ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 21 ਜੁਲਾਈ
ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਵਜ਼ੀਫ਼ਾ ਘੁਟਾਲੇ ਦੀ ਪੰਜਾਬ ਸਰਕਾਰ ਤੋਂ ਰਿਪੋਰਟ ਤਲਬ ਕਰਨ ਦੇ ਫੈਸਲੇ ਦਾ ਸੁਆਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਨੇ ਪੰਜਾਬ ’ਚ ਵਜ਼ੀਫ਼ਾ ਘੁਟਾਲੇ ਨੂੰ ਪ੍ਰਮੁੱਖਤਾ ਨਾਲ ਉਜਾਗਰ ਕੀਤਾ ਸੀ, ਕੇਂਦਰ ਸਰਕਾਰ ਨੇ ਵੀ ਇਸ ਉਤੇ ਗੰਭੀਰ ਨੋਟਿਸ ਲਿਆ ਸੀ ਪਰ ਪੰਜਾਬ ਸਰਕਾਰ ਨੇ ਇਸ ਘਪਲੇ ਨੂੰ ਦਬਾਉਣ ਦੀ ਹਰ ਸੰਭਵ ਕੋਸ਼ਿਸ਼ ਕੀਤੀ।
ਇਸ ਨਾਲ ਅਨੁਸੂਚਿਤ ਜਾਤੀ ਵਰਗ ਵਿੱਚ ਨਿਰਾਸ਼ਾ ਪੈਦਾ ਹੋਈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਤੋਂ ਰਾਜਪਾਲ ਅਤੇ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਵਲੋਂ ਰਿਪੋਰਟ ਤਲਬ ਕਰਨ ਦਾ ਜੋ ਫ਼ੈਸਲਾ ਲਿਆ ਗਿਆ ਹੈ ਉਸ ਨਾਲ ਆਸ ਬੱਝੀ ਹੈ।