ਇਨਸਾਫ਼ ਲਈ ਲੜਾਈ ਲੜਾਂਗੇ: ਬਾਜਵਾ
ਕਾਂਗਰਸੀ ਆਗੂਆਂ ਵੱਲੋਂ ਪੀਡ਼ਤ ਨਾਲ ਮੁਲਾਕਾਤ; ਜ਼ਿੰਮੇਵਾਰ ਪੁਲੀਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਮੰਗੀ
ਇਥੋਂ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਮੋਹਣਜੀਤ ਸਿੰਘ ਨੂੰ ਮਿਲਣ ਪੁੱਜੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਐਲਾਨ ਕਰ ਦਿੱਤਾ ਹੈ ਕਿ ਤਸ਼ੱਦਦ ਲਈ ਜ਼ਿੰਮੇਵਾਰ ਪੁਲੀਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਅਤੇ ਪੀੜਤ ਨੌਜਵਾਨ ਨੂੰ ਇਨਸਾਫ਼ ਦਿਵਾਉਣ ਲਈ ਲੜਾਈ ਲੜੀ ਜਾਵੇਗੀ। ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ, ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸਾਬਕਾ ਮੰਤਰੀ ਵਿਜੈਇੰਦਰ ਸਿੰਗਲਾ ਨੇ ਸਿਵਲ ਹਸਪਤਾਲ ’ਚ ਮੋਹਣਜੀਤ ਸਿੰਘ ਦਾ ਹਾਲ ਜਾਣਿਆ।
ਮੀਡੀਆ ਨਾਲ ਗੱਲਬਾਤ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੋਹਣਜੀਤ ਸਿੰਘ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਨਸ਼ਿਆਂ ਖ਼ਿਲਾਫ਼ ਕਾਲਾ ਝੰਡਾ ਦਿਖਾ ਕੇ ਕੋਈ ਗਲਤ ਕੰਮ ਨਹੀਂ ਕੀਤਾ ਪਰ ਪੁਲੀਸ ਨੇ ਗੁਰਸਿੱਖ ਨੌਜਵਾਨ ਮੋਹਨਜੀਤ ਸਿੰਘ ਉਪਰ ਅਣਮਨੁੱਖੀ ਤਸ਼ੱਦਦ ਢਾਹਿਆ। ਉਸ ਦੀ ਦਸਤਾਰ ਉਤਾਰ ਕੇ ਕੇਸਾਂ ਦੀ ਬੇਅਦਬੀ ਕੀਤੀ ਗਈ ਜਿਸ ਦੀ ਸ਼ਿਕਾਇਤ ਉਹ ਅੱਜ ਹੀ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਭੇਜ ਰਹੇ ਹਨ। ਉਨ੍ਹਾਂ ਮੁੱਖ ਮੰਤਰੀ ਨੂੰ ਚੁਣੌਤੀ ਦਿੰਦਿਆਂ ਕਿਹਾ, ‘‘ਜਾਂ ਤਾਂ ਤਸ਼ੱਦਦ ਲਈ ਜ਼ਿੰਮੇਵਾਰ ਡੀ ਐੱਸ ਪੀ, ਦੋ ਇੰਸਪੈਕਟਰਾਂ ਤੇ ਹੋਰ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕਰੋ ਜਾਂ ਫ਼ਿਰ ਕਾਰਵਾਈ ਤੁਹਾਡੇ ਖ਼ਿਲਾਫ਼ ਹੋਵੇਗੀ।’’ ਉਨ੍ਹਾਂ ਕਿਹਾ ਕਿ ਸਿਆਸਤ ਤੋਂ ਉਪਰ ਉਠ ਕੇ ਇਹ ਦਸਤਾਰ ਦੀ ਇੱਜ਼ਤ ਦੀ ਲੜਾਈ ਹੈ ਜੋ ਡਟ ਕੇ ਲੜੀ ਜਾਵੇਗੀ। ਤਸ਼ੱਦਦ ਦੀ ਇਹ ਘਟਨਾ ਸਰਕਾਰ ਦੇ ਤਬੂਤ ’ਚ ਆਖ਼ਰੀ ਕਿੱਲ ਸਾਬਤ ਹੋਵੇਗੀ। ਬਾਜਵਾ ਨੇ ਵਿਜੈਇੰਦਰ ਸਿੰਗਲਾ ਦੀ ਸ਼ਲਾਘਾ ਕੀਤੀ ਜਿਨ੍ਹਾਂ ਨੇ ਬੀਤੀ ਰਾਤ ਆਵਾਜ਼ ਉਠਾ ਕੇ ਐੱਮ ਐੱਲ ਆਰ ਕਟਵਾਈ। ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਪੰਜਾਬ ’ਚ ਪੁਲੀਸ ਦਾ ਰਾਜ ਹੈ। ਕਿਸੇ ਨੂੰ ਬੋਲਣ ਨਹੀਂ ਦਿੱਤਾ ਜਾ ਰਿਹਾ ਅਤੇ ਤਸ਼ੱਦਦ ਕਰਕੇ ਜੇਲ੍ਹੀਂ ਸੁੱਟਿਆ ਜਾ ਰਿਹਾ ਹੈ। ਇਸ ਦੌਰਾਨ ਪੰਜਾਬ ਪੁਲੀਸ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ ਗਈ।

