ਹਰ ਹਲਕੇ ਦੇ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਕਰਾਵਾਂਗੇ: ਮਾਨ
ਬੀਰਬਲ ਰਿਸ਼ੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਗੁਰੂ ਤੇਗ ਬਹਾਦਰ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੇ ਦੂਜੇ ਪੜਾਅ ਦੀ ਹਲਕਾ ਧੂਰੀ ਦੇ ਪਿੰਡ ਬਰੜਵਾਲ ਤੋਂ ਸ਼ੁਰੂਆਤ ਕੀਤੀ। ਉਨ੍ਹਾਂ ਤਿੰਨ ਬੂਥਾਂ ਤੋਂ 120 ਯਾਤਰੀਆਂ ’ਚੋਂ ਪਹਿਲੇ 15 ਨਾਵਾਂ ਦੇ ਡਰਾਅ ਕੱਢੇ। ਸ੍ਰੀ ਮਾਨ ਨੇ ਕਿਹਾ ਕਿ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੇ ਦੂਜੇ ਗੇੜ ਵਿੱਚ ਹਰ ਵਿਧਾਨ ਸਭਾ ਹਲਕੇ ਤੋਂ 16 ਹਜ਼ਾਰ ਸ਼ਰਧਾਲੂਆਂ ਦੀ ਚੋਣ ਕੀਤੀ ਜਾਵੇਗੀ। ਸ਼ਰਧਾਲੂਆਂ ਨੂੰ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ, ਭਗਵਾਨ ਵਾਲਮੀਕਿ ਤੀਰਥ ਸਥਲ, ਜੱਲ੍ਹਿਆਂਵਾਲਾ ਬਾਗ਼ ਸਣੇ ਅੰਮ੍ਰਿਤਸਰ ਦੇ ਹੋਰ ਧਾਰਮਿਕ ਸਥਾਨਾਂ ਦੀ ਯਾਤਰਾ ਕਰਵਾਈ ਜਾਵੇਗੀ। ਸਰਹੱਦੀ ਇਲਾਕੇ ਦੇ ਲੋਕਾਂ ਨੂੰ ਤਖ਼ਤ ਕੇਸਗੜ੍ਹ ਸਾਹਿਬ, ਵਿਰਸਤ-ਏ-ਖ਼ਾਲਸਾ, ਮਾਤਾ ਨੈਣਾ ਦੇਵੀ ਮੰਦਰ ਸਣੇ ਹੋਰ ਪਵਿੱਤਰ ਸਥਾਨਾਂ ਦੇ ਦਰਸ਼ਨ ਕਰਵਾਏ ਜਾਣਗੇ। ਇਸ ਤਿੰਨ ਰੋਜ਼ਾ ਯਾਤਰਾ ਦੇ ਸਾਰੇ ਪ੍ਰਬੰਧ ਪੰਜਾਬ ਸਰਕਾਰ ਦੇ ਹੋਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਹਰ 100 ਰਜਿਸਟਰਡ ਵਿਅਕਤੀਆਂ ’ਚੋਂ ਹਰ ਬੂਥ ਤੋਂ ਡਰਾਅ ਰਾਹੀਂ 40 ਸ਼ਰਧਾਲੂਆਂ ਦੀ ਚੋਣ ਕੀਤੀ ਜਾਵੇਗੀ। ਇਹ ਸਕੀਮ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਤੇ ਫ਼ਲਸਫ਼ੇ ਦੇ ਅਨੁਸਾਰ ਸ਼ੁਰੂ ਕੀਤੀ ਗਈ ਹੈ। ਸ਼ਰਧਾਲੂਆਂ ਨੂੰ ਦੂਜੇ ਸੂਬਿਆਂ ਦੀ ਯਾਤਰਾ ਲਈ ਰੇਲਵੇ ਮੰਤਰਾਲੇ ਨਾਲ ਵੀ ਤਾਲਮੇਲ ਕੀਤਾ ਗਿਆ ਹੈ। ਉਨ੍ਹਾਂ ਸ਼ਰਧਾਲੂਆਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਤੇਗ ਬਹਾਦਰ ਦੇ ਸ਼ਹੀਦੀ ਪੁਰਬ ਸਬੰਧੀ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੋਣ ਵਾਲੇ ਸਮਾਗਮਾਂ ਵਿੱਚ ਸ਼ਾਮਲ ਹੋਣ।
ਇਸ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਤੇ ਬਰਿੰਦਰ ਕੁਮਾਰ ਗੋਇਲ, ‘ਆਪ’ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ, ਦਲਵੀਰ ਸਿੰਘ ਢਿੱਲੋਂ, ਰਾਜਵੰਤ ਸਿੰਘ ਘੁੱਲੀ ਤੇ ਸਤਿੰਦਰ
ਪੰਜਾਬ ਦੀ ਖ਼ੁਸ਼ਹਾਲੀ ਦੀ ਅਰਦਾਸ ਕਰਨ ਸ਼ਰਧਾਲੂ: ਕੇਜਰੀਵਾਲ
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਨੇ ਲੋਕਾਂ ਦੀ ਸੇਵਾ ਲਈ ਸਹੀ ਮਾਅਨਿਆਂ ਵਿੱਚ ਵਿਲੱਖਣ ਉਪਰਾਲਾ ਕੀਤਾ ਹੈ। ਇਸ ਯੋਜਨਾ ਹੇਠ ਤੀਰਥ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਦੀ ਚੋਣ ਡਰਾਅ ਰਾਹੀਂ ਕਰ ਕੇ ਪੂਰਨ ਪਾਰਦਰਸ਼ਤਾ ਅਪਣਾਈ ਗਈ ਹੈ। ਉਨ੍ਹਾਂ ਲੋਕਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਦੌਰਾਨ ਪੰਜਾਬ ਦੀ ਤਰੱਕੀ, ਸ਼ਾਂਤੀ ਅਤੇ ਖੁਸ਼ਹਾਲੀ ਲਈ ਅਰਦਾਸ ਕਰਨ ਦੀ ਅਪੀਲ ਕੀਤੀ। ਸਿੰਘ ਚੱਠਾ ਹਾਜ਼ਰ ਸਨ।
