ਪੈਨਸ਼ਨਰਾਂ ਦੀ ਰਜਿਸਟ੍ਰੇਸ਼ਨ ਤਿੰਨ ਮਹੀਨਿਆਂ ’ਚ ਪੂਰੀ ਕਰਾਂਗੇ: ਚੀਮਾ
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਕਿ ਨਵੇਂ ਸ਼ੁਰੂ ਕੀਤੇ ਪੈਨਸ਼ਨਰ ਸੇਵਾ ਪੋਰਟਲ ’ਤੇ ਰਾਜ ਦੇ ਸਮੁੱਚੇ ਪੈਨਸਨਰਾਂ ਦੀ ਰਜਿਸਟ੍ਰੇਸ਼ਨ ਤਿੰਨ ਮਹੀਨਿਆਂ ਦੇ ਅੰਦਰ ਪੂਰੀ ਕਰ ਲਈ ਜਾਵੇਗੀ। ਉਨ੍ਹਾਂ ਇਹ ਦਾਅਵਾ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਤਿੰਨ ਦਿਨਾ ਜ਼ਿਲ੍ਹਾ ਪੱਧਰੀ ਪੈਨਸ਼ਨਰ ਸੇਵਾ ਮੇਲੇ ਦੇ ਉਦਘਾਟਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ 13 ਤੋਂ 15 ਨਵੰਬਰ ਤੱਕ ਪੰਜਾਬ ਦੇ ਸਮੁੱਚੇ ਜ਼ਿਲ੍ਹਿਆਂ ਵਿਚ ਪੈਨਸ਼ਨਰਾਂ ਨੂੰ ਪੋਰਟਲ ਰਜਿਸਟ੍ਰੇਸ਼ਨ ਵਿੱਚ ਸਹਾਇਤਾ ਕਰਨ ਲਈ ਅਜਿਹੇ ਮੇਲੇ ਲਗਾਏ ਜਾ ਰਹੇ ਹਨ। ਪੂਰੇ ਰਾਜ ਵਿੱਚ 5,000 ਤੋਂ ਵੱਧ ਪੈਨਸ਼ਨਰਾਂ ਨੇ ਅੱਜ ਪਹਿਲੇ ਦਿਨ ਪੋਰਟਲ ’ਤੇ ਸਫ਼ਲਤਾਪੂਰਵਕ ਰਜਿਸਟਰੇਸ਼ਨ ਕੀਤੀ ਹੈ। ਵਿੱਤ ਮੰਤਰੀ ਨੇ ਕਿਹਾ ਕਿ ਸੁਚਾਰੂ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਉਣ ਲਈ, ਵਿੱਤ ਵਿਭਾਗ ਅਤੇ ਪੈਨਸ਼ਨ ਵੰਡਣ ਵਾਲੇ ਬੈਂਕਾਂ ਦੇ ਅਧਿਕਾਰੀ ਕਿਸੇ ਵੀ ਤਕਨੀਕੀ ਸਮੱਸਿਆ ਨੂੰ ਮੌਕੇ ’ਤੇ ਹੱਲ ਕਰਨ ਲਈ ਸਾਰੇ ਜ਼ਿਲ੍ਹਾ ਪੱਧਰੀ ਸਮਾਗਮਾਂ ਵਿੱਚ ਤਿੰਨੋਂ ਦਿਨ ਮੌਜੂਦ ਰਹਿਣਗੇ। ਰਜਿਸਟ੍ਰੇਸ਼ਨ ਸਹਾਇਤਾ ਜ਼ਿਲ੍ਹਾ ਖਜ਼ਾਨਾ ਦਫ਼ਤਰਾਂ, ਪੈਨਸ਼ਨ ਵੰਡਣ ਵਾਲੇ ਬੈਂਕਾਂ, ਸੇਵਾ ਕੇਂਦਰਾਂ ਅਤੇ ਨਾਲ ਹੀ ਸੇਵਾ ਕੇਂਦਰਾਂ ਦੁਆਰਾ ਸੁਵਿਧਾਜਨਕ ਹੋਮ ਡਿਲੀਵਰੀ ਸੇਵਾਵਾਂ ਰਾਹੀਂ ਨਿਰੰਤਰ ਉਪਲਬਧ ਰਹੇਗੀ।
ਸ੍ਰੀ ਚੀਮਾ ਨੇ ਸਪੱਸ਼ਟ ਕੀਤਾ ਕਿ ਰਜਿਸਟ੍ਰੇਸ਼ਨ ਪ੍ਰਕਿਰਿਆ ਮੁਕੰਮਲ ਹੋਣ ਦੌਰਾਨ ਪੈਨਸ਼ਨ ਵੰਡ ਨਿਰਵਿਘਨ ਜਾਰੀ ਰਹੇਗੀ ਅਤੇ ਪੈਨਸ਼ਨਰਾਂ ਨੂੰ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਦੇਰੀ ਕਾਰਨ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਸ਼ੁਰੂ ਵਿੱਚ, ਪੋਰਟਲ ਪੰਜ ਮੁੱਖ ਸੇਵਾਵਾਂ ਦੇਵੇਗਾ, ਜਿਨ੍ਹਾਂ ਵਿੱਚ ਜੀਵਨ ਪ੍ਰਮਾਣ ਮੋਬਾਈਲ ਐਪ ਰਾਹੀਂ ਡਿਜੀਟਲ ਜੀਵਤ ਸਰਟੀਫਿਕੇਟ ਜਮ੍ਹਾਂ ਕਰਵਾਉਣਾ, ਪੈਨਸ਼ਨ ਨੂੰ ਪਰਿਵਾਰਕ ਪੈਨਸ਼ਨ ਵਿੱਚ ਬਦਲਣ ਲਈ ਅਰਜ਼ੀ, ਲੀਵ ਟ੍ਰੈਵਲ ਕਨਸੈਸ਼ਨ ਬੇਨਤੀਆਂ, ਪੈਨਸ਼ਨ ਨਾਲ ਸਬੰਧਤ ਸ਼ਿਕਾਇਤਾਂ ਦੀ ਰਜਿਸਟ੍ਰੇਸ਼ਨ, ਨਿੱਜੀ ਵੇਰਵਿਆਂ ਨੂੰ ਅਪਡੇਟ ਕਰਨਾ ਜਾਂ ਬਦਲਣਾ ਸ਼ਾਮਲ ਹਨ। ਵਿੱਤ ਮੰਤਰੀ ਨੇ ਸਪੱਸ਼ਟ ਕੀਤਾ ਕਿ ਪਰਵਾਸੀ ਭਾਰਤੀ ਪੈਨਸ਼ਨਰਾਂ ਨੂੰ ਵਰਤਮਾਨ ਵਿੱਚ ਪੈਨਸ਼ਨਰ ਸੇਵਾ ਪੋਰਟਲ ਦੇ ਸ਼ੁਰੂਆਤੀ ਰੋਲਆਊਟ ਤੋਂ ਬਾਹਰ ਰੱਖਿਆ ਗਿਆ ਹੈ ਇਸ ਮੌਕੇ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ, ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਮੁੱਖ ਮੰਤਰੀ ਫੀਲਡ ਅਫ਼ਸਰ ਗੁਰਮੀਤ ਸਿੰਘ, ਵਧੀਕ ਡਾਇਰੈਕਟਰ ਖਜ਼ਾਨਾ ਸਿਮਰਜੀਤ ਕੌਰ, ਜ਼ਿਲ੍ਹਾ ਖਜ਼ਾਨਾ ਅਫ਼ਸਰ ਰੇਣੂਕਾ ਕਟਿਆਲ ਮੌਜੂਦ ਸਨ।
ਲੋਕਾਂ ਨੂੰ ਗੁਮਰਾਹ ਕਰ ਰਹੀ ਹੈ ਭਾਜਪਾ
ਚੰਡੀਗੜ੍ਹ (ਟਨਸ): ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਸੂਬਾ ਸਰਕਾਰ ’ਤੇ ਕੇਂਦਰ ਦੀਆਂ ਯੋਜਨਾਵਾਂ ਵਿੱਚ ਸਹਿਯੋਗ ਨਾ ਦੇਣ ਦੇ ਦੋਸ਼ਾਂ ਨੂੰ ਨਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਦੀਆਂ ਸਾਰੀਆਂ ਯੋਜਨਾਵਾਂ ਵਿੱਚ ਬਣਦਾ ਯੋਗਦਾਨ ਪਾਇਆ ਜਾ ਰਿਹਾ ਹੈ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਭਾਜਪਾ ਵੱਲੋਂ ਝੂਠ ਬੋਲ ਕੇ ਲੋਕਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ।
ਪੰਚਾਇਤਾਂ ਨੂੰ ਵਿਕਾਸ ਲਈ 332 ਕਰੋੜ ਦੇ ਫੰਡ
ਵਿੱਤ ਮੰਤਰੀ ਨੇ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਜ਼ਮੀਨੀ ਪੱਧਰ ’ਤੇ ਵਿਕਾਸ ਨੂੰ ਤੇਜ਼ ਕਰਨ ਲਈ ਸੂਬੇ ਦੀਆਂ ਗ੍ਰਾਮ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 332 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕੀਤੀ ਗਈ ਹੈ, ਜਦੋਂ ਕਿ 334 ਕਰੋੜ ਰੁਪਏ ਦੀ ਅਗਲੀ ਕਿਸ਼ਤ ਦਸੰਬਰ ਦੇ ਅੰਤ ਤੱਕ ਜਾਂ ਜਨਵਰੀ ਦੇ ਪਹਿਲੇ ਹਫ਼ਤੇ ਜਾਰੀ ਕਰ ਦਿੱਤੀ ਜਾਵੇਗੀ।
