ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 21 ਅਗਸਤ
ਪੰਜਾਬ ਸਰਕਾਰ ਵੱਲੋਂ ਲਾਅ ਅਫਸਰਾਂ ਦੀਆਂ ਅਸਾਮੀਆਂ ’ਚ ਰਾਖਵਾਂਕਰਨ ਦੇ ਫ਼ੈਸਲੇ ਦਾ ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਨੇ ਸਵਾਗਤ ਕੀਤਾ ਹੈ। ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਨੇ ਐਡਵੋਕੇਟ ਜਨਰਲ ਪੰਜਾਬ, ਚੰਡੀਗੜ੍ਹ ਦਫ਼ਤਰ ਅਤੇ ਲੀਗਲ ਸੈੱਲ, ਨਵੀਂ ਦਿੱਲੀ ਲਈ ਲਾਅ ਅਫਸਰਾਂ ਦੀਆਂ ਅਸਾਮੀਆਂ ਵਿਚ ਰਾਖਵਾਂਕਰਨ ਕੀਤਾ ਹੈ ਜੋ ਪਹਿਲਾਂ ਨਹੀਂ ਹੁੰਦਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਨੇ ਸੂਬੇ ਦੇ ਲੀਗਲ ਸੈੱਲ ਵਿੱਚ ਵੱਖੋ ਵੱਖ ਅਸਾਮੀਆਂ ਦੇ 58 ਲਾਅ ਅਫਸਰਾਂ ਦੀ ਭਰਤੀ ਲਈ ਅਨੁਸੂਚਿਤ ਜਾਤੀ ਦੇ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ ਹਨ। ਇਸ ਫ਼ੈਸਲੇ ਨਾਲ ਅਨੁਸੂਚਿਤ ਜਾਤੀਆਂ ਵਿੱਚ ਸਰਕਾਰ ਪ੍ਰਤੀ ਭਰੋਸੇਯੋਗਤਾ ਅਤੇ ਸਬੰਧਤ ਵਰਗਾਂ ਵਿਚ ਖੁਸ਼ੀ ਦਾ ਮਾਹੌਲ ਪੈਦਾ ਹੋਇਆ ਹੈ।