ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 31 ਅਗਸਤ
ਪੰਜਾਬ ਸਰਕਾਰ ਨੇ ਅੱਜ ਕੇਂਦਰੀ ਲੀਹਾਂ ’ਤੇ ਚੱਲਦਿਆਂ ਰਾਜ ਦੇ ਸ਼ਹਿਰੀ ਖੇਤਰਾਂ ’ਚ ਹਫ਼ਤਾਵਾਰੀ ਲੌਕਡਾਊਨ ਅਤੇ ਰਾਤਰੀ ਕਰਫ਼ਿਊ ਨੂੰ 30 ਸਤੰਬਰ ਤੱਕ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ। ਪੰਜਾਬ ਦੇ 167 ਮਿਉਂਸਪਲ ਕਸਬਿਆਂ ਵਿਚ ਹਫ਼ਤਾਵਾਰੀ ਲੌਕਡਾਊਨ ਅਤੇ ਸ਼ਹਿਰਾਂ ਵਿਚ ਰਾਤ 7 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਕਰਫਿਊ ਸਤੰਬਰ ਦੇ ਅਖੀਰ ਤੱਕ ਲਾਗੂ ਰਹੇਗਾ। ਰਾਜ ਭਰ ਵਿਚ ਧਾਰਾ 144 ਲਾਗੂ ਰੱਖਣ ਦਾ ਫੈਸਲਾ ਕੀਤਾ ਗਿਆ ਹੈ ਜਦੋਂਕਿ ਵਿਆਹ ਅਤੇ ਅੰਤਿਮ ਸੰਸਕਾਰ ਸਬੰਧੀ ਇਕੱਠਾਂ ਵਿੱਚ ਕ੍ਰਮਵਾਰ 30 ਅਤੇ 20 ਵਿਅਕਤੀ ਹੀ ਜਾ ਸਕਣਗੇ। ਮਿਉਂਸਪਲ ਖੇਤਰਾਂ ਵਿੱਚ ਸ਼ਨਿਚਰਵਾਰ ਅਤੇ ਐਤਵਾਰ ਨੂੰ ਮੁਕੰਮਲ ਕਰਫਿਊ ਰਹੇਗਾ ਜਦਕਿ ਵਿਅਕਤੀਆਂ ਦੀ ਪੰਜਾਬ ਦੇ ਸਾਰੇ ਸ਼ਹਿਰਾਂ ਦੀਆਂ ਮਿਉਂਸਪਲ ਹੱਦਾਂ ਵਿੱਚ ਪੂਰੇ ਹਫ਼ਤੇ ਦੌਰਾਨ ਸ਼ਾਮ 7 ਵਜੇ ਤੋਂ ਸਵੇਰੇ 5 ਵਜੇ ਤੱਕ ਸਾਰੇ ਗੈਰਜ਼ਰੂਰੀ ਕੰਮਾਂ ਲਈ ਆਵਾਜਾਈ ਦੀ ਪਾਬੰਦੀ ਕਾਇਮ ਰਹੇਗੀ। ਇਨ੍ਹਾਂ ਪਾਬੰਦੀਆਂ ਤੋਂ ਲੋਕ ਸੇਵਾ ਕਮਿਸ਼ਨਾਂ, ਬੋਰਡਾਂ, ਯੂਨੀਵਰਸਿਟੀਆਂ ਦੁਆਰਾ ਲਈਆਂ ਜਾਣ ਵਾਲੀਆਂ ਪ੍ਰਵੇਸ਼ ਅਤੇ ਹੋਰ ਸਭ ਕਿਸਮ ਦੀਆਂ ਪ੍ਰੀਖਿਆਵਾਂ ਦੇ ਸਬੰਧ ਵਿੱਚ ਵਿਦਿਆਰਥੀਆਂ ਅਤੇ ਹੋਰਨਾਂ ਨੂੰ ਬਾਹਰ ਰੱਖਿਆ ਗਿਆ ਹੈ। ਧਾਰਮਿਕ ਸਥਾਨਾਂ ਨੂੰ ਸਾਰੇ ਦਿਨ ਸ਼ਾਮ 6.30 ਵਜੇ ਤੱਕ ਖੁੱਲ੍ਹੇ ਰੱਖਣ ਦੀ ਇਜਾਜ਼ਤ ਹੋਵੇਗੀ। ਰੈਸਟੋਰੈਂਟ (ਮਾਲਜ਼ ਵਾਲਿਆਂ ਸਮੇਤ) ਅਤੇ ਸ਼ਰਾਬ ਦੇ ਠੇਕੇ ਖੁੱਲ੍ਹਣਗੇ। ਦਿਨ/ਰਾਤ ਦੀਆਂ ਬੰਦਿਸ਼ਾਂ ਹੋਟਲਾਂ ’ਤੇ ਲਾਗੂ ਨਹੀਂ ਹੋਣਗੀਆਂ। ਬੰਦਿਸ਼ਾਂ ਦੀਆਂ ਹਾਲਤਾਂ ਦੌਰਾਨ ਵੀ ਕੌਮੀ ਤੇ ਸੂਬਾਈ ਮਾਰਗਾਂ ਉਤੇ ਅੰਤਰ-ਰਾਜ ਤੇ ਰਾਜ ਦੇ ਅੰਦਰ ਲੋਕਾਂ ਦੇ ਆਉਣ ਜਾਣ, ਜ਼ਰੂਰੀ ਵਸਤਾਂ ਤੇ ਸੇਵਾਵਾਂ ਨਾਲ ਸਬੰਧਤ ਗਤੀਵਿਧੀਆਂ, ਬੱਸ, ਰੇਲ ਗੱਡੀਆਂ ਤੇ ਹਵਾਈ ਜਹਾਜ਼ਾਂ ਰਾਹੀਂ ਆਪਣੀ ਮੰਜ਼ਿਲ ’ਤੇ ਜਾਣ ਵਾਲੇ ਲੋਕਾਂ ਅਤੇ ਮਾਲ ਉਤਾਰਨ ਤੇ ਲਿਜਾਣ ਲਈ ਆਗਿਆ ਹੋਵੇਗੀ। ਜ਼ਰੂਰੀ ਸੇਵਾਵਾਂ ਵਿੱਚ ਸਿਹਤ, ਖੇਤੀਬਾੜੀ ਤੇ ਇਸ ਨਾਲ ਸਬੰਧਤ ਗਤੀਵਿਧੀਆਂ, ਡੇਅਰੀ ਤੇ ਮੱਛੀ ਪਾਲਣ ਗਤੀਵਿਧੀਆਂ, ਬੈਂਕ, ਏ.ਟੀ.ਐਮਜ਼, ਸ਼ੇਅਰ ਬਜ਼ਾਰ, ਬੀਮਾ ਕੰਪਨੀਆਂ, ਆਨਲਾਈਨ ਟੀਚਿੰਗ, ਜਨਤਕ ਸਹੂਲਤਾਂ, ਜਨਤਕ ਟਰਾਂਸਪੋਰਟ, ਮਲਟੀਪਲ ਸ਼ਿਫਟਾਂ ਵਿੱਚ ਉਦਯੋਗ, ਕਿਰਤ ਉਦਯੋਗ, ਸਰਕਾਰੀ ਤੇ ਪ੍ਰਾਈਵੇਟ ਦਫ਼ਤਰ ਆਦਿ ਸ਼ਾਮਲ ਹਨ। ਜ਼ਰੂਰੀ ਵਸਤਾਂ ਨਾਲ ਸਬੰਧ ਰੱਖਣ ਵਾਲਿਆਂ ਨੂੰ ਛੱਡ ਕੇ ਦੁਕਾਨਾਂ/ਮਾਲਜ਼ ਨੂੰ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸ਼ਾਮ 6.30 ਵਜੇ ਤੱਕ ਖੋਲ੍ਹਣ ਦੀ ਇਜਾਜ਼ਤ ਹੋਵੇਗੀ ਪਰ ਸ਼ਨਿਚਰਵਾਰ ਤੇ ਐਤਵਾਰ ਨੂੰ ਸਾਰੇ ਸ਼ਹਿਰਾਂ ਵਿੱਚ ਇਹ ਬੰਦ ਰਹਿਣਗੇ।