ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 21 ਅਪਰੈਲ
ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਸਕੂਲ ਸਿੱਖਿਆ ਵਿੱਚ ਸੁਧਾਰ ਲਈ ਅਧਿਆਪਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ ਤਾਂ ਜੋ ਅਧਿਆਪਕਾਂ ਜ਼ਰੀਏ ਸਿੱਖਿਆ ਸੁਧਾਰਾਂ ਨੂੰ ਅੱਗੇ ਵਧਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ ’ਤੇ ਫੀਡਬੈਕ ਲੈ ਕੇ ਸਿੱਖਿਆ ਸੁਧਾਰਾਂ ਲਈ ਕੰਮ ਕੀਤਾ ਜਾਵੇਗਾ। ਇਸ ਮੌਕੇ ਸਿੱਖਿਆ ਮੰਤਰੀ ਨੇ ਅਧਿਆਪਕਾਂ ਦੀ ਆਨਲਾਈਨ ਤਬਾਦਲਾ ਨੀਤੀ ਨੂੰ ਪੂਰਨ ਤੌਰ ’ਤੇ ਲਾਗੂ ਕਰਨ ਅਤੇ ਹੋਰਨਾਂ ਸੁਧਾਰਾਂ ਲਈ ਅਧਿਆਪਕ ਜਥੇਬੰਦੀਆਂ ਤੋਂ ਸਹਿਯੋਗ ਵੀ ਮੰਗਿਆ।
ਸਿੱਖਿਆ ਮੰਤਰੀ ਨੇ ਸੂਬੇ ਦੀਆਂ ਵੱਖ-ਵੱਖ ਅਧਿਆਪਕ ਜਥੇਬੰਦੀਆਂ ਨਾਲ ਮੀਟਿੰਗਾਂ ਕਰਦਿਆਂ ਉਕਤ ਵਿਚਾਰ ਪ੍ਰਗਟਾਏ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ ਲਈ ਸਿਹਤਮੰਦ ਮਾਹੌਲ ਸਿਰਜਿਆ ਜਾਵੇਗਾ। ਉਨ੍ਹਾਂ ਵੱਖ-ਵੱਖ ਯੂਨੀਅਨਾਂ ਵੱਲੋਂ ਉਠਾਏ ਗਏ ਮਾਮਲਿਆਂ ’ਤੇ ਹਮਦਰਦੀ ਨਾਲ ਵਿਚਾਰ ਕਰਦੇ ਹੋਏ ਜਾਇਜ਼ ਤੇ ਸੰਭਵ ਮੰਗਾਂ ਨੂੰ ਮੰਨਣ ਦਾ ਭਰੋਸਾ ਦਿਵਾਇਆ। ਸਿੱਖਿਆ ਮੰਤਰੀ ਨੇ ਕਿਹਾ ਕਿ ਅਧਿਆਪਕ ਸੰਘਰਸ਼ ਦੌਰਾਨ ਵਿਤਕਰੇ ਦਾ ਸ਼ਿਕਾਰ ਹੋਏ ਅਧਿਆਪਕਾਂ ਦੇ ਕੇਸਾਂ ਨੂੰ ਰੀਵਿਊ ਕਰਕੇ ਇਨਸਾਫ਼ ਦਿਵਾਇਆ ਜਾਵੇਗਾ ਤੇ ਵਿੱਤ ਵਿਭਾਗ ਨਾਲ ਸਬੰਧਤ ਮੰਗਾਂ ਨੂੰ ਸਬੰਧਤ ਵਿਭਾਗ ਨਾਲ ਵਿਚਾਰਿਆ ਜਾਵੇਗਾ। ਮੀਟਿੰਗ ਵਿੱਚ 18 ਅਧਿਆਪਕ ਜਥੇਬੰਦੀਆਂ ’ਤੇ ਆਧਾਰਿਤ ਸਾਂਝਾ ਅਧਿਆਪਕ ਮੋਰਚਾ ਵੱਲੋਂ ਸੁਖਵਿੰਦਰ ਸਿੰਘ ਚਾਹਲ, ਵਿਕਰਮ ਦੇਵ ਸਿੰਘ, ਬਾਜ਼ ਸਿੰਘ ਖਹਿਰਾ, ਹਰਜੀਤ ਸਿੰਘ ਬਸੋਤਾ, ਹਰਵਿੰਦਰ ਸਿੰਘ ਬਿਲਗਾ ਸ਼ਾਮਲ ਹੋਏ।