ਅਸੀਂ ਹਰਿਆਣਾ ’ਚ 24 ਫਸਲਾਂ ’ਤੇ ਦੇ ਰਹੇ ਹਾਂ MSP ਦੀ ਗਾਰੰਟੀ: ਸੈਣੀ
ਨਾਭਾ ਪਹੁੰਚੇ ਹਰਿਆਣਾ ਦੇ CM ਨਾਇਬ ਸੈਣੀ ਨੇ ਪੰਜਾਬ ਸਰਕਾਰ ’ਤੇ ਸੇਧੇ ਨਿਸ਼ਾਨੇ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਨਾਭਾ ਦੇ ਇਤਿਹਾਸਕ ਹੀਰਾ ਮਹਿਲ ਵਿਖੇ ਮਹਾਰਾਜਾ ਰਿਪੁਦਮਨ ਸਿੰਘ ਦੇ ਵਾਰਸਾਂ ਨਾਲ ਮੁਲਾਕਾਤ ਕਰਨ ਪਹੁੰਚੇ। ਬੀਤੇ ਦਿਨ ਸ਼ਾਹੀ ਪਰਿਵਾਰ ਦੀ ਪੰਜਵੀਂ ਪੀੜ੍ਹੀ ਦੀ ਦਸਤਾਰਬੰਦੀ ਸਮਾਗਮ ਵਿੱਚ ਨਾ ਪਹੁੰਚ ਸਕਣ ਕਾਰਨ ਉਹ ਅੱਜ ਵਿਸ਼ੇਸ਼ ਤੌਰ ’ਤੇ ਪਰਿਵਾਰ ਨੂੰ ਮਿਲਣ ਆਏ।
ਇਸ ਦੌਰਾਨ ਉਨ੍ਹਾਂ ਨੇ ਮੀਡੀਆ ਨਾਲ ਪੰਜਾਬੀ ਵਿੱਚ ਗੱਲਬਾਤ ਕਰਦਿਆਂ ਹਰਿਆਣਾ ਦੇ ਖੇਤੀਬਾੜੀ ਮਾਡਲ ਦੀ ਸ਼ਲਾਘਾ ਕੀਤੀ ਅਤੇ ਦੱਸਿਆ ਕਿ ਉਨ੍ਹਾਂ ਦੀ ਸਰਕਾਰ 24 ਫਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ (MSP) ਦੀ ਗਾਰੰਟੀ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਬਾਜ਼ਾਰ ਵਿੱਚ ਕਿਸਾਨਾਂ ਨੂੰ ਫਸਲ ਦਾ ਮੁੱਲ ਘੱਟ ਮਿਲਦਾ ਹੈ ਤਾਂ ਉਸ ਦੀ ਪੂਰੀ ਭਰਪਾਈ ਹਰਿਆਣਾ ਸਰਕਾਰ ਵੱਲੋਂ ਕੀਤੀ ਜਾਂਦੀ ਹੈ।
ਨਾਇਬ ਸੈਣੀ ਨੇ ਪੰਜਾਬ ਦੀ ਮੌਜੂਦਾ ਸਥਿਤੀ ’ਤੇ ਚਿੰਤਾ ਜ਼ਾਹਰ ਕਰਦਿਆਂ ‘ਆਮ ਆਦਮੀ ਪਾਰਟੀ’ ਦੀ ਸਰਕਾਰ ’ਤੇ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਪਰਾਧਿਕ ਘਟਨਾਵਾਂ, ਲੁੱਟਾਂ-ਖੋਹਾਂ ਅਤੇ ਕਤਲਾਂ ਕਾਰਨ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ।
ਪੰਜਾਬ ਅਤੇ ਹਰਿਆਣਾ ਦੀ ਸਾਂਝ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ 1966 ਵਿੱਚ ਦੋਵੇਂ ਸੂਬੇ ਵੱਖ ਹੋ ਗਏ ਸਨ ਪਰ ਅੱਜ ਵੀ ਇਨ੍ਹਾਂ ਦਾ ਸੱਭਿਆਚਾਰ ਅਤੇ ਰਿਸ਼ਤੇਦਾਰੀਆਂ ਇੱਕੋ ਹਨ। ਉਨ੍ਹਾਂ ਨਾਭਾ ਨਾਲ ਆਪਣੇ ਪੁਰਾਣੇ ਨਿੱਜੀ ਰਿਸ਼ਤਿਆਂ ਨੂੰ ਯਾਦ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਬਦਲਾਅ ਦੀ ਲੋੜ ਹੈ ਤਾਂ ਜੋ ਇੱਥੋਂ ਦੇ ਲੋਕਾਂ ਨੂੰ ਵੀ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮਿਲ ਸਕੇ।

