ਸੰਤੋਖ ਗਿੱਲ
ਗੁਰੂਸਰ ਸੁਧਾਰ, 17 ਨਵੰਬਰ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਪਿੰਡ ਸਰਾਭਾ ਵਿੱਚ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱਦੀ ਘਰ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਢਾ ਦੇ ਪੰਜਾਬ ਦੌਰੇ ਵਿਰੁੱਧ ਉਨ੍ਹਾਂ ਦੀ ਜਥੇਬੰਦੀ ਵੱਲੋਂ ਜਲਦੀ ਰਣਨੀਤੀ ਉਲੀਕੀ ਜਾਵੇਗੀ। ਕਿਸਾਨ ਆਗੂ ਗ਼ਦਰ ਲਹਿਰ ਦੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ 105ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮ ਨੂੰ ਸੰਬੋਧਨ ਕਰਨ ਲਈ ਪਿੰਡ ਸਰਾਭਾ ਪੁੱਜੇ ਸਨ।
ਸ਼ਹੀਦ ਕਰਤਾਰ ਸਿੰਘ ਸਰਾਭਾ ਪਾਰਕ ਵਿਚ ਇਕੱਠ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਨੇ ਕਿਹਾ ਕਿ ਉਹ ਫਾਸ਼ੀਵਾਦੀ ਅਤੇ ਹੈਂਕੜਬਾਜ਼ ਮੋਦੀ ਸਰਕਾਰ ਨੂੰ ਝੁਕਾ ਕੇ ਅਤੇ ਖੇਤੀ ਕਾਨੂੰਨ ਰੱਦ ਕਰਵਾ ਕੇ ਹੀ ਦਮ ਲੈਣਗੇ। ਉਨ੍ਹਾਂ ਕਿਹਾ ਕਿ ਭਾਰਤੀ ਹਾਕਮ ਸਾਮਰਾਜ ਪੱਖੀ ਨੀਤੀਆਂ ਤਹਿਤ ਦੇਸ਼ ਦੇ ਵਸੀਲਿਆਂ ਜਲ, ਜੰਗਲ ਅਤੇ ਜ਼ਮੀਨ ਨੂੰ ਕਾਰਪੋਰੇਟ ਅਦਾਰਿਆਂ ਸਾਹਮਣੇ ਪਰੋਸ ਰਹੇ ਹਨ। ਉਨ੍ਹਾਂ ਕਿਹਾ ਕਿ ਕਈ ਕਿਸਾਨ ਜਥੇਬੰਦੀਆਂ ਨਾਲ ਵਿਚਾਰਧਾਰਕ ਮਤਭੇਦਾਂ ਦੇ ਬਾਵਜੂਦ ਖੇਤੀ ਕਾਨੂੰਨਾਂ ਦੀ ਵਾਪਸੀ ਲਈ ਸਾਂਝਾ ਪ੍ਰੋਗਰਾਮ ਅਤੇ ਸਾਂਝੇ ਐਕਸ਼ਨ ਉਲੀਕਣ ਲਈ ਗੰਭੀਰਤਾ ਨਾਲ ਉਪਰਾਲੇ ਜਾਰੀ ਹਨ। 26-27 ਨਵੰਬਰ ਦਾ ਦਿੱਲੀ ਮੋਰਚਾ ਕਿਸਾਨੀ ਸੰਘਰਸ਼ਾਂ ਦੇ ਇਤਿਹਾਸ ਵਿਚ ਇਹ ਇਕ ਮੀਲ ਪੱਥਰ ਸਾਬਤ ਹੋਵੇਗਾ।
ਪੰਜਾਬ ਲੋਕ ਸਭਿਆਚਾਰ ਮੰਚ ਦੇ ਸੂਬਾ ਪ੍ਰਧਾਨ ਅਤੇ ਦੇਸ਼ ਭਗਤ ਯਾਦਗਾਰ ਕਮੇਟੀ ਦੇ ਆਗੂ ਅਮੋਲਕ ਸਿੰਘ ਨੇ ਸ਼ਹੀਦ ਸਰਾਭਾ ਦੇ ਸੁਫ਼ਨਿਆਂ ਦਾ ਰਾਜ ਸਿਰਜਣ ਦਾ ਹੋਕਾ ਦਿੰਦੇ ਹੋਏ ਇਨਕਲਾਬੀ ਸਭਿਆਚਾਰ ਅਪਣਾਉਣ ਦਾ ਸੱਦਾ ਦਿੱਤਾ। ਇਸ ਦੌਰਾਨ ਯੂਨੀਅਨ ਦੇ ਸੂਬਾਈ ਐਕਟਿੰਗ ਪ੍ਰਧਾਨ ਜਸਵਿੰਦਰ ਸਿੰਘ ਲੌਂਗੋਵਾਲ, ਜ਼ਿਲ੍ਹਾ ਸਕੱਤਰ ਸੁਦਾਗਰ ਸਿੰਘ ਘੁਡਾਣੀ, ਗੁਰਪ੍ਰੀਤ ਸਿੰਘ ਨੂਰਪੁਰਾ, ਸਾਧੂ ਸਿੰਘ ਪੰਜੇਟਾ ਅਤੇ ਗੁਰਮੇਲ ਸਿੰਘ ਮਹੋਲੀ ਸਮੇਤ ਹੋਰ ਆਗੂਆਂ ਨੇ ਵੀ ਸੰਬੋਧਨ ਕੀਤਾ।
ਯੋਗਰਾਜ ਤੇ ਗੁੱਗੂ ਗਿੱਲ ਵੀ ਕਿਸਾਨਾਂ ਦੇ ਹੱਕ ਵਿੱਚ ਗਰਜੇ
ਗੁਰਦਾਸਪੁਰ (ਜਤਿੰਦਰ ਬੈਂਸ): ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਮਾਇਤ ਵਿੱਚ ਅੱਜ ਸਾਡਾ ਪੰਜਾਬ ਫੈਡਰੇਸ਼ਨ ਵੱਲੋਂ ਰੋਸ ਰੈਲੀ ਕੀਤੀ ਗਈ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪੁੱਜੇ ਫ਼ਿਲਮੀ ਸਿਤਾਰੇ ਯੋਗਰਾਜ ਸਿੰਘ ਅਤੇ ਗੁੱਗੂ ਗਿੱਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਮਾਝੇ ਦੀ ਧਰਤੀ ਗੁਰਦਾਸਪੁਰ ਵਿੱਚ ਉਹ ਫ਼ਿਲਮੀ ਹੀਰੋ ਹੋਣ ਦੇ ਨਾਤੇ ਨਹੀਂ ਸਗੋਂ ਕਿਸਾਨੀ ਸੰਘਰਸ਼ ਦੀ ਹਮਾਇਤ ਵਿੱਚ ਆਏ ਹਨ। ਉਨ੍ਹਾਂ ਕਿਹਾ ਕਿ ਅਸਲੀ ਹੀਰੋ ਤਾਂ ਕਿਸਾਨ ਹਨ, ਜੋ ਪਿਛਲੇ ਕਈ ਦਿਨਾਂ ਤੋਂ ਧਰਨਿਆਂ ’ਤੇ ਬੈਠੇ ਹਨ। ਇਸ ਦੌਰਾਨ ਉਨ੍ਹਾਂ ਕੇਂਦਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਅਪੀਲ ਕੀਤੀ।