ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

‘ਜਿੱਤ ਲਈ ਸਾਮ, ਦਾਮ, ਦੰਡ, ਭੇਦ ਸਭ ਵਰਤਾਂਗੇ’

ਮਨੀਸ਼ ਸਿਸੋਦੀਆਂ ਦੇ ਐਲਾਨ ਮਗਰੋਂ ਵਿਰੋਧੀ ਧਿਰਾਂ ਵੱਲੋਂ ‘ਆਪ’ ਦੀ ਘੇਰਾਬੰਦੀ; ਜਾਖਡ਼ ਨੇ ਚੋਣ ਕਮਿਸ਼ਨ ਨੂੰ ਪੱਤਰ ਭੇਜ ਕੇ ਕਾਰਵਾੲੀ ਮੰਗੀ
Advertisement
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਇੰਚਾਰਜ ਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਪੰਜਾਬ ਵਿਧਾਨ ਸਭਾ ਚੋਣਾਂ-2027 ਸਬੰਧੀ ਟਿੱਪਣੀ ਦੀ ਵੀਡੀਓ ਸਾਹਮਣੇ ਆਉਣ ਮਗਰੋਂ ਸਿਆਸਤ ਗਰਮਾ ਗਈ ਹੈ। ਇਸ ਟਿੱਪਣੀ ਨੂੰ ਲੈ ਕੇ ਭਾਜਪਾ, ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨੇ ‘ਆਪ’ ਦੀ ਘੇਰਾਬੰਦੀ ਕੀਤੀ ਹੈ। ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਭਾਰਤੀ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਮਨੀਸ਼ ਸਿਸੋਦੀਆ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।

ਇਸ ਵੀਡੀਓ ਵਿੱਚ ਮਨੀਸ਼ ਸਿਸੋਦੀਆ 13 ਅਗਸਤ ਨੂੰ ਮੁਹਾਲੀ ਵਿੱਚ ਮਹਿਲਾ ਵਿੰਗ ਵੱਲੋਂ 2027 ਦੀਆਂ ਚੋਣਾਂ ਦੀਆਂ ਤਿਆਰੀਆਂ ਸਬੰਧੀ ਕਰਵਾਈ ਵਰਕਸ਼ਾਪ ਨੂੰ ਸੰਬੋਧਨ ਕਰਦੇ ਨਜ਼ਰ ਆ ਰਹੇ ਹਨ। ਉਹ ਕਹਿ ਰਹੇ ਹਨ, ‘‘ਸਾਲ 2027 ਦੀਆਂ ਚੋਣਾਂ ਜਿੱਤਣ ਲਈ ਸਾਮ, ਦਾਮ, ਦੰਡ, ਭੇਦ, ਸੱਚ-ਝੂਠ, ਕਉਸ਼ਨ-ਅਨਸਰ, ਲੜਾਈ-ਝਗੜਾ ਜੋ ਕਰਨਾ ਪਿਆ ਕਰਾਂਗੇ। ਇਸ ਲਈ ਸਾਰੇ ਤਿਆਰ ਹਨ।’’ ਇਸ ਵਰਕਸ਼ਾਪ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਪਹਿਲੀ ਕਤਾਰ ਵਿੱਚ ਬੈਠੇ ਸਨ ਅਤੇ ਮਹਿਲਾ ਵਿੰਗ ਦੀਆਂ ਵੱਡੀ ਗਿਣਤੀ ਆਗੂ ਮੌਜੂਦ ਸਨ।

Advertisement

ਸੁਨੀਲ ਜਾਖੜ ਨੇ ਇਨ੍ਹਾਂ ਟਿੱਪਣੀਆਂ ਨੂੰ ਲੈ ਕੇ ਭਾਰਤੀ ਚੋਣ ਕਮਿਸ਼ਨ ਨੂੰ ਪੱਤਰ ਲਿਖਿਆ ਹੈ ਅਤੇ ਸਿਸੋਦੀਆਂ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਲਿਖਿਆ ਕਿ ‘ਆਪ’ ਆਗੂ 2027 ਦੀਆਂ ਚੋਣਾਂ ਜਿੱਤਣ ਲਈ ਕਿਸੇ ਵੀ ਹੱਦ ਤੱਕ ਜਾਣ ਦੀਆਂ ਗੱਲਾਂ ਕਰ ਰਹੇ ਹਨ। ਜਾਖੜ ਨੇ ਕਿਹਾ ਕਿ ਮਨੀਸ਼ ਸਿਸੋਦੀਆ ਦਾ ਇਹ ਬਿਆਨ ਪੰਜਾਬ ਵਿੱਚ ਸ਼ਾਂਤੀ, ਵਿਕਾਸ ਤੇ ਖੁਸ਼ਹਾਲੀ ਨੂੰ ਖਤਰੇ ਵਿੱਚ ਪਾਉਣ, ਭ੍ਰਿਸ਼ਟ ਅਭਿਆਸਾਂ ਨੂੰ ਅਪਣਾਉਣ, ਵੋਟਰਾਂ ਨੂੰ ਡਰਾਉਣ, ਵੈਰ-ਵਿਰੋਧ ਫੈਲਾਉਣ ਅਤੇ ਸ਼ਾਂਤੀ ਭੰਗ ਕਰਨ ਦੇ ਖੁੱਲ੍ਹੇ ਇਰਾਦੇ ਦਾ ਸਬੂਤ ਹੈ। ਇਹ ਨਿਰਪੱਖ ਚੋਣਾਂ ਤੇ ਜਮਹੂਰੀ ਅਧਿਕਾਰਾਂ ਦੇ ਸਿਧਾਂਤਾ ਨੂੰ ਕਮਜ਼ੋਰ ਕਰਦਾ ਹੈ। ਪੰਜਾਬ ਭਾਜਪਾ ਪ੍ਰਧਾਨ ਨੇ ਚੋਣ ਕਮਿਸ਼ਨ ਨੂੰ ਇਸ ਮਾਮਲੇ ਦਾ ਫੌਰੀ ਨੋਟਿਸ ਲੈ ਕੇ ਜਾਂਚ ਦੇ ਹੁਕਮ ਦੇਣ, ਸਿਸੋਦੀਆ ਖ਼ਿਲਾਫ਼ ਕੇਸ ਦਰਜ ਕਰਨ ਅਤੇ ਸਿਆਸੀ ਜਾਂ ਜਨਤਕ ਭਾਸ਼ਣ ਦੇਣ ਤੋਂ ਰੋਕੇ ਜਾਣ ਦੀ ਮੰਗ ਕੀਤੀ। ਜਾਖੜ ਨੇ ਕਿਹਾ ਕਿ ਉਨ੍ਹਾਂ ਦਾ ਵਿਵਹਾਰ ਤੇ ਬਿਆਨ ਚੋਣਾਂ ਦੀ ਪਵਿੱਤਰਤਾ, ਸਮਾਜਿਕ ਏਕਤਾ ਅਤੇ ਲੋਕਤੰਤਰੀ ਢਾਂਚੇ ਲਈ ਖਤਰਾ ਹਨ।

ਸੁਖਬੀਰ ਵੱਲੋਂ ਮਨੀਸ਼ ਸਿਸੋਦੀਆ ਦੀ ਜ਼ਮਾਨਤ ਰੱਦ ਕਰਨ ਦੀ ਮੰਗ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੋਣ ਕਮਿਸ਼ਨ ਨੂੰ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਖ਼ਿਲਾਫ਼ ਕਾਰਵਾਈ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਪੰਜਾਬ ’ਚ ਵੱਖ-ਵੱਖ ਭਾਈਚਾਰਿਆਂ ਦਰਮਿਆਨ ਹਿੰਸਾ ਭੜਕਾਉਣ ਦੀ ਕੋਸ਼ਿਸ਼ ਕਰ ਰਹੇ ਹਨ।

ਉਨ੍ਹਾਂ ਭ੍ਰਿਸ਼ਟਾਚਾਰ ਕੇਸ ਵਿੱਚੋਂ ਮਨੀਸ਼ ਸਿਸੋਦੀਆ ਦੀ ਜ਼ਮਾਨਤ ਰੱਦ ਕਰਨ ਅਤੇ ਕੇਸ ਦਰਜ ਕਰਨ ਦੀ ਵੀ ਮੰਗ ਕੀਤੀ। ਉਨ੍ਹਾਂ ਅਪੀਲ ਕੀਤੀ ਕਿ ‘ਆਪ’ ਵੱਲੋਂ ਚੋਣਾਂ ਜਿੱਤਣ ਵਾਸਤੇ ਹਰ ਚੰਗਾ ਮਾੜਾ ਤਰੀਕਾ ਅਪਣਾਉਣ ਦੀ ਦਿੱਤੀ ਧਮਕੀ ਲਈ ਸਿਸੋਦੀਆ ਦੇ ਅਗਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲੜਨ ’ਤੇ ਪਾਬੰਦੀ ਲਾਈ ਜਾਵੇ।

ਪੰਜਾਬ ਨੂੰ ਧੱਕੇ ਨਾਲ ਨਹੀਂ ਦਬਾਇਆ ਜਾ ਸਕਦਾ: ਰਾਜਾ ਵੜਿੰਗ

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ‘ਆਪ’ ਆਗੂ ਮਨੀਸ਼ ਸਿਸੋਦੀਆ ਸੂਬਾਈ ਵਿਧਾਨ ਸਭਾ ਚੋਣਾਂ ਜਿੱਤਣ ਲਈ ਹਰ ਹੱਥਕੰਡਾ ਅਪਣਾਉਣ ਦੀਆਂ ਗੱਲਾਂ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਨੂੰ ਧੱਕੇ ਨਾਲ ਨਹੀਂ ਦਬਾਇਆ ਜਾ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬ ਨਾਲ ਪੰਗਾ ਲੈਣ ਵਾਲਿਆਂ ਨੂੰ ਪੰਜਾਬੀਆਂ ਨੇ ਮੋੜਵਾਂ ਜਵਾਬ ਦਿੱਤਾ ਹੈ। ਪੰਜਾਬ ਵਿੱਚ ਮੁਗਲਾਂ ਨੂੰ ਵੀ ਮੂੰਹ ਦੀ ਖਾਣੀ ਪਈ ਹੈ। ਵੜਿੰਗ ਨੇ ਕਿਹਾ ਕਿ ਪੰਜਾਬ ਨੇ ਧੱਕਾ ਕਰਨ ਵਾਲਿਆਂ ਨੂੰ ਕਦੇ ਵੀ ਬਖ਼ਸ਼ਿਆ ਨਹੀਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ‘ਆਪ’ ਨੂੰ ਵੀ ਅਜਿਹੀ ਸੋਚ ਲਈ ਮੋੜਵਾਂ ਜਵਾਬ ਦੇਣਗੇ।

 

 

Advertisement