ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 31 ਜਨਵਰੀ
ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਅੱਜ ਇੱਥੇ ਕਾਂਗਰਸ ਦੇ ਪੰਜਾਬ ਮਾਡਲ ਤੇ ਆਮ ਆਦਮੀ ਪਾਰਟੀ ਦੇ ਦਿੱਲੀ ਮਾਡਲ ਨੂੰ ਨਕਾਰਦਿਆਂ ਕਿਹਾ ਕਿ ਪੰਜਾਬ ਨੂੰ ਇਸ ਵੇਲੇ ਸਰਬਪੱਖੀ ਵਿਕਾਸ ਲਈ ਭਾਜਪਾ ਦੀ ਕੇਂਦਰ ਸਰਕਾਰ ਵਰਗੀ ਡਬਲ ਇੰਜਣ ਵਾਲੀ ਸਰਕਾਰ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਸਰਕਾਰ ਹੀ ਸੂਬੇ ਤੇ ਸੂਬੇ ਦੇ ਲੋਕਾਂ ਦਾ ਭਵਿੱਖ ਸੁਧਾਰ ਸਕਦੀ ਹੈ। ਉਹ ਅੱਜ ਇੱਥੇ ਭਾਜਪਾ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖਲ ਕਰਾਉਣ ਲਈ ਪਹੁੰਚੇ ਹੋਏ ਸਨ।
ਇਸ ਮੌਕੇ ਭਾਜਪਾ ਦੇ ਦਫ਼ਤਰ ਵਿੱਚ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਭਾਜਪਾ ਸੂਬੇ ਦੇ ਸਰਬਪੱਖੀ ਵਿਕਾਸ ’ਤੇ ਧਿਆਨ ਕੇਂਦਰਿਤ ਕਰੇਗੀ ਤੇ ਇਹ ਵਿਕਾਸ ਕੇਂਦਰੀ ਮਾਪਦੰਡਾਂ ਮੁਤਾਬਕ ਹੋਵੇਗਾ। ਉਨ੍ਹਾਂ ਕਿਹਾ ਕਿ ਜੇਕਰ ਸੂਬੇ ਵਿੱਚ ਭਾਜਪਾ ਸਰਕਾਰ ਆਈ ਤਾਂ ਕਿਸੇ ਵੀ ਤਰ੍ਹਾਂ ਦਾ ਮਾਫੀਆ ਅਤੇ ਭ੍ਰਿਸ਼ਟਾਚਾਰ ਸਹਿਣ ਨਹੀਂ ਕੀਤਾ ਜਾਵੇਗਾ। ਉਨ੍ਹਾਂ ਇਸ ਮਾਮਲੇ ਵਿੱਚ ਉੱਤਰ ਪ੍ਰਦੇਸ਼ ਵਿੱਚ ਸਥਾਪਤ ਭਾਜਪਾ ਸਰਕਾਰ ਦਾ ਹਵਾਲਾ ਦਿੰਦਿਆਂ ਕਿਹਾ ਕਿ ਉੱਥੇ ਪ੍ਰਸ਼ਾਸਨਿਕ ਪੱਧਰ ’ਤੇ ਵੱਡੇ ਸੁਧਾਰ ਕੀਤੇ ਗਏ ਹਨ। ਉਨ੍ਹਾਂ ਅਰਵਿੰਦ ਕੇਜਰੀਵਾਲ ਦੇ ਦਿੱਲੀ ਮਾਡਲ ਨੂੰ ਬੁਰੀ ਤਰ੍ਹਾਂ ਅਸਫ਼ਲ ਕਰਾਰ ਦਿੰਦਿਆਂ ਕਿਹਾ ਕਿ ਉਸ ਦੇ ਮੁਹੱਲਾ ਕਲੀਨਿਕ ਤੇ ਨੁੱਕੜ ਦਵਾਖਾਨੇ ਬੁਰੀ ਤਰ੍ਹਾਂ ਫੇਲ੍ਹ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਉੱਥੇ ਕੰਮ ਕਰ ਰਹੇ ਡਾਕਟਰ ਖੁਲਾਸੇ ਕਰ ਰਹੇ ਹਨ, ਜਿਨ੍ਹਾਂ ਨੂੰ ਭਾਜਪਾ ਇੱਥੇ ਲੋਕਾਂ ਦੇ ਸਾਹਮਣੇ ਵੀ ਲਿਆ ਸਕਦੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੀ ਕੇਜਰੀਵਾਲ ਸਰਕਾਰ ਲੋਕਾਂ ਲਈ ਜਨਤਕ ਟਰਾਂਸਪੋਰਟ ਦੇ ਖੇਤਰ ਵਿੱਚ ਕੁਝ ਨਹੀਂ ਕਰ ਸਕੀ, ਸਗੋਂ ਉਨ੍ਹਾਂ ਵੱਲੋਂ ਆਮ ਲੋਕਾਂ ਦੀ ਭਲਾਈ ਨੂੰ ਛੱਡ ਕੇ ਵਧੇਰੇ ਮਾਲੀਆ ਇਕੱਠਾ ਕਰਨ ਲਈ ਸ਼ਰਾਬ ਨੀਤੀ ਵਿੱਚ ਕਈ ਛੋਟਾਂ ਦਿੱਤੀਆਂ ਗਈਆਂ ਹਨ।
ਮੋਦੀ ਸਰਕਾਰ ਨੂੰ ਪੰਜਾਬ ਅਤੇ ਸਿੱਖ ਹਿਤੈਸ਼ੀ ਆਖਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਨਵੰਬਰ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਜੇਲ੍ਹ ਭੇਜਿਆ, ਸਿੱਖਾਂ ਦੀ ਕਾਲੀ ਸੂਚੀ ਨੂੰ ਖਤਮ ਕੀਤਾ, ਕਰਤਾਰਪੁਰ ਲਾਂਘਾ ਖੋਲ੍ਹਿਆ ਤੇ ਹੋਰ ਵੀ ਕਈ ਅਹਿਮ ਕਾਰਜ ਕੀਤੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਮੋਦੀ ਸਰਕਾਰ ਕਿਸਾਨ ਹਿਤੈਸ਼ੀ ਹੈ, ਪਰ ਕੁਝ ਲੋਕਾਂ ਨੇ ਸਿਆਸੀ ਮੰਤਵ ਲਈ ਕਿਸਾਨਾਂ ਨੂੰ ਭੜਕਾ ਕੇ ਅੰਦੋਲਨ ਦੇ ਰਸਤੇ ਪਾਇਆ। ਜਦਕਿ ਭਾਜਪਾ ਨੇ ਕਦੇ ਵੀ ਐੱਮਐੱਸਪੀ ਜਾਂ ਮੰਡੀ ਪ੍ਰਣਾਲੀ ਬੰਦ ਕਰਨ ਬਾਰੇ ਨਹੀਂ ਕਿਹਾ। ਉਨ੍ਹਾਂ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੈ ਅਤੇ ਇੱਥੇ ਸੁਰੱਖਿਆ ਵੱਡਾ ਮੁੱਦਾ ਹੈ। ਬਿਨਾਂ ਨਵਜੋਤ ਸਿੰਘ ਸਿੱਧੂ ਦਾ ਨਾਂ ਲਏ ਉਨ੍ਹਾਂ ਕਿਹਾ ਅਜਿਹੇ ਲੋਕਾਂ ਦੇ ਹੱਥ ਵਿੱਚ ਸੁਰੱਖਿਆ ਕਿਵੇਂ ਦਿੱਤੀ ਜਾ ਸਕਦੀ ਹੈ, ਜੋ ਪਾਕਿਸਤਾਨ ਜਾ ਕੇ ਅਜਿਹੇ ਲੋਕਾਂ ਨੂੰ ਗਲੇ ਮਿਲਦੇ ਹਨ, ਜੋ ਪੰਜਾਬ ਦੀ ਬਦਹਾਲੀ ਲਈ ਜ਼ਿੰਮੇਵਾਰ ਹਨ। ਅੱਜ ਉਨ੍ਹਾਂ ਇੱਥੇ ਅੰਮ੍ਰਿਤਸਰ ਪੂਰਬੀ ਤੋਂ ਚੋਣ ਲੜ ਰਹੇ ਭਾਜਪਾ ਉਮੀਦਵਾਰ ਜਗਮੋਹਨ ਸਿੰਘ ਰਾਜੂ ਤੇ ਹਲਕਾ ਉਤਰੀ ਤੋਂ ਚੋਣ ਲੜ ਰਹੇ ਭਾਜਪਾ ਉਮੀਦਵਾਰ ਸੁਖਮਿੰਦਰ ਸਿੰਘ ਪਿੰਟੂ ਦੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ। ਇਸ ਮੌਕੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ, ਅਵਿਨਾਸ਼ ਰਾਏ ਖੰਨਾ ਤੇ ਹੋਰ ਭਾਜਪਾ ਆਗੂ ਹਾਜ਼ਰ ਸਨ।