ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 31 ਅਗਸਤ
ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ‘ਮਹਾ ਰਿਸ਼ੀ ਵਾਲਮੀਕਿ ਕਮਿਊਨਿਟੀ ਹਾਲ’ ਦਾ ਉਦਘਾਟਨ ਕਰਦਿਆਂ ਕਿਹਾ ਕਿ ‘ਆਪ’ ਸਰਕਾਰ ਸੂਬੇ ’ਚ ਅਮਨ ਅਤੇ ਸ਼ਾਂਤੀ ਦੀ ਬਹਾਲੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਧਰਮ ਅਤੇ ਜਾਤ ਦੇ ਮੁੱਦੇ ’ਤੇ ਵਿਵਾਦ ਫ਼ੈਲਾਉਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਮ ਲੋਕਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਤੇ ਲੋਕ ਹਿਤ ਲਈ ਜੋ ਵੀ ਨੀਤੀਆਂ ਤਿਆਰ ਹੋ ਰਹੀਆਂ ਹਨ, ਉਹ ਆਮ ਲੋਕਾਂ ਦੇ ਸੁਝਾਵਾਂ ਅਤੇ ਸਹੂਲਤਾਂ ਦੇ ਅਨੁਸਾਰ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਨੌਕਰੀਆਂ ਵਿੱਚ ਅਪਾਹਜਾਂ ਦਾ ਕੋਟਾ ਬਰਕਰਾਰ ਰਹੇਗਾ ਤੇ ਅੰਗਹੀਣਾਂ ਨੂੰ ਪੈਨਸ਼ਨਾਂ ਸਬੰਧੀ ਆ ਰਹੀਆਂ ਸਮੱਸਿਆਵਾਂ ਦਾ ਵੀ ਸਰਕਾਰ ਜਲਦੀ ਨਿਪਟਾਰਾ ਕਰੇਗੀ। ਇਸ ਮੌਕੇ ‘ਪ੍ਰਿਥਵੀ ਚੈਰੀਟੇਬਲ ਟਰੱਸਟ’ ਵੱਲੋਂ 50 ਅੰਗਹੀਣ ਲਾਭਪਾਤਰੀਆਂ ਨੂੰ ਮੁਫ਼ਤ ਨਕਲੀ ਅੰਗ ਵੀ ਵੰਡੇ ਜਾਣ ’ਤੇ ਉਨ੍ਹਾਂ ਨੇ ਸੰਸਥਾ ਦੀ ਸ਼ਲਾਘਾ ਕੀਤੀ।
ਇਸ ਦੌਰਾਨ ਬਠਿੰਡਾ (ਸ਼ਹਿਰੀ) ਦੇ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਸਰਕਾਰ ਵੱਲੋਂ ਬਣਾਇਆ ਇਹ ਕਮਿਊਨਿਟੀ ਹਾਲ ਵਾਲਮੀਕਿ ਭਾਈਚਾਰੇ ਲਈ ਲਾਹੇਵੰਦ ਸਿੱਧ ਹੋਵੇਗਾ। ਇਸ ਮੌਕੇ ਡੀਸੀ ਸ਼ੌਕਤ ਅਹਿਮਦ ਪਰੇ, ਏਡੀਸੀ ਰਾਹੁਲ, ਨਿਗਮ ਕਮਿਸ਼ਨਰ ਮੈਡਮ ਪਲਵੀ, ‘ਆਪ’ ਦੇ ਸੂਬਾਈ ਬੁਲਾਰਾ ਤੇ ਜੁਆਇੰਟ ਸਕੱਤਰ ਨੀਲ ਗਰਗ, ਟ੍ਰੇਡ ਵਿੰਗ ਦੇ ਸੂਬਾ ਪ੍ਰਧਾਨ ਅਨਿਲ ਠਾਕੁਰ, ਐਡਵੋਕੇਟ ਨਵਦੀਪ ਸਿੰਘ ਜੀਦਾ ਤੇ ਰਾਕੇਸ਼ ਪੁਰੀ ਵੀ ਹਾਜ਼ਰ ਸਨ।
ਆਈਸੀਡੀਐੱਸ ਸਕੀਮ ਤਹਿਤ ਕੰਮ ਕਰਦੇ ਮੁਲਾਜ਼ਮ ਤਨਖ਼ਾਹਾਂ ਨੂੰ ਤਰਸੇ
ਸੰਗਰੂਰ (ਨਿੱਜੀ ਪੱਤਰ ਪ੍ਰੇਰਕ): ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿਚ ਆਈਸੀਡੀਐੱਸ ਸਕੀਮ ਤਹਿਤ ਕੰਮ ਕਰਦੇ ਮੁਲਾਜ਼ਮਾਂ ਨੇ ਪਿਛਲੇ 2-3 ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਮਨਿਸਟੀਰੀਅਲ ਸਟਾਫ਼ ਐਸੋਸੀਏਸ਼ਨ ਦੀ ਅਗਵਾਈ ਹੇਠ 6 ਸਤੰਬਰ ਤੋਂ ਕਲਮ ਛੱਡੋ ਹੜਤਾਲ ਕਰਦਿਆਂ ਸਮੂਹਿਕ ਛੁੱਟੀ ਲੈ ਕੇ ਸਮੁੱਚਾ ਦਫ਼ਤਰੀ ਕੰਮਕਾਜ ਠੱਪ ਕਰਨ ਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦੇ ਦਫ਼ਤਰਾਂ ਅੱਗੇ ਰੋਸ ਧਰਨਿਆਂ ’ਤੇ ਬੈਠਣ ਦਾ ਐਲਾਨ ਕੀਤਾ ਹੈ। ਵਿਭਾਗ ਨਾਲ ਸਬੰਧਤ ਮਨਿਸਟੀਰੀਅਲ ਸਟਾਫ਼ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਅਮਰੀਕ ਸਿੰਘ ਪੂਨੀਆ ਨੇ ਦੱਸਿਆ ਕਿ ਕਰੀਬ ਇੱਕ ਹਫ਼ਤਾ ਪਹਿਲਾਂ 24 ਅਗਸਤ ਨੂੰ ਮਾਮਲਾ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਦੇ ਧਿਆਨ ਵਿਚ ਲਿਆਉਣ ਦੇ ਬਾਵਜੂਦ ਅਜੇ ਤੱਕ ਮੁਲਾਜ਼ਮਾਂ ਨੂੰ ਤਨਖਾਹਾਂ ਨਹੀਂ ਮਿਲੀਆਂ। ਉਨ੍ਹਾਂ ਕਿਹਾ ਕਿ ਤਨਖਾਹਾਂ ਨਾ ਮਿਲਣ ਕਾਰਨ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।