ਨਿੱਜੀ ਪੱਤਰ ਪ੍ਰੇਕਰ
ਫਤਹਿਗੜ੍ਹ ਸਾਹਿਬ, 24 ਜੂਨ
ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਆਖਿਆ ਕਿ ਮਾਲ ਵਿਭਾਗ ‘ਚ ਭ੍ਰਿਸ਼ਟਾਚਾਰ ਮਾਮਲੇ ਦੀ ਜਾਂਚ ਤੋਂ ਬਾਅਦ ਭ੍ਰਿਸ਼ਟ ਅਫ਼ਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਹ ਅੱਜ ਇਥੇ ਬ੍ਰਾਹਮਣ ਸਭਾ ਸਰਹਿੰਦ ਵੱਲੋਂ ਕਰਵਾਏ ਸਮਾਗਮ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਆਖਿਆ ਕਿ ਵਿਜੀਲੈਂਸ ਵੱਲੋਂ ਕੀਤੀ ਜਾਣ ਵਾਲੀ ਪੜਤਾਲ ਦੌਰਾਨ ਜਿਹੜੇ ਅਫਸਰਾਂ ‘ਤੇ ਦੋਸ਼ ਸਾਬਤ ਹੋਣਗੇ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮਾਲ ਅਫ਼ਸਰਾਂ ਦੀ ਜਥੇਬੰਦੀ ਵੱਲੋਂ ਹੜਤਾਲ ਕਰਨ ਦੇ ਐਲਾਨ ਸਬੰਧੀ ਪੁੱਛੇ ਇੱਕ ਸਵਾਲ ਦੇ ਜਵਾਬ ਵਿੱਚ ਸ੍ਰੀ ਜਿੰਪਾ ਨੇ ਆਖਿਆ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਹੈ ਅਤੇ ਇਸ ਸਬੰਧੀ ਯੂਨੀਅਨ ਨਾਲ ਗੱਲਬਾਤ ਵੀ ਜਾਰੀ ਹੈ। ਉਨ੍ਹਾਂ ਕਿਹਾ ਕਿ ਰਜਿਸਟਰੀਆਂ ਲਈ ਐੱਨਓਸੀ ਲੈਣ ਵਿੱਚ ਆ ਰਹੀ ਮੁਸ਼ਕਲ ਨੂੰ ਦੇਖਦੇ ਹੋਏ ਇਸ ਪ੍ਰਕਿਰਿਆ ਨੂੰ ਹੋਰ ਸੁਖਾਲਾ ਬਣਾਇਆ ਜਾਵੇਗਾ ਅਤੇ ਲੋਕਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੋਸ਼ ਲਾਇਆ ਕਿ ਪਿਛਲੀਆਂ ਸਰਕਾਰਾਂ ਨੇ ਗ਼ੈਰਕਾਨੂੰਨੀ ਕਲੋਨੀਆਂ ਕੱਟਣ ਨੂੰ ਖੁੱਲ੍ਹ ਦਿੱਤੀ, ਜਿਸ ਦਾ ਖਮਿਆਜ਼ਾ ਆਮ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ ਤਾਂ ਜੋ ਲੋਕਾਂ ਨੂੰ ਇੱਕ ਚੰਗਾ ਸਿਸਟਮ ਦਿੱਤਾ ਜਾ ਸਕੇ। ਉਨ੍ਹਾਂ ਆਪਣੇ ਅਖਤਿਆਰੀ ਫੰਡ ਵਿੱਚੋਂ ਬ੍ਰਾਹਮਣ ਸਭਾ ਲਈ 6 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਵੀ ਐਲਾਨ ਕੀਤਾ। ਵਿਧਾਇਕ ਲਖਵੀਰ ਸਿੰਘ ਰਾਏ ਨੇ ਪੁਰਾਤਨ ਇਮਾਰਤਾਂ ਸਾਂਭਣ ‘ਤੇ ਜ਼ੋਰ ਦਿੱਤਾ।