ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 26 ਫਰਵਰੀ
ਆਮ ਆਦਮੀ ਪਾਰਟੀ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਆਖਿਆ ਦਲਿਤ ਵਿਦਿਆਰਥੀਆਂ ਦੇ ਵਜ਼ੀਫੇ ਦੇ ਮੁੱਦੇ ’ਤੇ ਵਿਰੋਧੀ ਧਿਰ ਬਜਟ ਸੈਸ਼ਨ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਾਧੂ ਸਿੰਘ ਧਰਮਸੋਤ ਤੋਂ ਹਿਸਾਬ ਲਵੇਗੀ। ਉਨ੍ਹਾਂ ਕਿਹਾ ਕਿ ਪੋਸਟ ਮੈਟ੍ਰਿਕ ਵਜ਼ੀਫਾ ਨਾ ਮਿਲਣ ਕਾਰਨ ਪੰਜਾਬ ਦੇ ਦਲਿਤ ਅਤੇ ਗਰੀਬ ਵਿਦਿਆਰਥੀ ਇਕ ਸਾਲ ਤੋਂ ਜ਼ਿਆਦਾ ਸਮੇਂ ਤੋਂ ਕਾਫੀ ਪ੍ਰੇਸ਼ਾਨੀ ਵਿੱਚ ਹਨ। ਦਲਿਤ ਵਿਦਿਆਰਥੀਆਂ ਨੂੰ ਵਜ਼ੀਫਾ ਨਾ ਮਿਲਣ ਕਾਰਨ ਪੰਜਾਬ ਦੇ 50,000 ਤੋਂ ਜ਼ਿਆਦਾ ਦਲਿਤ ਵਿਦਿਆਰਥੀਆਂ ਦੀ ਪੜ੍ਹਾਈ ਖ਼ਤਰੇ ਵਿੱਚ ਪਈ ਹੋਈ ਹੈ। ਸਰਕਾਰ ਨੇ ਘਪਲੇਬਾਜ਼ਾਂ ਖਿਲਾਫ਼ ਕਾਰਵਾਈ ਕਰਨ ਦੀ ਥਾਂ ਕਲੀਨ ਚਿਟ ਦੇ ਦਿੱਤੀ। ਉਨ੍ਹਾਂ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਜਾਰੀ ਨਾ ਹੋਣ ਕਾਰਨ ਸਿਰਫ ਵਿਦਿਆਰਥੀਆਂ ਨੂੰ ਹੀ ਨਹੀਂ ਕਾਲਜਾਂ ਦਾ ਵੀ ਹਾਲ ਖ਼ਰਾਬ ਹੋ ਗਿਆ ਹੈ। ਵਜ਼ੀਫਾ ਫੰਡ ਨਾ ਮਿਲਣ ਕਾਰਨ ਪੰਜਾਬ ਦੇ 1600 ਤੋਂ ਜ਼ਿਆਦਾ ਕਾਲਜਾਂ ਦੀ ਹੋਂਦ ਨੂੰ ਬਰਕਰਾਰ ਰੱਖਣ ਲਈ ਸੰਕਟ ਪੈਦਾ ਹੋ ਗਿਆ ਹੈ। ਆਰਥਿਕ ਮਾਰ ਕਾਰਨ ਕਈ ਕਾਲਜ ਬੰਦ ਹੋਣ ਕਿਨਾਰੇ ਹਨ। ਵਿਰੋਧੀ ਪਾਰਟੀ ਅਤੇ ਮੀਡੀਆ ਦੇ ਦਬਾਅ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੋਸਟ ਮੈਟ੍ਰਿਕ ਵਜ਼ੀਫਾ ਫੰਡ ਦੀ ਵੰਡ ਦੇ ਮੁੱਦੇ ਨੂੰ ਹੱਲ ਕਰਨ ਲਈ ਇਕ ਕਮੇਟੀ ਬਣਾਈ। ਕਮੇਟੀ ਬਣੇ ਹੋਏ ਇਕ ਮਹੀਨਾ ਤੋਂ ਜ਼ਿਆਦਾ ਸਮਾਂ ਬੀਤ ਚੁੱਕਿਆ ਹੈ, ਪ੍ਰੰਤੂ ਅਜੇ ਤੱਕ ਦਲਿਤ ਬੱਚਿਆਂ ਦੇ ਜੀਵਨ ਦੇ ਸੰਕਟ ਨੂੰ ਦੂਰ ਕਰਨ ਲਈ ਕੋਈ ਠੋਸ ਕਦਮ ਨਹੀਂ ਚੁੱਕੇ।