ਪੰਜਾਬ ’ਚੋਂ ਗੈਗਸਟਰਾਂ ਦਾ ਖ਼ਾਤਮਾ ਕਰਾਂਗੇ: ਭਗਵੰਤ ਮਾਨ

ਮੁੱਖ ਮੰਤਰੀ ਨੇ ਰਾਜਪਾਲ ਦੇ ਭਾਸ਼ਣ ’ਤੇ ਹੋਈ ਬਹਿਸ ਦਾ ਦਿੱਤਾ ਜਵਾਬ

ਪੰਜਾਬ ’ਚੋਂ ਗੈਗਸਟਰਾਂ ਦਾ ਖ਼ਾਤਮਾ ਕਰਾਂਗੇ: ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਧਾਨ ਸਭਾ ਵਿੱਚ ਸੰਬੋਧਨ ਕਰਦੇ ਹੋਏ। -ਫੋਟੋ: ਪ੍ਰਦੀਪ ਤਿਵਾੜੀ

ਚਰਨਜੀਤ ਭੁੱਲਰ

ਚੰਡੀਗੜ੍ਹ, 25 ਜੂਨ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ’ਚ ਅਮਨ ਸ਼ਾਂਤੀ ਤੇ ਖ਼ੁਸ਼ਹਾਲੀ ਲਈ ਆਪਣੀ ਵਚਨਬੱਧਤਾ ਜ਼ਾਹਿਰ ਕਰਦਿਆਂ ਸੂਬੇ ਦੇ  ਲੋਕਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਦੀ ਅਮਨ ਸ਼ਾਂਤੀ ਵਿਗਾੜਨ ਵਾਲੇ ਬਖ਼ਸ਼ੇ ਨਹੀਂ ਜਾਣਗੇ। ਮੁੱਖ ਮੰਤਰੀ ਨੇ ਰਾਜਪਾਲ ਦੇ ਭਾਸ਼ਣ ’ਤੇ ਹੋਈ ਬਹਿਸ ਦਾ ਜਵਾਬ ਦਿੰਦਿਆਂ ਕਿਹਾ ਕਿ ਅਮਨ ਕਾਨੂੰਨ ਦੀ ਸਥਿਤੀ ਬਿਹਤਰ ਬਣਾਉਣ ਲਈ ਵਿਆਪਕ ਸੁਧਾਰ ਕੀਤੇ ਜਾਣਗੇ ਤੇ ਪੰਜਾਬ ’ਚੋਂ ਗੈਗਸਟਰਾਂ ਨੂੰ ਜੜ੍ਹੋਂ ਖ਼ਤਮ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਜਲਦੀ ਹੀ ਵਿਟਨੈੱਸ ਪ੍ਰੋਟੈਕਸ਼ਨ ਬਿੱਲ (ਗਵਾਹ ਸੁਰੱਖਿਆ ਬਿੱਲ) ਲਿਆ ਰਹੀ ਹੈ ਅਤੇ ਇਸੇ ਤਰ੍ਹਾਂ ਜੇਲ੍ਹਾਂ ਨੂੰ  ਅਤਿ ਸੁਰੱਖਿਅਤ ਜੇਲ੍ਹਾਂ ਵਜੋਂ ਅਪਗ੍ਰੇਡ ਕੀਤਾ ਜਾਵੇਗਾ। ਗੈਂਗਸਟਰ ਵਿਰੋਧੀ ਟਾਸਕ ਫੋਰਸ ਨੂੰ  ਗੈਂਗਸਟਰਾਂ ਨਾਲ ਕਿਸੇ ਤਰ੍ਹਾਂ ਦਾ ਲਿਹਾਜ਼ ਨਾ ਕਰਨ ਦੇ ਹੁਕਮ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਹੱਦ ਪਾਰੋਂ ਨਸ਼ਿਆਂ ਤੇ ਹਥਿਆਰਾਂ ਦੀ ਤਸਕਰੀ ਰੋਕਣ ਲਈ ਕੇਂਦਰੀ ਏਜੰਸੀਆਂ ਨਾਲ ਤਾਲਮੇਲ ਕਰਕੇ ਕਾਰਵਾਈ ਵਿੱਢੀ ਹੋਈ ਹੈ। ਮੁੱਖ ਮੰਤਰੀ ਨੇ ਇਸ ਮੌਕੇ ਆਪਣੀ ਸਰਕਾਰ ਦੇ ਤਿੰਨ ਮਹੀਨੇ ਦੇ ਕਾਰਜਕਾਲ ਦੀਆਂ ਪ੍ਰਾਪਤੀਆਂ ਅਤੇ ਭਵਿੱਖ ’ਚ ਕੀਤੇ ਜਾਣ ਵਾਲੇ ਕੰਮਾਂ ਦਾ ਖ਼ਾਕਾ ਪੇਸ਼ ਕੀਤਾ। ਸਦਨ ’ਚ ਅੱਜ ਵਿਰੋਧੀ ਧਿਰ ਨੇ ਮੁੱਖ ਮੰਤਰੀ ਦਾ ਭਾਸ਼ਣ ਸ਼ੁਰੂ ਹੋਣ ’ਤੇ ਹੀ ਹੰਗਾਮਾ ਕੀਤਾ। ਬੀਤੇ ਦਿਨ ਵਿਰੋਧੀ ਧਿਰ ਨੇ ਅਮਨ ਕਾਨੂੰਨ ਦਾ ਮੁੱਦਾ ਚੁੱਕਿਆ ਸੀ ਤੇ ‘ਆਪ’ ਸਰਕਾਰ ਦੀ ਕਾਰਗੁਜ਼ਾਰੀ ’ਤੇ ਸੁਆਲ ਖੜ੍ਹੇ ਕੀਤੇ ਸਨ। ਮੁੱਖ ਮੰਤਰੀ ਨੇ ਵਿਰੋਧੀ ਧਿਰ ਦੀ ਗ਼ੈਰਹਾਜ਼ਰੀ ’ਚ ਆਪਣਾ ਭਾਸ਼ਣ ਪੂਰਾ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਤਿੰਨ ਮਹੀਨਿਆਂ ’ਚ ਹੀ ਭ੍ਰਿਸ਼ਟਾਚਾਰ ਵਿਰੁੱਧ 29 ਕੇਸ ਦਰਜ ਕਰਕੇ 47 ਗ੍ਰਿਫ਼ਤਾਰੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲ ਛੇਤੀ ਹੀ ਆਲ੍ਹਾਮਿਆਰੀ ਬਣਨਗੇ। ਪ੍ਰਾਈਵੇਟ ਸਕੂਲਾਂ ਵੱਲੋਂ ਲਈ ਜਾਂਦੀ ਫ਼ੀਸ ਵੀ ਨਿਯਮਬੱਧ ਕੀਤੀ ਗਈ ਹੈ ਤੇ ਸਕੂਲਾਂ ਨੂੰ  ਸਖ਼ਤ ਨਿਰਦੇਸ਼ ਹਨ ਕਿ ਉਹ ਬੱਚਿਆਂ ਦੇ ਮਾਪਿਆਂ ਨੂੰ  ਕਿਸੇ ਵਿਸ਼ੇਸ਼ ਦੁਕਾਨ ਤੋਂ ਕਿਤਾਬਾਂ ਤੇ ਵਰਦੀਆਂ ਖ਼ਰੀਦਣ ਲਈ ਮਜਬੂਰ ਨਾ ਕਰਨ।

 ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਸਾਰੀਆਂ ਖ਼ਾਲੀ ਅਸਾਮੀਆਂ ਭਰੇਗੀ ਅਤੇ 5994 ਈਟੀਟੀ ਅਧਿਆਪਕਾਂ ਅਤੇ 8393 ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀ ਭਰਤੀ ਦੀ ਪ੍ਰਕਿਰਿਆ ਜਾਰੀ ਹੈ। ਉਨ੍ਹਾਂ ਕਿਹਾ ਕਿ ਨਵੀਂ ਦਿੱਲੀ ’ਚ ਅਮਰੀਕੀ ਐਬੰਸੀ ਦੇ ਖੇਤਰੀ ਅੰਗਰੇਜ਼ੀ ਭਾਸ਼ਾ ਦਫ਼ਤਰ ਨਾਲ ਰਲ ਕੇ ਪੰਜਾਬ ਸਕੂਲ ਸਿੱਖਿਆ ਬੋਰਡ ਅਧਿਆਪਕਾਂ ਦੇ ਇੱਕ ਸਮੂਹ (50 ਦੇ ਲਗਭਗ) ਨੂੰ  ਸਿਖਲਾਈ ਦੇਣ ਜਾ ਰਿਹਾ ਹੈ। ਉਨ੍ਹਾਂ ਵਾਅਦਾ ਕੀਤਾ ਕਿ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਅਧਿਆਪਕਾਂ ਨੂੰ  ਛੇਤੀ ਹੀ ਯੂਜੀਸੀ ਦੇ ਪੇਅ ਸਕੇਲ ਦਿੱਤੇ ਜਾਣਗੇ। ਤਕਨੀਕੀ ਸਿੱਖਿਆ ਮੁਹੱਈਆ ਕਰਵਾਉਣ ਲਈ 19 ਨਵੀਆਂ ਸਰਕਾਰੀ ਆਈਟੀਆਈਜ਼ ਖੋਲ੍ਹੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਦਰਾਂ ਅਗਸਤ ਤੋਂ 75 ਮੁਹੱਲਾ ਕਲੀਨਿਕ ਖੋਲ੍ਹੇ ਜਾਣਗੇ। ਉਨ੍ਹਾਂ ਦੱਸਿਆ ਕਿ ਗੁਰਦਾਸਪੁਰ, ਨਾਭਾ, ਪੱਟੀ, ਰਾਏਕੋਟ, ਮੁਕਤਸਰ, ਤਲਵੰਡੀ ਸਾਬੋ ਤੇ ਡੇਰਾਬੱਸੀ ਵਿੱਚ 7 ਨਵੇਂ ਜ਼ੱਚਾ-ਬੱਚਾ ਸਿਹਤ ਕੇਂਦਰਾਂ ਦੀ ਉਸਾਰੀ ਨੂੰ  ਪ੍ਰਵਾਨਗੀ ਦਿੱਤੀ ਗਈ ਹੈ। 2950 ਸਬ-ਸੈਂਟਰਾਂ ਨੂੰ ‘ਤੰਦਰੁਸਤ ਪੰਜਾਬ ਸਿਹਤ ਕੇਂਦਰਾਂ’ ਵਜੋਂ ਅੱਪਗ੍ਰੇਡ ਕਰਨ ਦਾ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਲਈ 25,000 ਮਕਾਨ ਬਣਾਉਣ ਦੀ ਤਜਵੀਜ਼ ਹੈ। ਸ਼ਹਿਰਾਂ ਲਈ ਮਾਸਟਰ ਪਲਾਨ 2-3 ਸਾਲਾਂ ਵਿਚ ਮੁਕੰਮਲ ਕਰ ਲਏ ਜਾਣਗੇ। 

ਮੁੱਖ ਮੰਤਰੀ ਨੇ ਕਿਸਾਨਾਂ ਦੀ ਭਲਾਈ ਲਈ ਉਠਾਏ ਕਦਮਾਂ ਦੀ ਗੱਲ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਮੂੰਗੀ ਐੱਮਐੱਸਪੀ ’ਤੇ ਖ਼ਰੀਦਣ ਨਾਲ ਕਿਸਾਨਾਂ ਨੂੰ  ਪ੍ਰਤੀ ਏਕੜ 30,000 ਰੁਪਏ ਦੀ ਵਾਧੂ ਆਮਦਨ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਕਣਕ ਦੀ ਪਿਸਾਈ ਤੋਂ ਲੈ ਕੇ ਲਾਭਪਾਤਰੀਆਂ ਦੇ ਘਰ ਤੱਕ ਆਟੇ ਦੀ ਵੰਡ ਯਕੀਨੀ ਬਣਾਉਣ ਲਈ ਮਾਰਕਫੈੱਡ ਨੂੰ  ਨੋਡਲ ਏਜੰਸੀ ਬਣਾਇਆ ਗਿਆ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਵਿੱਤੀ ਸਾਲ ਦੌਰਾਨ ਗਿੱਦੜਬਾਹਾ ਵਿੱਚ 150 ਟੀਪੀਡੀ ਦੀ ਸਮਰੱਥਾ ਵਾਲਾ ਨਵਾਂ ਕੈਟਲ ਫੀਡ ਪਲਾਂਟ ਵੀ ਬਣ ਕੇ ਤਿਆਰ ਹੋ ਜਾਵੇਗਾ। ਫ਼ਿਰੋਜ਼ਪੁਰ, ਜਲੰਧਰ, ਲੁਧਿਆਣਾ ਅਤੇ ਗਡਵਾਸੂ, ਲੁਧਿਆਣਾ ’ਚ ਨਵੇਂ ਦੁੱਧ ਪ੍ਰਾਸੈਸਿੰਗ ਪਲਾਂਟ ਲਾਏ ਜਾ ਰਹੇ ਹਨ। ਇਸੇ ਤਰ੍ਹਾਂ ਵੇਰਕਾ ਕੈਟਲ ਫੀਡ ਪਲਾਂਟ ਦੀ ਉਸਾਰੀ ਘਣੀਆ ਕੇ ਬਾਂਗਰ (ਗੁਰਦਾਸਪੁਰ) ’ਚ ਕੀਤੀ ਜਾ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਜਾਨਾਂ ਵਾਰਨ ਵਾਲੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਦਾ ਮਾਣ-ਭੱਤਾ ਵਧਾ ਕੇ ਇੱਕ ਕਰੋੜ ਰੁਪਏ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ 25 ਹਜ਼ਾਰ ਖ਼ਾਲੀ ਅਸਾਮੀਆਂ ਦਾ ਇਸ਼ਤਿਹਾਰ ਦੇਣ ਦਾ ਫ਼ੈਸਲਾ ਲਿਆ ਹੈ। ਆਪਣੇ ਪਹਿਲੇ 100 ਦਿਨਾਂ ਵਿੱਚ ਹੀ ਪੰਜਾਬ ਤੋਂ ਦਿੱਲੀ ਹਵਾਈ ਅੱਡੇ ਤੱਕ ਸਿੱਧੀਆਂ ਬੱਸਾਂ ਚਲਾ ਦਿੱਤੀਆਂ ਹਨ।  ਭਗਵੰਤ ਮਾਨ ਨੇ ਕਿਹਾ ਕਿ ਈ-ਲਰਨਰ ਲਾਇਸੈਂਸ ਸ਼ੁਰੂ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਪਰਵਾਸੀ ਭਾਰਤੀਆਂ ਨੂੰ ਅਪੀਲ ਕੀਤੀ ਕਿ ਉਹ ਉਦਯੋਗਿਕ ਹੱਬ ਸਥਾਪਤ ਕਰਨ ਲਈ ਅੱਗੇ ਆਉਣ ਅਤੇ ਆਪਣੇ ਪਿੰਡਾਂ ’ਚ ਮਾਡਲ ਸਕੂਲਾਂ ਤੇ ਹਸਪਤਾਲਾਂ ਦੇ ਵਿਕਾਸ ਵਿੱਚ ਭਾਈਵਾਲ ਬਣਨ।ਉਨ੍ਹਾਂ ਕਿਹਾ ਕਿ ਹੁਣ ਤੱਕ 6100 ਏਕੜ ਪੰਚਾਇਤੀ ਜ਼ਮੀਨ ਨਾਜਾਇਜ਼ ਕਬਜ਼ੇ ਤੋਂ ਛੁਡਵਾਈ ਗਈ ਹੈ। ਸਰਕਾਰ ਨੇ ਪਿੰਡਾਂ ਦੇ ਛੱਪੜਾਂ ਦੀ ਸੁਰਜੀਤੀ ਲਈ 10 ਸਾਲਾ ਯੋਜਨਾ ਤਿਆਰ ਕੀਤੀ ਹੈ ਅਤੇ ਇਸ ਲਈ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਸਹਿਯੋਗ ਲਿਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਰਣਜੀਤ ਸਾਗਰ ਡੈਮ ਦੇ ਭੰਡਾਰਾਂ ਨੂੰ ਅੰਤਰਰਾਸ਼ਟਰੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰਨ ਦੀਆਂ ਯੋਜਨਾਵਾਂ ਪਹਿਲਾਂ ਹੀ ਚੱਲ ਰਹੀਆਂ ਹਨ। ਖਟਕੜ ਕਲਾਂ ’ਚ ਸ਼ਹੀਦ ਭਗਤ ਸਿੰਘ ਅਜਾਇਬ ਘਰ ਤੇ ਐਂਗਲੋ-ਸਿੱਖ ਜੰਗੀ ਯਾਦਗਾਰਾਂ ਅਤੇ ਅਜਾਇਬ ਘਰਾਂ ਦੇ ਨਵੀਨੀਕਰਨ ਦੇ ਨਾਲ-ਨਾਲ ਖਰੜ ’ਚ ਅੱਜ ਸਰੋਵਰ, ਘੜੂੰਆਂ ’ਚ ਪਾਂਡਵ ਸਰੋਵਰ ਤੇ ਪਟਿਆਲਾ ’ਚ ਕਲਾ ਤੇ ਸੱਭਿਆਚਾਰ ਕੇਂਦਰ ਦਾ ਵਿਕਾਸ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਸਟੈਂਪ ਪੇਪਰ ਖ਼ਤਮ ਕਰਨ ਦੇ ਫ਼ੈਸਲੇ ਦਾ ਵੀ ਜ਼ਿਕਰ ਕੀਤਾ।

ਬੋਲਣ ਦਾ ਸਮਾਂ ਨਾ ਮਿਲਣ ’ਤੇ ਕਾਂਗਰਸ ਵੱਲੋਂ ਵਾਕਆਊਟ

ਚੰਡੀਗੜ੍ਹ (ਟਨਸ): ਬਜਟ ਇਜਲਾਸ ਦੇ ਦੂਜੇ ਦਿਨ ਅੱਜ ਮੁੱਖ ਮੰਤਰੀ ਭਗਵੰਤ ਮਾਨ ਜਦੋਂ ਰਾਜਪਾਲ ਵੱਲੋਂ ਦਿੱਤੇ ਭਾਸ਼ਣ ’ਤੇ ਬਹਿਸ ਦਾ ਜਵਾਬ ਦੇਣ ਲੱਗੇ ਤਾਂ ਕਾਂਗਰਸੀ ਵਿਧਾਇਕਾਂ ਨੇ ਸਦਨ ਵਿੱਚ ਬਹਿਸ ’ਤੇ ਬੋਲਣ ਦਾ ਸਮਾਂ ਨਾ ਦਿੱਤੇ ਜਾਣ ਕਾਰਨ ਹੰਗਾਮਾ ਸ਼ੁਰੂ ਕਰ ਦਿੱਤਾ। ਮੁੱਖ ਮੰਤਰੀ ਦੇ ਭਾਸ਼ਣ ’ਚ ਥੋੜ੍ਹਾ ਵਿਘਨ ਵੀ ਪਿਆ ਤੇ ਮਗਰੋਂ ਕਾਂਗਰਸੀ ਵਿਧਾਇਕ ਸਪੀਕਰ ਦੇ ਆਸਣ ਅੱਗੇ ਆ ਕੇ ਬੋਲਣ ਲੱਗੇ। ਕਾਂਗਰਸੀ ਵਿਧਾਇਕ ਵਾਕਆਊਟ ਕਰਨ ਲੱਗੇ ਤਾਂ ਮੁੱਖ ਮੰਤਰੀ ਮਾਨ ਨੇ ਕਹਿ ਦਿੱਤਾ ਕਿ ‘ਕਾਂਗਰਸ ਨੂੰ ਸੁਣਨ ਦੀ ਆਦਤ ਨਹੀਂ।’ ਕਾਂਗਰਸੀ ਵਿਧਾਇਕ ਮੁੜ ਬੈਂਚਾਂ ’ਤੇ ਬੈਠ ਗਏ। ਉਸ ਮਗਰੋਂ ਫੌਰੀ ਵਾਕਆਊਟ ਕਰ ਦਿੱਤਾ। 

ਵਿੱਤ ਮੰਤਰੀ ਵੱਲੋਂ ਪੰਜਾਬ ਦੀ ਵਿੱਤੀ ਸਥਿਤੀ ਬਾਰੇ ਵਾਈਟ ਪੇਪਰ ਪੇਸ਼

ਚੰਡੀਗੜ੍ਹ (ਟਨਸ): ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਸਦਨ ’ਚ ਪੰਜਾਬ ਦੀ ਵਿੱਤੀ ਸਥਿਤੀ ਬਾਰੇ ਵਾਈਟ ਪੇਪਰ ਪੇਸ਼ ਕੀਤਾ। ਵਿੱਤ ਮੰਤਰੀ ਨੇ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਸਾਹਮਣੇ ਸੂਬੇ ਦੇ ਆਰਥਿਕ ਹਾਲਾਤ ਰੱਖ ਰਹੇ ਹਨ ਤੇ ਪਿਛਲੇ ਸਮਿਆਂ ’ਚ ਇਨ੍ਹਾਂ ਤੱਥਾਂ ਨੂੰ ਲੁਕੋਇਆ ਜਾਂਦਾ ਰਿਹਾ ਹੈ। 

ਵਿੱਤ ਮੰਤਰੀ ਚੀਮਾ ਨੇ ਪੰਜਾਬ ਦੇ ਮੌਜੂਦਾ ਹਾਲਾਤ ਲਈ ਪਿਛਲੀਆਂ ਸਰਕਾਰਾਂ ਨੂੰ ਜ਼ਿੰਮੇਵਾਰ ਦੱਸਿਆ। ਵਾਈਟ ਪੇਪਰ ਅਨੁਸਾਰ ਪੰਜਾਬ ਸਿਰ ਇਸ ਵੇਲੇ 2.63 ਲੱਖ ਕਰੋੜ ਦਾ ਕਰਜ਼ਾ ਹੈ ਅਤੇ ਲੰਘੇ ਪੰਜ ਵਰ੍ਹਿਆਂ ਵਿੱਚ ਕਰਜ਼ੇ ’ਚ 44.23 ਫ਼ੀਸਦੀ ਦਾ ਵਾਧਾ ਹੋਇਆ ਹੈ। ਪ੍ਰਤੀ ਵਿਅਕਤੀ ਆਮਦਨ ਵਿੱਚ ਸਿਖਰ ’ਤੇ ਰਹਿਣ ਵਾਲਾ ਪੰਜਾਬ ਅੱਜ ਰੈਂਕਿੰਗ ਵਿਚ 11ਵੇਂ ਸਥਾਨ ’ਤੇ ਪੁੱਜ ਗਿਆ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਾਂਝ ਤੇ ਅਮਨ ਦੀ ਲੋਅ

ਸਾਂਝ ਤੇ ਅਮਨ ਦੀ ਲੋਅ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਭਾਰਤੀ ਜਮਹੂਰੀਅਤ ਅਤੇ ਹਿੰਦੂਤਵ

ਭਾਰਤੀ ਜਮਹੂਰੀਅਤ ਅਤੇ ਹਿੰਦੂਤਵ

ਭਾਰਤ ਦੇ 75 ਸਾਲਾ ਰਿਕਾਰਡ ਦਾ ਲੇਖਾ ਜੋਖਾ

ਭਾਰਤ ਦੇ 75 ਸਾਲਾ ਰਿਕਾਰਡ ਦਾ ਲੇਖਾ ਜੋਖਾ

ਸ਼ਹਿਰ

View All