ਬਿੱਲ ਪਾਸ ਹੋਣ ਮਗਰੋਂ ਸਿੱਖਾਂ ਵਿੱਚ ਖ਼ੁਸ਼ੀ ਦੀ ਲਹਿਰ
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਅੱਜ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸੋਧ ਬਿੱਲ 2026’ ਪਾਸ ਹੋਣ ਨਾਲ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਦੀ ਮੰਗ ਕਰ ਰਹੇ ਭਾਈ ਗੁਰਜੀਤ ਸਿੰਘ ਖ਼ਾਲਸਾ ਦੀ ਮੁੱਖ ਮੰਗ ਪੂਰੀ...
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਅੱਜ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸੋਧ ਬਿੱਲ 2026’ ਪਾਸ ਹੋਣ ਨਾਲ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਦੀ ਮੰਗ ਕਰ ਰਹੇ ਭਾਈ ਗੁਰਜੀਤ ਸਿੰਘ ਖ਼ਾਲਸਾ ਦੀ ਮੁੱਖ ਮੰਗ ਪੂਰੀ ਹੋ ਗਈ ਹੈ। ਇਸ ਇਤਿਹਾਸਕ ਬਿੱਲ ਦੇ ਪਾਸ ਹੋਣ ਦੀ ਖ਼ਬਰ ਮਿਲਦਿਆਂ ਹੀ ਬਾਬਾ ਬੰਦਾ ਸਿੰਘ ਬਹਾਦਰ ਚੌਕ ਵਿੱਚ ਪਿਛਲੇ ਲੰਮੇ ਸਮੇਂ ਤੋਂ ਧਰਨੇ ’ਤੇ ਬੈਠੇ ਸਿੱਖਾਂ ਵਿੱਚ ਖ਼ੁਸ਼ੀ ਦੀ ਲਹਿਰ ਹੈ ਅਤੇ ਪੂਰਾ ਪੰਡਾਲ ਜੈਕਾਰਿਆਂ ਨਾਲ ਗੂੰਜ ਉੱਠਿਆ।
ਟਾਵਰ ਮੋਰਚਾ ਸੰਚਾਲਨ ਸੰਘਰਸ਼ ਕਮੇਟੀ ਦੇ ਮੈਂਬਰਾਂ ਤਲਵਿੰਦਰ ਸਿੰਘ ਔਲਖ ਅਤੇ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ‘ਧਰਮ ਯੁੱਧ ਮੋਰਚਾ ਕਮੇਟੀ’ ਵੱਲੋਂ ਦਿੱਤੇ ਮੰਗ ਪੱਤਰ ਦੀਆਂ ਤਕਰੀਬਨ ਸਾਰੀਆਂ ਸ਼ਰਤਾਂ ਮੰਨ ਲਈਆਂ ਹਨ। ਹਾਲਾਂਕਿ, ਫਾਸਟ ਟਰੈਕ ਅਦਾਲਤਾਂ ਦੇ ਗਠਨ ਅਤੇ ਅਧਿਕਾਰਤ ਨੋਟੀਫਿਕੇਸ਼ਨ ਵਰਗੇ ਅਹਿਮ ਮੁੱਦਿਆਂ ’ਤੇ ਹਾਲੇ ਅੰਤਿਮ ਫ਼ੈਸਲਾ ਬਾਕੀ ਹੈ। 570 ਦਿਨਾਂ ਤੋਂ 400 ਫੁੱਟ ਉੱਚੇ ਟਾਵਰ ’ਤੇ ਡਟੇ ਭਾਈ ਗੁਰਜੀਤ ਸਿੰਘ ਖ਼ਾਲਸਾ ਨੇ ਵੀ ਸਰਕਾਰ ਦੀ ਕਾਰਵਾਈ ’ਤੇ ਸਹਿਮਤੀ ਜਤਾਈ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜਿਸ ਦਿਨ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਖ਼ੁਦ ਕਾਨੂੰਨ ਦੀਆਂ ਕਾਪੀਆਂ ਲੈ ਕੇ ਮੋਰਚੇ ’ਤੇ ਪਹੁੰਚਣਗੇ, ਉਸ ਤੋਂ ਬਾਅਦ ਹੀ ਉਹ ਟਾਵਰ ਤੋਂ ਉਤਰਨਗੇ।
ਦੂਜੇ ਪਾਸੇ ਸੰਘਰਸ਼ ਕਮੇਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉਸ ਬਿਆਨ ਦੀ ਸਖ਼ਤ ਨਿਖੇਧੀ ਕੀਤੀ ਹੈ, ਜਿਸ ਵਿੱਚ ਸਰਕਾਰ ਨਾਲ ਸਹਿਮਤੀ ਨਾ ਹੋਣ ਦੀ ਗੱਲ ਕਹੀ ਗਈ ਸੀ। ਕਮੇਟੀ ਆਗੂਆਂ ਨੇ ਇਸ ਨੂੰ ਮੰਦਭਾਗੀ ਰਾਜਨੀਤੀ ਕਰਾਰ ਦਿੱਤਾ।

