ਸੰਜੀਵ ਬੱਬੀ
ਚਮਕੌਰ ਸਾਹਿਬ, 20 ਸਤੰਬਰ
ਮੁੱਖ ਅੰਸ਼
- ਮੁੱਖ ਮੰਤਰੀ ਵਜੋਂ ਹਲਫ਼ ਲੈਣ ਤੋਂ ਪਹਿਲਾਂ ਤੇ ਮਗਰੋਂ ਪਰਿਵਾਰ ਸਮੇਤ ਗੁਰਦੁਆਰਾ ਸਾਹਿਬ ਮੱਥਾ ਟੇਕਿਆ
ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਅਹੁਦੇ ਦਾ ਹਲਫ਼ ਲੈਣ ਮਗਰੋਂ ਕਿਹਾ ਕਿ ਉਹ ਅਫ਼ਸਰਸ਼ਾਹੀ ਨੂੰ ਸਰਕਾਰ ’ਤੇ ਭਾਰੂ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਪਾਰਦਰਸ਼ੀ ਅਤੇ ਸਾਫ ਸੁਥਰੀ ਸਮੇਤ ਭ੍ਰਿਸ਼ਟਾਚਾਰ ਮੁਕਤ ਸਰਕਾਰ ਦਿੱਤੀ ਜਾਵੇਗੀ। ਸਰਕਾਰ ਵਿੱਚ ਹਰ ਕਿਸੇ ਦੀ ਸੁਣਵਾਈ ਹੋਵੇਗੀ ਅਤੇ ਤਹਿਸੀਲਾਂ, ਥਾਣਿਆਂ ਵਿਚਲੀ ਲੁੱਟ-ਖਸੁੱਟ ਬੰਦ ਕੀਤੀ ਜਾਵੇਗੀ। ਉਨ੍ਹਾਂ ਸਰਕਾਰੀ ਅਧਿਕਾਰੀਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਕਿਸੇ ਵੀ ਅਧਿਕਾਰੀ ਸਬੰਧੀ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਸਮੇਤ ਸਬੂਤ ਮਿਲੇ ਤਾਂ ਤੁਰੰਤ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਖੁਦ ਗ਼ਰੀਬ ਪਰਿਵਾਰ ਵਿੱਚੋਂ ਹਨ ਅਤੇ ਹਰੇਕ ਗਰੀਬ ਤੱਕ ਅਫਸਰਸ਼ਾਹੀ ਦੀ ਪਹੁੰਚ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕੈਬਨਿਟ ਨੂੰ ਨਵੀਂ ਦਿੱਖ ਦਿੱਤੀ ਜਾਵੇਗੀ ਅਤੇ ਅਫਸਰਸ਼ਾਹੀ ਨੂੰ ਸਰਕਾਰ ’ਤੇ ਭਾਰੂ ਨਹੀਂ ਹੋਣ ਦਿੱਤਾ ਜਾਵੇਗਾ। ਸ੍ਰੀ ਚੰਨੀ ਅੱਜ ਸ਼ਾਮੀਂ ਇਥੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਪਰਿਵਾਰ ਸਮੇਤ ਮੱਥਾ ਟੇਕਣ ਮਗਰੋਂ ਅਨਾਜ ਮੰਡੀ ਵਿੱਚ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਮਨਪ੍ਰੀਤ ਬਾਦਲ ਵੀ ਮੌਜੂਦ ਸਨ।
ਇਸ ਤੋਂ ਪਹਿਲਾਂ ਸ੍ਰੀ ਚੰਨੀ ਅੱਜ ਸਵੇਰੇ ਵੀ ਇੱਥੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਪਰਿਵਾਰ ਸਮੇਤ ਨਤਮਸਤਕ ਹੋਏ। ਉਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਅਰਦਾਸ ਕੀਤੀ ਕਿ ਪ੍ਰਮਾਤਮਾ ਉਨ੍ਹਾਂ ਨੂੰ ਪੰਜਾਬ ਵਿੱਚ ਅਮਨ ਸ਼ਾਂਤੀ ਤੇ ਭਾਈਚਾਰਕ ਸਾਂਝ ਬਰਕਰਾਰ ਰੱਖਣ ਅਤੇ ਪੰਜਾਬ ਦੇ ਲਟਕਦੇ ਮਸਲਿਆਂ ਨੂੰ ਹੱਲ ਕਰਨ ਸਮੇਤ ਸੂਬੇ ਦੀ ਆਰਥਿਕਤਾ ਨੂੰ ਮੁੜ ਲੀਹ ’ਤੇ ਲਿਆ ਕੇ ਪੰਜਾਬ ਨੂੰ ਵਿਕਾਸ ਪੱਖੋਂ ਦੇਸ਼ ਦਾ ਵਧੀਆ ਸੂਬਾ ਬਣਾਉਣ ਲਈ ਬਲ ਬੁੱਧੀ ਬਖਸ਼ਣ। ਸੁਵਖਤੇ ਚਮਕੌਰ ਸਾਹਿਬ ਵਿਖੇ ਸਿੱਖ ਪੰਥ ਦੇ ਮਹਾਨ ਸ਼ਹੀਦਾਂ ਨੂੰ ਨਤਮਸਤਕ ਹੋਣ ਲਈ ਆਏ ਸ੍ਰੀ ਚੰਨੀ ਨੇ ਕੜਾਹ ਪ੍ਰਸ਼ਾਦਿ ਦੀ ਦੇਗ ਵੀ ਕਰਵਾਈ। ਉਪਰੰਤ ਸ਼ਰਧਾਵਾਨ ਸਿੱਖ ਵਜੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਮੱਥਾ ਟੇਕ ਕੇ ਪ੍ਰਕਰਮਾ ਕੀਤੀ ਅਤੇ ਕੀਰਤਨ ਸਰਵਣ ਕੀਤਾ। ਗੁਰਦੁਆਰਾ ਸਾਹਿਬ ਦੇ ਮੈਨੇਜਰ ਭਾਈ ਨੱਥਾ ਸਿੰਘ ਨੇ ਸ੍ਰੀ ਚੰਨੀ ਨੂੰ ਸਿਰੋਪਾਓ ਭੇਟ ਕੀਤਾ। ਇਸ ਮੌਕੇ ਉਨ੍ਹਾਂ ਦੀ ਪਤਨੀ ਕਮਲਜੀਤ ਕੌਰ, ਭਰਾ ਡਾ. ਮਨੋਹਰ ਸਿੰਘ, ਬੇਟਾ ਨਵਨੀਤ ਸਿੰਘ, ਵਰਲਡ ਸਿੱਖ ਮਿਸ਼ਨ ਦੇ ਜਨਰਲ ਸਕੱਤਰ ਤੀਰਥ ਸਿੰਘ ਭਟੋਆ, ਪੀਏ ਜਰਨੈਲ ਸਿੰਘ, ਨਗਰ ਪੰਚਾਇਤ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਸ਼ੇਰਾ, ਸਮਿਤੀ ਮੈਂਬਰ ਰੋਹਿਤ ਸੱਭਰਵਾਲ, ਆੜ੍ਹਤੀ ਤਰਲੋਚਨ ਸਿੰਘ ਭੰਗੂ ਆਦਿ ਹਾਜ਼ਰ ਸਨ।