ਕਰਮਜੀਤ ਸਿੰਘ ਚਿੱਲਾ
ਪੰਜਾਬ ਮੰਡੀ ਬੋਰਡ ਵੱਲੋਂ ਮਾਲੀਆ ਵਧਾਉਣ ਅਤੇ ਕਿਸਾਨਾਂ ਦੀ ਬੈਂਕਿੰਗ ਸੇਵਾਵਾਂ ਤੱਕ ਆਸਾਨ ਪਹੁੰਚ ਯਕੀਨੀ ਬਣਾਉਣ ਲਈ 14 ਜ਼ਿਲ੍ਹਿਆਂ ਵਿੱਚ 29 ਹੋਰ ਏ ਟੀ ਐੱਮ ਲਗਾਏ ਜਾਣਗੇ। ਪਟਿਆਲਾ ਤੇ ਜਲੰਧਰ ਦੀਆਂ ਅਨਾਜ ਮੰਡੀਆਂ ਵਿੱਚ ਚਾਰ ਏ ਟੀ ਐੱਮ ਪਹਿਲਾਂ ਹੀ ਚਾਲੂ ਹੋ ਚੁੱਕੇ ਹਨ। ਮੁਹਾਲੀ ਸਥਿਤ ਮੁੱਖ ਦਫ਼ਤਰ ਵਿੱਚ ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਇਹ ਏ ਟੀ ਐੱਮ ਬੈਂਕਿੰਗ ਸੇਵਾਵਾਂ ਤੱਕ ਕਿਸਾਨਾਂ ਅਤੇ ਆਮ ਲੋਕਾਂ ਲਈ ਬੇਹੱਦ ਲਾਭਦਾਇਕ ਸਾਬਤ ਹੋ ਰਹੇ ਹਨ ਅਤੇ ਪੰਜਾਬ ਮੰਡੀ ਬੋਰਡ ਦੇ ਮਾਲੀਏ ਵਿੱਚ ਵੀ ਵਾਧਾ ਕਰ ਰਹੇ ਹਨ।
ਚੇਅਰਮੈਨ ਨੇ ਦੱਸਿਆ ਕਿ ਮੀਟਿੰਗ ਦੌਰਾਨ ਮੰਡੀ ਬੋਰਡ ਨਾਲ ਸਬੰਧਤ ਵੱਖ-ਵੱਖ ਮੁੱਖ ਏਜੰਡਿਆਂ ’ਤੇ ਵਿਆਪਕ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਕਈ ਏਜੰਡੇ ਪਾਸ ਕੀਤੇ ਗਏ। ਉਨ੍ਹਾਂ ਕਿਹਾ ਕਿ ਬੋਰਡ ਦੀ ਆਮਦਨ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਚੁੱਕੇ ਜਾ ਰਹੇ ਕਦਮਾਂ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸ ਵਿੱਚ ਮੰਡੀਆਂ ’ਚ ਯੂਨੀਪੋਲ ਹੋਰਡਿੰਗ ਲਗਾਉਣਾ, ਖਾਲੀ ਪਲਾਟਾਂ ਦੀ ਈ-ਨਿਲਾਮੀ ਅਤੇ ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਦੀ ਸਹੂਲਤ ਲਈ ਹੋਰ ਵਿਕਾਸ ਕਾਰਜ ਸ਼ਾਮਲ ਹਨ। ਸੂਬਾ ਸਰਕਾਰ ਦੀ ਸੁਚਾਰੂ ਖ਼ਰੀਦ ਸਬੰਧੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਬਰਸਟ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਮੌਜੂਦਾ ਸਾਉਣੀ ਖ਼ਰੀਦ ਸੀਜ਼ਨ 2025-26 ਲਈ ਸੂਬਾ ਸਰਕਾਰ ਵੱਲੋਂ 1822 ਖਰੀਦ ਕੇਂਦਰ ਸਥਾਪਤ ਕੀਤੇ ਗਏ ਹਨ। ਮੀਟਿੰਗ ਵਿੱਚ ਪੰਜਾਬ ਮੰਡੀ ਬੋਰਡ ਦੇ ਸਕੱਤਰ ਰਾਮਵੀਰ ਤੇ ਬੋਰਡ ਆਫ਼ ਡਾਇਰੈਕਟਰ ਦੇ ਮੈਂਬਰ ਸ਼ਾਮਲ ਸਨ।