ਸੁਰਿੰਦਰ ਸਿੰਘ ਗੁਰਾਇਆ
ਟਾਂਡਾ, 12 ਅਪਰੈਲ
ਖੇਤੀ ਕਾਨੂੰਨਾਂ ਵਿਰੁੱਧ ਚੋਲਾਂਗ ਟੌਲ ਪਲਾਜ਼ਾ ’ਤੇ ਚੱਲ ਰਹੇ ਧਰਨੇ ਦੌਰਾਨ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਕੌਮੀ ਆਗੂ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਉਨ੍ਹਾਂ ਇਲਾਕੇ ਦੇ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਿਹਾ ਦੇਸ਼ ਵਿਆਪੀ ਸੰਘਰਸ਼ ਹੋਰ ਮਜ਼ਬੂਤ ਕਰਨ ਲਈ ਲਾਮਬੰਦ ਕਰਦਿਆਂ ਕਿਹਾ ਕਿ ਅੱਜ ਦਿੱਲੀ ਵਿੱਚ ਚੱਲ ਰਿਹਾ ਕਿਸਾਨ ਮੋਰਚਾ ਚੜ੍ਹਦੀਕਲਾ ਵਿੱਚ ਹੈ ਅਤੇ ਉਹ ਜਿੱਤ ਕੇ ਹੀ ਘਰਾਂ ਨੂੰ ਮੁੜਨਗੇ। ਰਾਜੇਵਾਲ ਨੇ ਕਿਹਾ ਭਾਵੇਂ ਕਿ ਸਰਕਾਰ ਕਰੋਨਾ ਕਰਕੇ ਕਿਸਾਨਾਂ ਨੂੰ ਵਾਪਸ ਜਾਣ ਲਈ ਕਹਿ ਰਹੀ ਹੈ ਪਰ ਦੇਸ਼ ਦੇ ਜਿਨ੍ਹਾਂ ਸੂਬਿਆਂ ਵਿਚ ਚੋਣਾਂ ਹੋ ਰਹੀਆਂ ਹਨ, ਉਥੇ ਕਰੋਨਾ ਨਿਯਮਾਂ ਦੀਆਂ ਪੂਰੀ ਤਰ੍ਹਾਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ।
ਰਾਜੇਵਾਲ ਨੇ ਕਿਹਾ ਕਿ ਹੁਣ ਅੰਦੋਲਨ ਦੇਸ਼ ਦੇ ਹਰੇਕ ਸੂਬੇ ਵਿੱਚ ਪਹੁੰਚ ਚੁੱਕਾ ਹੈ, ਜਿਸ ਅੱਗੇ ਮੋਦੀ ਸਰਕਾਰ ਨੂੰ ਝੁਕਣਾ ਹੀ ਪਵੇਗਾ। ਅੰਦੋਲਨ ਭਾਵੇਂ ਜਿੰਨਾ ਮਰਜ਼ੀ ਲੰਬਾ ਚਲਾ ਜਾਵੇ ਪਰ ਉਹ ਕਾਲੇ ਕਾਨੂੰਨ ਰੱਦ ਕਰਵਾ ਕੇ ਹੀ ਮੁੜਨਗੇ। ਇਸ ਦੌਰਾਨ ਦੋਆਬਾ ਕਿਸਾਨ ਕਮੇਟੀ ਦੇ ਸੂਬਾ ਪ੍ਰਧਾਨ ਜੰਗਵੀਰ ਸਿੰਘ, ਰਣਜੀਤ ਸਿੰਘ ਬਾਜਵਾ, ਸਤਪਾਲ ਸਿੰਘ ਮਿਰਜ਼ਾਪੁਰ ਦੀ ਅਗਵਾਈ ਹੇਠ ਰਾਜੇਵਾਲ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਦਵਿੰਦਰ ਸਿੰਘ ਬਸਰਾ, ਹਰਭਜਨ ਸਿੰਘ ਰਾਪੁਰ, ਰਤਨ ਸਿੰਘ ਖੋਖਰ, ਅਮਰਜੀਤ ਸਿੰਘ ਸਿੱਧੂ, ਪ੍ਰਦੀਪ ਸਿੰਘ ਮੂਨਕ ਅਤੇ ਨਿਰੰਕਾਰ ਸਿੰਘ ਵੀ ਮੌਜੂਦ ਸਨ।