ਲੋਕਾਂ ਨੂੰ ਲੜਾਉਣ ਦੀ ਰਾਜਨੀਤੀ ਨਹੀਂ ਕਰਾਂਗੇ: ਸਿਸੋਦੀਆ
ਦਲਬੀਰ ਸੱਖੋਵਾਲੀਆ
ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਇੱਥੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਗੈਂਗਸਟਰਾਂ ਵਿਰੁੱਧ ਜਿੱਥੇ ਸਖ਼ਤੀ ਨਾਲ ਪੇਸ਼ ਆ ਰਹੀ ਹੈ ਉਥੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਆਖਿਆ ਕਿ ‘ਆਪ’ ਲੋਕਾਂ ਨੂੰ ਲੜਾਉਣ ਅਤੇ ਗੈਂਗਸਟਰਾਂ ਨੂੰ ਹੱਲਾਸ਼ੇਰੀ ਦੇਣ ਦੀ ਰਾਜਨੀਤੀ ਨਹੀਂ ਕਰਦੀ, ਸਗੋਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ, ਚੰਗੀ ਸਿੱਖਿਆ ਦੇਣ ਵਰਗੀ ਰਾਜਨੀਤੀ ’ਚ ਭਰੋਸਾ ਰੱਖਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਬਲਾਕ ਸਮਿਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਨਤੀਜੇ ਵੀ ਸ਼ਾਨਦਾਰ ਹੋਣਗੇ ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿਕਾਸ ਕਰ ਰਿਹਾ ਹੈ। ਉਹ ਇਥੇ ਪਿੰਡ ਘਸੀਟਪੁਰਾ ਵਿੱਚ ‘ਆਪ’ ਦੇ ਜ਼ਿਲ੍ਹਾ ਦਫਤਰ ਦਾ ਉਦਘਾਟਨ ਕਰਨ ਆਏ ਸਨ। ਉਨ੍ਹਾਂ ਇਸ ਮੌਕੇ ਜ਼ਿਲ੍ਹੇ ਦੇ ਸੱਤ ਹਲਕਾ ਇੰਚਾਰਜਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ’ਤੇ ਪਾਰਟੀ ਦੇ ਜਨਰਲ ਸਕੱਤਰ ਬਲਤੇਜ ਪਨੂੰ ਤੋਂ ਇਲਾਵਾ ‘ਆਪ’ ਦੇ ਸੂਬਾਈ ਕਾਰਜਕਾਰੀ ਪ੍ਰਧਾਨ ਤੇ ਬਟਾਲਾ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਡੇਰਾ ਬਾਬਾ ਨਾਨਕ ਹਲਕਾ ਵਿਧਾਇਕ ਗੁਰਦੀਪ ਸਿੰਘ ਰੰਧਾਵਾ, ਹਲਕਾ ਸ਼੍ਰੀਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ, ਹਲਕਾ ਕਾਦੀਆਂ ਦੇ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ, ਗੁਰਦਾਸਪੁਰ ਦੇ ਹਲਕਾ ਇੰਚਾਰਜ ਰਮਨ ਬਹਿਲ, ਹਲਕਾ ਦੀਨਾਨਗਰ ਦੇ ਇੰਚਾਰਜ ਸ਼ਮਸ਼ੇਰ ਸਿੰਘ, ਹਲਕਾ ਫਤਹਿਗੜ੍ਹ ਚੂੜੀਆ ਦੇ ਇੰਚਾਰਜ ਬਲਬੀਰ ਸਿੰਘ ਪਨੂੰ, ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ ਸਮੇਤ ਆਗੂ ਹਾਜ਼ਰ ਸਨ।
