ਕਿਸੇ ਪਾਰਟੀ ਨਾਲ ਸਮਝੌਤਾ ਨਹੀਂ ਕਰਾਂਗੇ: ਰੱਖੜਾ
ਅਕਾਲੀ ਦਲ ਦੀ ਮੁੜ ਸੁਰਜੀਤੀ ਮੁੱਖ ਮਕਸਦ ਕਰਾਰ; ਪਾਰਟੀ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਜਲਦੀ
ਬੀ ਐੱਸ ਚਾਨਾ
ਸ਼੍ੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਅੱਜ ਸ੍ਰੀ ਆਨੰਦਪੁਰ ਸਾਹਿਬ ਦੀ ਦਸਮੇਸ਼ ਅਕੈਡਮੀ ਵਿੱਚ ਸਟਾਫ ਦੀਆਂ ਸਮੱਸਿਆਵਾਂ ਸੁਣੀਆਂ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਰੱਖੜਾ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਦਾ ਮੁੱਖ ਮਕਸਦ ਕਿਸੇ ਸਿਆਸੀ ਪਾਰਟੀ ਨਾਲ ਸਮਝੌਤਾ ਕਰਨ ਦੀ ਬਜਾਏ ਸੂਬੇ ’ਚ ਸ਼੍ਰੋਮਣੀ ਅਕਾਲੀ ਦਲ ਦੀ ਮੁੜ ਸੁਰਜੀਤੀ ਕਰਨਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸ਼ਾਨਦਾਰ ਵਿਰਾਸਤ ਨੂੰ ਬਹਾਲ ਕਰਨ ਲਈ ਸੂਬੇ ਦੇ ਹਰ ਹਿੱਸੇ ਵਿੱਚ ਉਨ੍ਹਾਂ ਨੂੰ ਭਰਵੀਂ ਹਮਾਇਤ ਮਿਲ ਰਹੀ ਹੈ। ਸ੍ਰੀ ਰੱਖੜਾ ਨੇ ਦੱਸਿਆ ਕਿ ਪਾਰਟੀ ਵੱਲੋਂ ਸਾਰੇ ਜ਼ਿਲ੍ਹਿਆਂ ਵਿੱਚ ਆਬਜ਼ਰਵਰ ਨਿਯੁਕਤ ਕੀਤੇ ਜਾ ਚੁੱਕੇ ਹਨ ਅਤੇ ਜਲਦੀ ਹੀ ਸਾਰੇ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ ਕਰ ਕੇ ਪਾਰਟੀ ਦਾ ਜਥੇਬੰਦਕ ਢਾਂਚਾ ਹੋਰ ਮਜ਼ਬੂਤ ਕੀਤਾ ਜਾਵੇਗਾ। ਦਸਮੇਸ਼ ਅਕੈਡਮੀ ਬਾਰੇ ਗੱਲ ਕਰਦਿਆਂ ਸ੍ਰੀ ਰੱਖੜਾ ਨੇ ਕਿਹਾ ਕਿ ਅਕੈਡਮੀ ਦੇ ਸਟਾਫ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਸੇਵਾ ਦੇ ਖੇਤਰ ’ਚ ਦਸਮੇਸ਼ ਅਕੈਡਮੀ ਦੀ ਆਪਣੀ ਵਿਲੱਖਣ ਪਛਾਣ ਹੈ, ਜਿਸ ਨੂੰ ਹੋਰ ਉੱਚਾਈਆਂ ’ਤੇ ਲਿਜਾਣ ਲਈ ਸਾਰਿਆਂ ਦੇ ਸਹਿਯੋਗ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਉਹ ਖੁਦ ਵੀ ਇਸ ਸੰਸਥਾ ਦੀ ਤਰੱਕੀ ਲਈ ਹਮੇਸ਼ਾ ਵਚਨਬੱਧ ਹਨ। ਇਸ ਮੌਕੇ ਹਲਕਾ ਗੜਸ਼ੰਕਰ ਤੋਂ ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।