ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 1 ਅਗਸਤ
ਵਾਤਾਵਰਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਨੂੰ ਪਲਾਸਟਿਕ ਮੁਕਤ ਬਣਾਇਆ ਜਾਵੇਗਾ, ਜਿਸ ਵਾਸਤੇ 5 ਅਗਸਤ ਨੂੰ ਮੁਹਿੰਮ ਵਿੱਢੀ ਜਾਵੇਗੀ। ‘ਆਪ’ ਸਰਕਾਰ ਦੀ ਪਲਾਸਟਿਕ ਮੁਕਤ ਪੰਜਾਬ ਬਣਾਉਣ ਲਈ ਜ਼ੀਰੋ ਟਾਲਰੈਂਸ ਦੀ ਨੀਤੀ ਹੋਵੇਗੀ।
ਸ੍ਰੀ ਮੀਤ ਹੇਅਰ ਨੇ ਪੰਜਾਬ ਭਵਨ ਵਿੱਚ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ 5 ਅਗਸਤ ਨੂੰ ਧੂਰੀ ਵਿੱਚ ਸੂਬਾ ਪੱਧਰੀ ਸਮਾਗਮ ਵਿੱਚ ਲਿਫ਼ਾਫ਼ਿਆਂ ਅਤੇ ਇੱਕ ਵਾਰ ਵਰਤੋਂ ਵਾਲੀ ਪਲਾਸਟਿਕ ਦੀ ਪੂਰਨ ਪਾਬੰਦੀ ਦਾ ਸੱਦਾ ਦੇਣਗੇ। ਇੱਕੋ ਵੇਲੇ 5 ਅਗਸਤ ਨੂੰ ਬਾਕੀ 22 ਜ਼ਿਲ੍ਹਿਆਂ ਵਿੱਚ ਵੀ ਜ਼ਿਲ੍ਹਾ ਪੱਧਰੀ ਸਮਾਗਮ ਹੋਣਗੇ ਜਿਨ੍ਹਾਂ ਵਿੱਚ ਕੈਬਨਿਟ ਮੰਤਰੀ, ਸੰਸਦ ਮੈਂਬਰ, ਵਿਧਾਇਕ ਸਬੰਧਤ ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਅਧਿਕਾਰੀ ਪਲਾਸਟਿਕ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣਗੇ।