ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 1 ਨਵੰਬਰ
ਸ਼੍ਰੋਮਣੀ ਅਕਾਲੀ ਦਲ (ਡੈਮੋਕਰੈਟਿਕ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਬਾਦਲ ਪਰਿਵਾਰ ਦਾ ਗਲਬਾ ਹਟਾਉਣ ਲਈ ਸਭ ਨੂੰ ਇਕਜੁੱਟ ਹੋਣ ਦਾ ਸੱਦਾ ਦਿੱਤਾ ਹੈ। ਸ੍ਰੀ ਢੀਂਡਸਾ ਨੇ ਇੱਥੇ ਆਪਣੀ ਰਿਹਾਇਸ਼ ਵਿਖੇ ਇਕ ਸਮਾਗਮ ’ਚ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਸ਼੍ਰੋਮਣੀ ਅਕਾਲ ਦਲ (ਡੈਮੋਕਰੈਟਿਕ) ਵੱਲੋਂ ਸਾਰੀਆਂ ਧਿਰਾਂ ਨਾਲ ਰਾਬਤਾ ਕਾਇਮ ਕਰ ਕੇ ਸਦੀ ਪੁਰਾਣੇ ਸ਼੍ਰੋਮਣੀ ਅਕਾਲੀ ਦਲ ਤੋਂ ਬਾਦਲ ਪਰਿਵਾਰ ਦਾ ਗਲਬਾ ਖ਼ਤਮ ਕੀਤਾ ਜਾਵੇਗਾ ਕਿਉਂਕਿ ਬਾਦਲਾਂ ਨੇ ਉਸ ਦਲ ਨੂੰ ਬਦਨਾਮ ਕਰ ਦਿੱਤਾ ਜਿਸ ਦਾ ਕੁਰਬਾਨੀਆਂ ਭਰਿਆ ਇਤਿਹਾਸ ਹੈ। ਉਨ੍ਹਾਂ ਕਿਹਾ ਕਿ ਬਾਦਲਾਂ ਤੋਂ ਹਰ ਹਿਸਾਬ ਲਿਆ ਜਾਵੇਗਾ। ਸ੍ਰੀ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਜਾਂ ਦਿੱਲੀ ਕਮੇਟੀ ਦੀਆਂ ਚੋਣਾਂ ਲਈ ਉਹੀ ਉਮੀਦਵਾਰ ਐਲਾਨੇ ਜਾਣਗੇ ਜੋ ਸਿਆਸੀ ਅਹੁਦਿਆਂ ਦੇ ਇੱਛੁਕ ਨਾ ਹੋਣ।
ਉਨ੍ਹਾਂ ਦੱਸਿਆ ਕਿ 13 ਦਸਬੰਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ 100 ਸਾਲ ਪੂਰੇ ਹੋਣ ਸਬੰਧੀ ਮੋਗਾ ਵਿੱਚ ਇਕ ਵੱਡਾ ਸਮਾਗਮ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਦਿੱਲੀ ਦੇ ਸਿੱਖਾਂ ਨਾਲ ਸ਼੍ਰੋਮਣੀ ਅਕਾਲੀ ਦਲ (ਡੈਮੋਕਰੈਟਿਕ) ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇਗਾ ਤੇ ਭ੍ਰਿਸ਼ਟਾਚਾਰੀਆਂ ਨੂੰ ਸਬਕ ਸਿਖਾਇਆ ਜਾਵੇਗਾ।