਲੀ ਵਿਖੇ ਜਾ ਕੇ ਪੱਕੇ ਤੌਰ ’ਤੇ ਧਰਨਾ ਲਾ ਦੇਣਗੇ। ਸ੍ਰੀ ਬਿੱਟੂ ਨੇ ਕਿਹਾ ਕਿ ਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੀਆਂ ਫਸਲਾਂ ਨੂੰ ਖਰੀਦਣ ਲਈ ਰੁਕਾਵਟਾਂ ਖੜ੍ਹੀਆਂ ਕੀਤੀਆਂ ਤਾਂ ਦਿੱਲੀ ਨੂੰ ਜਾਂਦਾ ਪਾਣੀ ਤੇ ਭਾਖੜਾ ਡੈਮ ’ਚੋਂ ਜਾਂਦੀ ਬਿਜਲੀ ਬੰਦ ਕਰ ਦਿੱਤੀ ਜਾਵੇਗੀ। ਪੰਜਾਬ ਵਿਚ ਰਾਸ਼ਟਰਪਤੀ ਰਾਜ ਲਾਗੂ ਹੋਣ ਦੀਆਂ ਕਿਆਸ ਅਰਾਈਆਂ ’ਤੇ ਉਨ੍ਹਾਂ ਕਿਹਾ ਕਿ ਮੋਦੀ ਕੁਝ ਵੀ ਕਰ ਸਕਦਾ ਹੈ, ਜਿਸ ਤਰ੍ਹਾਂ ਜੰਮੂ-ਕਸ਼ਮੀਰ ’ਚ ਉੱਥੋਂ ਦੇ ਲੋਕਾਂ ਨਾਲ ਧੱਕੇਸ਼ਾਹੀ ਕੀਤੀ ਉਸੇ ਤਰ੍ਹਾਂ ਹੀ ਪੰਜਾਬ ਦੇ ਕਿਸਾਨਾਂ ਨਾਲ ਵੀ ਉਹ ਹੱਦ ਤੋਂ ਵੱਧ ਧੱਕੇਸ਼ਾਹੀ ਕਰ ਸਕਦਾ ਹੈ।