ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 13 ਸਤੰਬਰ
ਅਕਾਲੀ ਦਲ (ਅ) ਵੱਲੋਂ 15 ਸਤੰਬਰ ਨੂੰ ਵਿਸ਼ਵ ਜਮਹੂਰੀਅਤ ਦਿਵਸ ਮੌਕੇ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੀ ਜਮਹੂਰੀਅਤ ਨੂੰ ਬਹਾਲ ਕਰਵਾਉਣ ਲਈ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਇਹ ਜਾਣਕਾਰੀ ਸੰਸਦ ਮੈਂਬਰ ਅਤੇ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਅੱਜ ਇਥੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ 15 ਸਤੰਬਰ ਨੂੰ ਅੰਮ੍ਰਿਤਸਰ ਦੇ ਵਿਰਾਸਤੀ ਮਾਰਗ ਵਿਚ ਪਾਰਟੀ ਦੀ ਇੱਕ ਵੱਡੀ ਰੈਲੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜਥੇਬੰਦੀ ਵੱਲੋਂ ਇੱਥੇ ਵਿਰਾਸਤੀ ਮਾਰਗ ਵਿੱਚ ਇਕ ਵੱਡਾ ਇਜਲਾਸ ਕੀਤਾ ਜਾ ਰਿਹਾ ਹੈ, ਜਿਸ ਵਿਚ ਪਾਰਟੀ ਵੱਲੋਂ ਬੰਦੀ ਸਿੱਖਾਂ ਦੀ ਰਿਹਾਈ ਸਮੇਤ ਹੋਰ ਕਈ ਵੱਡੇ ਪ੍ਰੋਗਰਾਮ ਉਲੀਕੇ ਜਾਣਗੇ। ਉਨ੍ਹਾਂ ਕਿਹਾ ਕਿ ਬੰਦੀ ਸਿੱਖਾਂ ਦੀ ਰਿਹਾਈ ਤੇ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਰਵਾਉਣ ਦੀ ਆਵਾਜ਼ ਉਨ੍ਹਾਂ ਸੰਸਦ ਵਿੱਚ ਉਠਾਉਣ ਦਾ ਯਤਨ ਕੀਤਾ ਪਰ ਉੱਥੇ ਹੀ ਹਾਕਮ ਧਿਰ ਨੇ ਉਸ ਦੀ ਆਵਾਜ਼ ਦਬਾ ਦਿੱਤੀ।