ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨ ਬਣਾਵਾਂਗੇ: ਭਗਵੰਤ ਮਾਨ
ਆਤਿਸ਼ ਗੁਪਤਾ
ਚੰਡੀਗੜ੍ਹ, 28 ਜੂਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਹੈ ਕਿ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਦੇ ਮਾਮਲਿਆਂ ਵਿੱਚ ਸਖ਼ਤ ਸਜ਼ਾਵਾਂ ਯਕੀਨੀ ਬਣਾਉਣ ਲਈ ਕਾਨੂੰਨ ਲਿਆਂਦਾ ਜਾਵੇਗਾ। ਮੁੱਖ ਮੰਤਰੀ ਨੇ ਆਪਣੀ ਸਰਕਾਰੀ ਰਿਹਾਇਸ਼ ’ਤੇ ਅਧਿਕਾਰੀਆਂ ਅਤੇ ਸਰਬ ਧਰਮ ਬੇਅਦਬੀ ਰੋਕੋ ਕਾਨੂੰਨ ਮੋਰਚਾ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਲਈ ਮਿਸਾਲੀ ਸਜ਼ਾਵਾਂ ਯਕੀਨੀ ਬਣਾਉਣ ਲਈ ਅਜਿਹਾ ਕਾਨੂੰਨ ਲਿਆ ਕੇ ਰਹੇਗੀ। ਉਨ੍ਹਾਂ ਕਿਹਾ ਕਿ ਅਜਿਹਾ ਕਾਨੂੰਨ ਲਿਆਉਣ ਲਈ ਕਾਨੂੰਨੀ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕੀਤਾ ਜਾਵੇਗਾ। ਉਨ੍ਹਾਂ ਮੌਜੂਦਾ ਕਾਨੂੰਨੀ ਤਰੁੱਟੀਆਂ ’ਤੇ ਚਿੰਤਾ ਪ੍ਰਗਟ ਕੀਤੀ ਜੋ ਅਜਿਹੇ ਨਾ-ਮਾਫੀਯੋਗ ਅਪਰਾਧਾਂ ਦੇ ਦੋਸ਼ੀਆਂ ਨੂੰ ਆਜ਼ਾਦ ਘੁੰਮਣ ਦੀ ਆਗਿਆ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਵਿੱਚ ਸਿੱਧੇ ਜਾਂ ਅਸਿੱਧੇ ਤੌਰ ’ਤੇ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਮੁਲਜ਼ਮਾਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਾਨੂੰਨ ਦਾ ਖਰੜਾ ਤਿਆਰ ਕਰਨ ਲਈ ਧਾਰਮਿਕ ਸੰਗਠਨਾਂ ਸਣੇ ਸਾਰੇ ਭਾਈਵਾਲਾਂ ਨਾਲ ਸਲਾਹ-ਮਸ਼ਵਰਾ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਨਿਆਂ ਸੰਹਿਤਾ (ਬੀਐੱਨਐੱਸ) ਵਿੱਚ ਧਾਰਮਿਕ ਸਥਾਨਾਂ ਬਾਰੇ ਤਾਂ ਸਪੱਸ਼ਟ ਉਪਬੰਧ ਹਨ ਪਰ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਬਾਰੇ ਇਸ ਵਿੱਚ ਕੋਈ ਉਪਬੰਧ ਨਹੀਂ ਸ਼ਾਮਲ ਕੀਤਾ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਇਸ ਮੁੱਦੇ ਬਾਰੇ ਜਲਦੀ ਕੈਬਨਿਟ ਮੀਟਿੰਗ ਵੀ ਸੱਦੀ ਜਾਵੇਗੀ।