ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 30 ਜੂਨ
ਕਿਰਤੀ ਕਿਸਾਨ ਯੂਨੀਅਨ ਵੱਲੋਂ ਪੰਜਾਬ ਵਿੱਚ ਡੂੰਘੇ ਹੋ ਰਹੇ ਪਾਣੀ ਦੇ ਸੰਕਟ ਨੂੰ ਹੱਲ ਕਰਨ ਨਾਲ ਸਬੰਧਤ ਮੰਗਾਂ ਲਈ ਅੱਜ ਵਰ੍ਹਦੇ ਮੀਂਹ ਵਿੱਚ ਰੋਸ ਮੁਜ਼ਾਹਰਾ ਕੀਤਾ ਗਿਆ। ਝੋਨੇ ਦੀ ਬਿਜਾਈ ਦੇ ਰੁਝੇਵਿਆਂ ਅਤੇ ਮੀਂਹ ਦੇ ਬਾਵਜੂਦ ਪੰਜਾਬ ਭਰ ’ਚੋਂ ਵੱਡੀ ਗਿਣਤੀ ਕਿਰਤੀ ਕਿਸਾਨ ਇੱਥੋਂ ਦੇ ਗੁਰਦੁਆਰਾ ਅੰਬ ਸਾਹਿਬ ਸਾਹਮਣੇ ਪੁੱਡਾ ਗਰਾਊਂਡ ਵਿੱਚ ਇਕੱਠੇ ਹੋਏ। ਇਸ ਤੋਂ ਬਾਅਦ ਉਨ੍ਹਾਂ ਮੁੱਖ ਮੰਤਰੀ ਨੂੰ ਮੰਗ ਪੱਤਰ ਦੇਣ ਲਈ ਚੰਡੀਗੜ੍ਹ ਵੱਲ ਕੂਚ ਕੀਤਾ। ਮੁਹਾਲੀ ਪੁਲੀਸ ਨੇ ਵਾਈਪੀਐੱਸ ਚੌਕ ਨੇੜੇ ਬੈਰੀਕੇਡ ਲਗਾ ਕੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਰੋਕਣ ਦਾ ਯਤਨ ਕੀਤਾ ਪਰ ਕਿਸਾਨ ਪੁਲੀਸ ਰੋਕਾਂ ਤੋੜ ਕੇ ਅੱਗੇ ਵਧਣ ਲੱਗੇ ਤਾਂ ਅਧਿਕਾਰੀਆਂ ਨੇ ਕਿਸਾਨਾਂ ਦੀ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਵਾਉਣ ਦੀ ਪੇਸ਼ਕਸ਼ ਕੀਤੀ। ਇਸ ਦੌਰਾਨ ਮੁਹਾਲੀ ਦੇ ਐਸਡੀਐਮ ਹਰਬੰਸ ਸਿੰਘ ਨੇ ਕਿਰਤੀ ਕਿਸਾਨਾਂ ਦੀ 5 ਜੁਲਾਈ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਦਾ ਲਿਖਤੀ ਭਰੋਸਾ ਦੇ ਕੇ ਸ਼ਾਂਤ ਕੀਤਾ। ਇਸ ਮਗਰੋਂ ਕਿਸਾਨਾਂ ਨੇ ਆਪਣਾ ਧਰਨਾ ਖ਼ਤਮ ਕਰਨ ਦਾ ਐਲਾਨ ਕੀਤਾ।
ਇਸ ਤੋਂ ਪਹਿਲਾਂ ਜਥੇਬੰਦੀ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਜਨਰਲ ਸਕੱਤਰ ਸਤਬਿੀਰ ਸਿੰਘ ਸੁਲਤਾਨੀ ਅਤੇ ਮੀਤ ਪ੍ਰਧਾਨ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੋਣ ਦੇ ਬਾਵਜੂਦ ਖੇਤੀ ਲਈ ਪਾਣੀ ਸੰਕਟ ਗੰਭੀਰ ਹੁੰਦਾ ਜਾ ਰਿਹਾ ਹੈ। ਕੇਂਦਰੀਕਰਨ ਦੇ ਏਜੰਡੇ ਤਹਿਤ ਡੈਮ ਸਕਿਉਰਿਟੀ ਐਕਟ ਰਾਹੀਂ ਸੂਬਿਆਂ ਦੇ ਪਾਣੀ ਦੇ ਅਧਿਕਾਰ ਉੱਤੇ ਡਾਕਾ ਮਾਰਿਆ ਗਿਆ ਹੈ। ਉਨ੍ਹਾਂ ਕਿਸਾਨਾਂ ਨੂੰ ਇਸ ਸਾਂਝੇ ਮੁੱਦੇ ’ਤੇ ਲਾਮਬੰਦ ਹੋਣ ਦੀ ਅਪੀਲ ਕਰਦਿਆਂ ਇਸ ਐਕਟ ਨੂੰ ਰੱਦ ਕਰਨ ਦੀ ਮੰਗ ਕੀਤੀ। ਉਨ੍ਹਾਂ ਮੰਗ ਕੀਤੀ ਕਿ ਇਹ ਕਾਨੂੰਨ ਰੱਦ ਕਰਨ ਲਈ ਵਿਧਾਨ ਸਭਾ ਵਿੱਚ ਮਤਾ ਪਾਸ ਕੀਤਾ ਜਾਵੇ।
ਵਿੱਤ ਸਕੱਤਰ ਹਰਮੇਸ਼ ਸਿੰਘ ਢੇਸੀ ਅਤੇ ਪ੍ਰੈਸ ਸਕੱਤਰ ਜਤਿੰਦਰ ਸਿੰਘ ਛੀਨਾ ਨੇ ਕਿਹਾ ਕਿ ਨਹਿਰੀ ਪਾਣੀ ਰਾਹੀਂ ਸਿੰਜਾਈ ਦੀ ਨੀਤੀ ਨੂੰ ਪ੍ਰਮੁੱਖਤਾ ਦੇਣ ਦੀ ਲੋੜ ਹੈ। ਸਾਲ ਭਰ ਨਹਿਰੀ ਪਾਣੀ ਉਪਲਬਧ ਕਰਵਾਉਣ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਜ਼ਮੀਨ ਹੇਠਲੇ ਪਾਣੀ ਨੂੰ ਰੀਚਾਰਜ ਕਰਨ ਲਈ ਠੋਸ ਨੀਤੀ ਬਣਾ ਕੇ ਪਾਇਲਟ ਪ੍ਰਾਜੈਕਟ ਸ਼ੁਰੂ ਕਰਨ ਦੀ ਮੰਗ ਕੀਤੀ।
ਇਸਤਰੀ ਵਿੰਗ ਦੀ ਕਨਵੀਨਰ ਹਰਦੀਪ ਕੌਰ ਕੋਟਲਾ ਅਤੇ ਯੂਥ ਵਿੰਗ ਦੇ ਕਨਵੀਨਰ ਭੁਪਿੰਦਰ ਸਿੰਘ ਲੌਂਗੋਵਾਲ ਨੇ ਸਨਅਤ ਵੱਲੋਂ ਦਰਿਆਵਾਂ ਵਿੱਚ ਪ੍ਰਦੂਸ਼ਿਤ ਪਾਣੀ ਸੁੱਟਣ ਦੇ ਮਾਮਲੇ ’ਤੇ ਚਿੰਤਾ ਜ਼ਾਹਰ ਕੀਤੀ।