ਨਿੱਜੀ ਪੱਤਰ ਪ੍ਰੇਰਕ/ਪੱਤਰ ਪ੍ਰੇਰਕ
ਮਲੋਟ/ਫਾਜ਼ਿਲਕਾ/ਲੰਬੀ, 28 ਜੁਲਾਈ
ਮੁੱਖ ਅੰਸ਼
- ਮਾਲਵਾ ਖਿੱਤੇ ’ਚੋਂ ਸੇਮ ਦੀ ਸਮੱਸਿਆ ਦੇ ਖਾਤਮੇ ਲਈ ਯੋਜਨਾ ਬਣਾਉਣ ਦਾ ਐਲਾਨ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮਲੋਟ, ਫਾਜ਼ਿਲਕਾ ਅਤੇ ਲੰਬੀ ਦੇ ਮੀਂਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਦਿਆਂ ਫ਼ਸਲਾਂ ਦੇ ਖਰਾਬੇ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਮਾਲਵੇ ਖਿੱਤੇ ’ਚੋਂ ਸੇਮ ਦੀ ਸਮੱਸਿਆ ਹੱਲ ਕਰਨ ਲਈ ਯੋਜਨਾ ਬਣਾਉਣ ਦਾ ਐਲਾਨ ਕੀਤਾ। ਉਨ੍ਹਾਂ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਚੱਪੇ-ਚੱਪੇ ਦੀ ਗਿਰਦਾਵਰੀ ਕਰਨ ਦੀ ਹਦਾਇਤ ਵੀ ਕੀਤੀ। ਫਾਜ਼ਿਲਕਾ ਦੇ ਪਿੰਡ ਮੂਲਿਆਂਵਾਲੀ ਤੋਂ ਇਲਾਵਾ ਸ੍ਰੀ ਮੁਕਤਸਰ ਸਾਹਿਬ ਦੇ ਸੇਮ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਅਧਿਕਾਰੀਆਂ ਨੂੰ ਪੂਰੇ ਸੂਬੇ ਵਿੱਚ ਸੇਮ ਦੀ ਸਮੱਸਿਆ ਦਾ ਹੱਲ ਯਕੀਨੀ ਬਣਾਉਣ ਲਈ ਯੋਜਨਾ ਤਿਆਰ ਕਰਨ ਦੀ ਹਦਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕੋਲ ਕੁਦਰਤੀ ਆਫ਼ਤ ਦੀ ਮਾਰ ਨਾਲ ਨਜਿੱਠਣ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਅਗਲੇ ਸਾਲ ਤੋਂ ਸੂਬੇ ਦੇ ਕਿਸੇ ਵੀ ਹਿੱਸੇ ਵਿੱਚ ਸੇਮ ਦੀ ਸਮੱਸਿਆ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਸਮੱਸਿਆ ਨੂੰ ਕਦੇ ਵੀ ਗੰਭੀਰਤਾ ਨਾਲ ਨਹੀਂ ਲਿਆ, ਜਿਸ ਕਾਰਨ ਹੁਣ ਸਥਿਤੀ ਜ਼ਿਆਦਾ ਵਿਗੜ ਗਈ ਹੈ।
ਉਨ੍ਹਾਂ ਕਿਹਾ ਕਿ ਮੁਫ਼ਤ ਇਲਾਜ ਕਰਵਾਉਣ ਲਈ ਸੁਤੰਤਰਤਾ ਦਿਵਸ ’ਤੇ 75 ‘ਆਮ ਆਦਮੀ ਕਲੀਨਿਕ’ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਸ੍ਰੀ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਝੋਨੇ ਦੀ ਪਰਾਲੀ ਸਾੜਨ ਦੀ ਸਮੱਸਿਆ ਦਾ ਹੱਲ ਲੱਭਣ ਲਈ ਵੀ ਕੋਸ਼ਿਸ਼ਾਂ ਕਰ ਰਹੀ ਹੈ। ਸੂਬਾ ਸਰਕਾਰ ਨੇ ਇਹ ਮੁੱਦਾ ਕੇਂਦਰ ਸਰਕਾਰ ਕੋਲ ਵੀ ਚੁੱਕਿਆ ਹੈ।
ਕੈਨਾਲ ਸਿਸਟਮ ਦਰੁੱਸਤ ਕਰਨ ਲਈ ਡੀਸੀ ਤੋਂ ਰਿਪੋਰਟ ਮੰਗੀ
ਲੰਬੀ: ਪਿੰਡ ਪੰਨੀਵਾਲਾ ਦਾ ਦੌਰਾ ਕਰਦਿਆਂ ਮੁੱਖ ਮੰਤਰੀ ਨੇ ਮੀਹ ਕਰਕੇ ਹੜ੍ਹਾਂ ਵਰਗੇ ਹਾਲਾਤ ਨਾਲ ਨਜਿੱਠਣ ਲਈ ਕੈਨਾਲ ਸਿਸਟਮ ਦਰੁੱਸਤ ਕਰਨ ਲਈ ਡਿਪਟੀ ਕਮਿਸ਼ਨਰ ਤੋਂ ਰਿਪੋਰਟ ਮੰਗੀ ਹੈ। ਸ੍ਰੀ ਮਾਨ ਨੇ ਕਿਹਾ ਕਿ ਦੁੱਖ ਹੁੰਦਾ ਹੈ ਕਿ ਪਿਛਲੀਆਂ ਸਰਕਾਰਾਂ ਨੇ ਅਜਿਹੀਆਂ ਸਮੱਸਿਆਵਾਂ ਲਾਵਾਰਿਸ ਛੱਡੀਆਂ ਹੋਈਆਂ ਸਨ। ਇਸੇ ਕਰਕੇ ਲੋਕਾਂ ਨੇ ਉਨ੍ਹਾਂ ਸਿਆਸਤਦਾਨਾਂ ਨੂੰ ਵੀ ਲਾਵਾਰਿਸ ਕਰ ਦਿੱਤਾ ਹੈ। ਸ੍ਰੀ ਮਾਨ ਨੇ ਕਿਹਾ ਕਿ ਉਹ ਪੰਜਾਬ ਦੇ ਧਰਤੀ ਹੇਠਲੇ ਅਤੇ ਉਪਰਲੇ ਪਾਣੀਆਂ ਨੂੰ ਬਚਾਉਣ ਲਈ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੂੰ ਮਿਲ ਕੇ ਆਏ ਹਨ।
ਮੁੱਖ ਮੰਤਰੀ ਨੂੰ ਮਿਲਣ ਆਏ ਕਿਸਾਨ ਆਗੂਆਂ ਨੂੰ ਰੋਕਿਆ
ਫਾਜ਼ਿਲਕਾ: ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਮੂਲਿਆਂਵਾਲੀ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਿੱਥੇ ਲੋਕਾਂ ਨੂੰ ਸੰਬੋਧਨ ਕੀਤਾ, ਉਥੇ ਹੀ ਕਈ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਮੁੱਖ ਮੰਤਰੀ ਨਾਲ ਮਿਲਣ ਲਈ ਦੋ-ਚਾਰ ਵੀ ਹੋਣਾ ਪਿਆ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਫਾਜ਼ਿਲਕਾ ਪ੍ਰਧਾਨ ਸੁਖਮਿੰਦਰ ਸਿੰਘ ਨੇ ਕਿਹਾ ਕਿ ਜਦੋਂ ਉਹ ਮੁੱਖ ਮੰਤਰੀ ਨੂੰ ਮਿਲਣ ਲਈ ਆ ਰਹੇ ਸਨ ਤਾਂ ਪ੍ਰਸ਼ਾਸਨ ਵੱਲੋਂ ਰਸਤੇ ਵਿੱਚ ਹੀ ਉਨ੍ਹਾਂ ਨੂੰ ਰੋਕ ਲਿਆ ਗਿਆ। ਇਸ ਕਾਰਵਾਈ ਤੋਂ ਭੜਕੇ ਆਗੂਆਂ ਨੇ ਸੂਬਾ ਸਰਕਾਰ ਦੀ ਅਲੋਚਨਾ ਕੀਤੀ। ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਕਿਸਾਨ ਸੈੱਲ ਜ਼ਿਲ੍ਹਾ ਫਾਜ਼ਿਲਕਾ ਦੇ ਪ੍ਰਧਾਨ ਨਰਿੰਦਰਪਾਲ ਸਿੰਘ ਵੈਰੜ ਨੇ ਦੱਸਿਆ ਕਿ ਉਨ੍ਹਾਂ ਅੱਜ ਆਪਣੇ ਪਿੰਡ ਵਿੱਚ ਹੀ ਪਹੁੰਚੇ ਮੁੱਖ ਮੰਤਰੀ ਨੂੰ ਕਿਸਾਨਾਂ ਦੀਆਂ ਮੰਗਾਂ ਸਬੰਧੀ ਇੱਕ ਮੰਗ ਪੱਤਰ ਦੇਣਾ ਸੀ ਅਤੇ ਹਲਕੇ ਦੀਆਂ ਮੁਸ਼ਕਲਾਂ ਸਬੰਧੀ ਜਾਣੂ ਕਰਵਾਉਣਾ ਸੀ ਪਰ ਉਨ੍ਹਾਂ ਨੂੰ ਮੁੱਖ ਮੰਤਰੀ ਨਾਲ ਮਿਲਣ ਦੀ ਬਜਾਏ ਪੁਲੀਸ ਦੇ ਸਖ਼ਤ ਪਹਿਰੇ ਹੇਠ ਪੰਡਾਲ ਤੋਂ ਬਾਹਰ ਬਿਠਾ ਦਿੱਤਾ ਗਿਆ। ਅਖੀਰ ਜੱਦੋ-ਜਹਿਦ ਕਰਨ ਤੋਂ ਬਾਅਦ ਕਿਸਾਨ ਆਗੂਆਂ ਨੇ ਆਪਣੇ ਮੰਗ ਪੱਤਰ ਮੁੱਖ ਮੰਤਰੀ ਨੂੰ ਸੌਂਪੇ।