ਬੀਐੱਸ ਚਾਨਾ
ਸ੍ਰੀ ਆਨੰਦਪੁਰ ਸਾਹਿਬ, 3 ਅਪਰੈਲ
ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ ਕਿਹਾ ਕਿ ਚੰਡੀਗੜ੍ਹ, ਪੰਜਾਬ ਲਈ ਬਣਿਆ ਸੀ, ਇਸ ’ਤੇ ਹਰਿਆਣਾ ਦਾ ਕੋਈ ਹੱਕ ਨਹੀਂ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪੰਜਾਬ ਲਈ ਲੈ ਕੇ ਰਹਾਂਗੇ ਭਾਵੇਂ ਉਨ੍ਹਾਂ ਨੂੰ ਕੋਈ ਵੀ ਕੁਰਬਾਨੀ ਕਿਉਂ ਨਾ ਕਰਨੀ ਪਵੇ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਨੰਦਪੁਰ ਸਾਹਿਬ ਪੁੱਜੇ ਵਿਧਾਇਕ ਡਾ. ਚੰਨੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਚੰਡੀਗੜ੍ਹ ਲਈ ਸੂਬਾ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਮਤਾ ਵੀ ਪਾਸ ਕੀਤਾ ਗਿਆ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲਦੀ ਹੀ ਰਾਜਪਾਲ ਨੂੰ ਵੀ ਮਿਲਣਗੇ।
ਬਿਜਲੀ ਮੁਆਫ਼ੀ ਦੇ ਮੁੱਦੇ ’ਤੇ ਗੱਲਬਾਤ ਕਰਦਿਆਂ ਡਾ. ਚੰਨੀ ਨੇ ਕਿਹਾ ਕਿ ਸਰਕਾਰ ਆਪਣੇ ਹਰ ਵਾਅਦੇ ’ਤੇ ਕਾਇਮ ਹੈ। ਉਨ੍ਹਾਂ ਕਿਹਾ ਕਿ ਪਹਿਲੀ ਅਪਰੈਲ ਤੋਂ ਪੰਜਾਬ ਦੇ ਹਰ ਪਰਿਵਾਰ ਨੂੰ ਦੋ ਮਹੀਨਿਆਂ ਦੇ 600 ਯੂਨਿਟ ਮੁਫ਼ਤ ਮਿਲਣੇ ਸ਼ੁਰੂ ਹੋ ਜਾਣਗੇ। ਪ੍ਰਾਈਵੇਟ ਸਕੂਲਾਂ ਵੱਲੋਂ ਕੀਤੀਆਂ ਜਾਂਦੀਆਂ ਮਨਮਰਜ਼ੀਆਂ ਬਾਰੇ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਵਿਧਾਇਕ ਨੇ ਕਿਹਾ ਕਿ ਪੰਜਾਬ ਦੀਆਂ ਸੜਕਾਂ ਉੱਪਰ ਲੱਗੇ ਦਿਸ਼ਾ ਸੂਚਕ ਬੋਰਡਾਂ ਸਣੇ ਸੂਬੇ ਦੇ ਸਾਰੇ ਦਫ਼ਤਰੀ ਕੰਮ ਵੀ ਪੰਜਾਬੀ ਵਿੱਚ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਦੇ ਪਹਿਲੇ ਦਸ ਦਿਨਾਂ ਵਿਚ ਹੀ ਕਈ ਇਤਿਹਾਸਕ ਫ਼ੈਸਲੇ ਕੀਤੇ ਗਏ ਹਨ। ਤਖ਼ਤ ਕੇਸਗੜ੍ਹ ਸਾਹਿਬ ਪਹੁੰਚਣ ’ਤੇ ਵਪਾਰ ਵਿੰਗ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਜਸਬੀਰ ਸਿੰਘ ਅਰੋੜਾ ਦੀ ਅਗਵਾਈ ਹੇਠ ਵਿਧਾਇਕ ਦਾ ਸਨਮਾਨ ਵੀ ਕੀਤਾ ਗਿਆ।