ਸ਼ਗਨ ਕਟਾਰੀਆ
ਬਠਿੰਡਾ, 14 ਜੂਨ
ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਪੰਜਾਬ ਭਰ ਦੀਆਂ ਸਮੂਹ ਪੰਚਾਇਤਾਂ ਨੂੰ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਸਰਕਾਰ ਦੇ ਮੋਢੇ ਨਾਲ ਮੋਢਾ ਜੋੜਨ ਦਾ ਸੱਦਾ ਦਿੱਤਾ। ਉਨ੍ਹਾਂ ਸਥਾਨਕ ਰਿਜ਼ੌਰਟ ਵਿੱਚ ਫ਼ਿਰੋਜ਼ਪੁਰ ਡਿਵੀਜ਼ਨ ਨਾਲ ਸਬੰਧਤ ਜ਼ਿਲ੍ਹਿਆਂ ਦੀਆਂ ਪੰਚਾਇਤਾਂ ਅਤੇ ਹੋਰ ਚੁਣੇ ਹੋਏ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ‘ਪੇਂਡੂ ਵਿਕਾਸ ਵਿੱਚ ਗ੍ਰਾਮ ਸਭਾ ਦੀ ਭੂਮਿਕਾ’ ਦੇ ਮੁੱਦੇ ’ਤੇ ਕਰਵਾਏ ਸੈਮੀਨਾਰ ਦੀ ਪ੍ਰਧਾਨਗੀ ਕੀਤੀ। ਇਸ ਮੌਕੇ ਉਨ੍ਹਾਂ ਨੇ 15 ਤੋਂ 26 ਜੂਨ ਤੱਕ ਪਿੰਡਾਂ ਵਿੱਚ ਗ੍ਰਾਮ ਸਭਾ ਦੇ ਇਜਲਾਸ ਕਰਵਾਉਣ ਦਾ ਸੱਦਾ ਵੀ ਦਿੱਤਾ। ਸੂਬੇ ਵਿੱਚ ਸਮਾਜਿਕ ਤੇ ਆਰਥਿਕ ਤਬਦੀਲੀ ਲਿਆਉਣ ਲਈ ਗ੍ਰਾਮ ਸਭਾਵਾਂ ਦੀ ਪੁਨਰ ਸੁਰਜੀਤੀ ’ਤੇ ਜ਼ੋਰ ਦਿੰਦਿਆਂ ਕੈਬਨਿਟ ਮੰਤਰੀ ਸ੍ਰੀ ਧਾਲੀਵਾਲ ਨੇ ਐਲਾਨ ਕੀਤਾ ਕਿ ਇਨ੍ਹਾਂ ਗ੍ਰਾਮ ਸਭਾਵਾਂ ਦੇ ਇਜਲਾਸ ਦੌਰਾਨ ਪਾਸ ਕੀਤੇ ਸਾਰੇ ਮਤੇ ਸਰਕਾਰ ਵੱਲੋਂ ਪ੍ਰਵਾਨ ਕੀਤੇ ਜਾਣਗੇ ਅਤੇ ਸਬੰਧਤ ਪਿੰਡਾਂ ਦੀਆਂ ਗ੍ਰਾਮ ਸਭਾਵਾਂ ਵੱਲੋਂ ਨਿਰਧਾਰਤ ਕੀਤੇ ਗਏ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਲਈ ਲੋੜੀਂਦੇ ਫੰਡ ਵੀ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਭਰ ਵਿੱਚ 5500 ਏਕੜ ਤੋਂ ਵੱਧ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਛੁਡਵਾਇਆ ਜਾ ਚੁੱਕਾ ਹੈ ਅਤੇ ਅਧਿਕਾਰੀਆਂ ਵੱਲੋਂ ਇੱਕ-ਇੱਕ ਇੰਚ ਜ਼ਮੀਨ ਨੂੰ ਕਬਜ਼ਾ ਮੁਕਤ ਕਰਵਾਉਣ ਤੱਕ ਮੁਹਿੰਮ ਜਾਰੀ ਰਹੇਗੀ। ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਚਾਇਤੀ ਜ਼ਮੀਨਾਂ ’ਤੇ ਨਾਜਾਇਜ਼ ਕਬਜ਼ੇ ਹਟਾਉਣ ਲਈ ਆਮ ਲੋਕਾਂ ਅਤੇ ਐੱਨਆਰਆਈ ਵੀਰਾਂ ਵੱਲੋਂ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਦੌਰਾਨ ਹਲਕਾ ਲੰਬੀ ਤੋਂ ਵਿਧਾਇਕ ਅਤੇ ਪੰਜਾਬ ਪੰਚਾਇਤੀ ਰਾਜ ਸਭਾ ਕਮੇਟੀ ਦੇ ਚੇਅਰਮੈਨ ਗੁਰਮੀਤ ਸਿੰਘ ਖੁੱਡੀਆਂ ਨੇ ਗ੍ਰਾਮ ਸਭਾ ਅਤੇ ਪੰਜਾਬ ਦੀ ਆਰਥਿਕਤਾ ਨੂੰ ਹੋਰ ਮਜ਼ਬੂਤ ਕਰਨ ਲਈ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਹਲਕਾ ਵਿਧਾਇਕ ਬਠਿੰਡਾ (ਦਿਹਾਤੀ) ਅਮਿਤ ਰਤਨ, ਵਿਧਾਇਕ ਭੁੱਚੋ ਮਾਸਟਰ ਜਗਸੀਰ ਸਿੰਘ, ਵਿਧਾਇਕ ਮੌੜ ਸੁਖਵੀਰ ਸਿੰਘ ਮਾਈਸਰਖਾਨਾ, ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਂਵਾਲੀ, ਵਿਧਾਇਕ ਫ਼ਰੀਦਕੋਟ ਗੁਰਦਿੱਤ ਸਿੰਘ ਸੇਖੋਂ, ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਆਦਿ ਹਾਜ਼ਰ ਸਨ।